ਮਾਨਸਾ: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨੱਕਈ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਲੀ ਪੱਗ ਬੰਨ੍ਹ ਕੇ ਅਤੇ ਕਾਲਾ ਪਰਨਾ ਪਾ ਕੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਜਗਦੀਪ ਸਿੰਘ ਨੱਕਈ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਕਾਲੀ ਪੱਗ ਅਤੇ ਕਾਲਾ ਪਰਨਾ ਨਹੀਂ ਉਤਾਰਨਗੇ। ਉਨ੍ਹਾਂ ਕਿਹਾ ਕਿ ਇਹ ਕਾਲੀ ਪੱਗ ਸਿਰਫ਼ ਵਿਰੋਧ ਦਾ ਪ੍ਰਤੀਕ ਨਹੀਂ, ਸਗੋਂ ਇਨਸਾਫ਼ ਦੀ ਮੰਗ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇੱਕ ਗੰਭੀਰ ਮੁੱਦੇ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਹੈ।
ਨੱਕਈ ਨੇ ਕਿਹਾ ਕਿ ਭਾਜਪਾ ਵਰਕਰਾਂ ਨੇ ਵੀ ਕਾਲੀਆਂ ਪੱਗਾਂ ਅਤੇ ਪਰਨੇ ਬੰਨ੍ਹ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਅਤੇ ਇਨਸਾਫ਼ ਦੀ ਮੰਗ ਨੂੰ ਗੰਭੀਰਤਾ ਨਾਲ ਨਹੀਂ ਸੁਣਦੀ, ਤਾਂ ਲੋਕਤੰਤਰੀ ਤਰੀਕੇ ਨਾਲ ਵਿਰੋਧ ਜਾਰੀ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਝੋਟਾ ਨੂੰ ਇਨਸਾਫ਼ ਮਿਲਣ ਤੋਂ ਬਾਅਦ ਹੀ ਉਹ ਇਹ ਕਾਲੀਆਂ ਪੱਗਾਂ ਅਤੇ ਪਰਨੇ ਉਤਾਰਨਗੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧਿਆਨ ਵਿਚ ਮਾਮਲਾ ਲਿਆਂਦਾ
ਜਗਦੀਪ ਸਿੰਘ ਨੱਕਈ ਨੇ ਦੱਸਿਆ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਇਸ ਮਾਮਲੇ ਸਬੰਧੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ, ਮਾਮਲੇ ਦੀ ਜਾਣਕਾਰੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧਿਆਨ ਵਿੱਚ ਵੀ ਲਿਆਂਦੀ ਗਈ ਹੈ। ਨੱਕਈ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਉਨ੍ਹਾਂ ਦਾ ਛੋਟਾ ਵੀਰ ਸੀ। ਉਹ ਨਸ਼ਿਆਂ ਵਿਰੁੱਧ ਆਵਾਜ਼ ਉਠਾ ਕੇ ਪੰਜਾਬ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਸੀ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ ਇਨਸਾਫ਼ ਲਈ ਜੋ ਵੀ ਜਾਇਜ਼ ਮੰਗਾਂ ਰੱਖੀਆਂ ਜਾਣਗੀਆਂ, ਭਾਜਪਾ ਉਨ੍ਹਾਂ ਨੂੰ ਪੂਰਾ ਸਮਰਥਨ ਦੇਵੇਗੀ।
ਉਨ੍ਹਾਂ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਿਹਾ ਸੀ ਅਤੇ ਉਸ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਗੰਭੀਰਤਾ ਨਾਲ ਲੈਂਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਕੇਵਲ ਸਿੰਘ ਢਿੱਲੋਂ ਦੇ ਸੱਦੇ ’ਤੇ ਕਾਲੀਆਂ ਪੱਗਾਂ ਬੰਨ੍ਹਣ ਦੀ ਅਪੀਲ
ਜ਼ਿਕਰਯੋਗ ਹੈ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀਤੇ ਦਿਨੀਂ ਮਾਨਸਾ ਵਿਖੇ ਧਰਨੇ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਪਰਨੇ ਬੰਨ੍ਹ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾਵੇ।
ਇਸ ਸੱਦੇ ਤਹਿਤ ਜਗਦੀਪ ਸਿੰਘ ਨੱਕਈ ਵੱਲੋਂ ਭਾਜਪਾ ਵਰਕਰਾਂ ਨੂੰ ਕਾਲੀਆਂ ਪੱਗਾਂ ਅਤੇ ਪਰਨੇ ਵੰਡ ਕੇ ਇਸ ਮੁਹਿੰਮ ਨੂੰ ਅੱਗੇ ਵਧਾਉਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਪੰਜਾਬ ਦੇ ਨੌਜਵਾਨਾਂ ਦੇ ਸੁਰੱਖਿਅਤ ਭਵਿੱਖ ਨਾਲ ਜੋੜ ਕੇ ਦੇਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਾ ਤਸਕਰੀ ’ਤੇ ਰੋਕ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਨਿਆਂ ਯਕੀਨੀ ਬਣਾਉਣਾ ਸਿਰਫ਼ ਇੱਕ ਪਰਿਵਾਰ ਦੀ ਮੰਗ ਨਹੀਂ, ਸਗੋਂ ਪੰਜਾਬ ਵਿੱਚ ਕਾਨੂੰਨ ਦੇ ਰਾਜ ਅਤੇ ਨਸ਼ਿਆਂ ਵਿਰੁੱਧ ਲੜਾਈ ਪ੍ਰਤੀ ਲੋਕਾਂ ਦੇ ਭਰੋਸੇ ਨਾਲ ਜੁੜਿਆ ਮਸਲਾ ਹੈ।
ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
NEXT STORY