ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਆਮ ਆਦਮੀ ਦੇ ਮਸੀਹਾ ਵਜੋਂ ਅਕਸ ਨੂੰ ਉਸ ਵੇਲੇ ਹੋਰ ਹੁਲਾਰਾ ਮਿਲਿਆ ਜਦੋਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵੀ ਉਨ੍ਹਾਂ ਦੀ ਹਰਮਨ ਪਿਆਰਤਾ ਨੂੰ ਸਵੀਕਾਰ ਕੀਤਾ। ਮੁੱਖ ਮੰਤਰੀ ਨੇ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਇਕ ਮੁੱਖ ਮੰਤਰੀ ਨੇ ਉਨ੍ਹਾਂ ਦੀ ਆਮ ਲੋਕਾਂ ਦਾ ਮੁੱਖ ਮੰਤਰੀ ਹੋਣ ਦੀ ਸਾਖ ਦਾ ਮਜ਼ਾਕ ਉਡਾਇਆ ਹੈ ਅਤੇ ਸਵਾਲ ਵੀ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਰੋਧੀ ਧਿਰ ’ਚੋਂ ਕੋਈ ਇਹ ਸਮਝਦਾ ਹੈ ਕਿ ਉਹ (ਚੰਨੀ) ‘ਆਮ ਆਦਮੀ’ ਹਨ ਤਾਂ ਉਨ੍ਹਾਂ ਨੂੰ ਖੁੱਲ੍ਹ ਕੇ ਕਹਿਣਾ ਚਾਹੀਦਾ ਹੈ। ਇਸ ’ਤੇ ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਖੜ੍ਹੇ ਹੋ ਕੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਨੂੰ ਸਹੀ ਮਾਇਨਿਆਂ ’ਚ ਆਮ ਆਦਮੀ ਮੰਨਦੇ ਹਨ। ਇਸ ਉਪਰੰਤ ‘ਆਪ’ ਦੇ ਇਕ ਹੋਰ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਖਾਸ ਕਰਕੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਰਾਂਸਪੋਰਟ ਮਾਫੀਆ ’ਤੇ ਸ਼ਿਕੰਜਾ ਕੱਸਣ ਅਤੇ ਇਸ ਨੂੰ ਖਤਮ ਕਰਨ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : ਵਿਵਾਦਾਂ ਨਾਲ ਪੁਰਾਣਾ ਨਾਤਾ ਹੈ ਸੁਖਪਾਲ ਖਹਿਰਾ ਦਾ
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਅੰਦਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਜਪਾ ਕਦੇ ਵੀ ਪੰਜਾਬ 'ਚ ਐਂਟਰੀ ਨਹੀਂ ਕਰ ਸਕਦੀ ਸੀ, ਜੇਕਰ ਅਕਾਲੀ ਦਲ ਉਨ੍ਹਾਂ ਦਾ ਸਾਥ ਨਾ ਦਿੰਦਾ। ਉਨ੍ਹਾਂ ਨੇ ਕਿਹਾ ਕਿ ਆਰ. ਐੱਸ. ਐੱਸ. ਨੂੰ ਅਕਾਲੀ ਦਲ ਨੇ ਪੰਜਾਬ 'ਚ ਦਾਖ਼ਲ ਕਰਵਾਇਆ ਹੈ। ਇਸ ਤੋਂ ਪਹਿਲਾਂ ਆਰ. ਐੱਸ. ਐੱਸ. ਦੀ ਕੋਈ ਗੱਲ ਪੰਜਾਬ 'ਚ ਨਹੀਂ ਸੀ। ਮੁੱਖ ਮੰਤਰੀ ਚੰਨੀ ਨੇ ਵੱਡਾ ਤੰਜ ਕੱਸਦਿਆਂ ਕਿਹਾ ਕਿ ਜਦੋਂ ਭਾਜਪਾ ਅਤੇ ਅਕਾਲੀ ਦਲ ਦੀ ਸਰਕਾਰ ਨੇ ਜੰਮੂ 'ਚ ਧਾਰਾ ਤੋੜ ਕੇ ਸੂਬੇ ਦਾ ਦਰਜਾ ਖ਼ਤਮ ਕਰ ਦਿੱਤਾ ਤਾਂ ਉਸ ਵੇਲੇ ਸੁਖਬੀਰ ਬਾਦਲ ਕਿੱਥੇ ਸਨ? ਉਨ੍ਹਾਂ ਕਿਹਾ ਕਿ ਜਦੋਂ ਪਾਰਲੀਮੈਂਟ 'ਚ ਸੂਬਿਆਂ ਦੇ ਅਧਿਕਾਰ ਖੋਹੇ ਜਾ ਰਹੇ ਸੀ ਤਾਂ ਉਦੋਂ ਸੁਖਬੀਰ ਬਾਦਲ ਅਤੇ ਚੰਦੂਮਾਜਰਾ ਸਾਹਿਬ ਕਿੱਥੇ ਸਨ ਅਤੇ ਕਦੇ ਵੀ ਅੰਦਰ ਇਹ ਗੱਲ ਨਹੀਂ ਕਹੀ ਗਈ ਕਿ ਇਹ ਸਭ ਕੁੱਝ ਗਲਤ ਹੋ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਭ ਲਈ ਅਕਾਲੀ ਦਲ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਤੋੜਨ ਵਾਸਤੇ ਅਤੇ ਆਰ. ਐੱਸ. ਐੱਸ. ਦਾ ਕਬਜ਼ਾ ਕਰਾਉਣ ਵਾਸਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਭਾਜਪਾ ਦਾ ਪੱਕਾ ਭਾਈਵਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਗੱਦਾਰ ਪਾਰਟੀ ਹੈ ਅਤੇ ਹਮੇਸ਼ਾ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਬਿਜਲੀ ਖਰੀਦ ਸਮਝੌਤਿਆਂ ਸਮੇਤ ਭ੍ਰਿਸ਼ਟਾਚਾਰ ਦੇ ਸਮੂਹ ਮਾਮਲਿਆਂ ਦੀ ਵਿਜੀਲੈਂਸ ਜਾਂਚ ਦਾ ਐਲਾਨ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਦੀਵਾਲੀ ਬੰਪਰ ਨੇ ਰੁਸ਼ਨਾਈ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਦੀ ਕਿਸਮਤ, ਬਣ ਗਿਆ ਕਰੋੜਪਤੀ
NEXT STORY