ਪਟਿਆਲਾ/ਚੰਡੀਗੜ੍ਹ (ਜੋਸਨ, ਅੰਕੁਰ)- ਖਨੌਰੀ ਬਾਰਡਰ ’ਤੇ ਐੱਮ.ਐੱਸ.ਪੀ. ਸਮੇਤ 12 ਮੰਗਾਂ ਨੂੰ ਮੰਨਵਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚੇ ਵਲੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 54ਵੇਂ ਦਿਨ ਵਿਚ ਪਹੁੰਚ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ।
ਡੱਲੇਵਾਲ ਦੀ ਨਾਜ਼ੁਕ ਹਾਲਤ ਦੀ ਰਿਪੋਰਟ ਕੇਂਦਰ ਤਕ ਪਹੁੰਚ ਗਈ ਹੈ, ਜਿਸ ਕਾਰਨ ਸ਼ਨੀਵਾਰ ਨੂੰ ਭਾਰਤ ਦੇ ਖੇਤੀਬਾੜੀ ਮੰਤਰਾਲਾ ਦੇ ਸੰਯੁਕਤ ਸਕੱਤਰ ਪ੍ਰਿਆ ਰੰਜਨ ਆਈ.ਐੱਫ.ਐੱਸ. ਆਪਣੀ ਟੀਮ ਸਮੇਤ ਡੱਲੇਵਾਲ ਨੂੰ ਮਨਾਉਣ ਲਈ ਪਹੁੰਚੇ। ਉਨ੍ਹਾਂ ਨਾਲ ਪਟਿਆਲਾ ਦੇ ਸੀਨੀਅਰ ਪੁਲਸ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਖ਼ਤਮ, ਖਨੌਰੀ ਤੋਂ ਹੋ ਗਿਆ ਵੱਡਾ ਐਲਾਨ
ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਆ ਰੰਜਨ ਨੇ ਉਨ੍ਹਾਂ ਨੂੰ ਡਾਕਟਰੀ ਇਲਾਜ ਕਰਵਾਉਣ ਲਈ ਕਿਹਾ ਅਤੇ ਕੇਂਦਰ ਵਲੋਂ ਕਿਸਾਨਾਂ ਨੂੰ 14 ਫਰਵਰੀ ਨੂੰ ਮੀਟਿੰਗ ਲਈ ਸੱਦਾ ਵੀ ਦਿੱਤਾ। ਯੂਨੀਅਨ ਸਕੱਤਰ ਅਤੇ ਕਿਸਾਨਾਂ ਦੀ ਅਪੀਲ ਤੋਂ ਬਾਅਦ ਡੱਲੇਵਾਲ ਡਾਕਟਰੀ ਇਲਾਜ ਕਰਵਾਉਣ ਲਈ ਸਹਿਮਤ ਹੋ ਗਏ ਹਨ ਤੇ ਦੇਰ ਰਾਤ ਉਨ੍ਹਾਂ ਨੂੰ ਮੈਡੀਕਲ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ ਗਈ ਤੇ ਉਨ੍ਹਾਂ ਨੂੰ ਗਲੁਕੋਜ਼ ਦੀ ਡ੍ਰਿਪ ਲਗਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਮਰਨ ਵਰਤ ’ਤੇ ਬੈਠੇ 121 ਕਿਸਾਨਾਂ ਦੇ ਮਰਨ ਵਰਤ ਨੂੰ ਖ਼ਤਮ ਕਰਨ ਲਈ 19 ਜਨਵਰੀ ਨੂੰ ਸਵੇਰੇ 10 ਵਜੇ ਇਕ ਮੀਟਿੰਗ ਰੱਖੀ ਗਈ ਹੈ। ਇਸ ਮੌਕੇ ਏ.ਡੀ.ਜੀ.ਪੀ. ਇੰਟੈਲੀਜੈਂਸ ਜਸਕਰਨ ਸਿੰਘ, ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਨਰਿੰਦਰ ਭਾਰਗਵ, ਐੱਸ. ਐੱਸ. ਪੀ. ਡਾ. ਨਾਨਕ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰਾਲੇ ਨਾਲ ਮੁਲਾਕਾਤ ਮਗਰੋਂਂ ਕਿਸਾਨ ਆਗੂਆਂ ਨੇ ਡੱਲੇਵਾਲ ਅਪੀਲ ਕੀਤੀ ਸੀ ਕਿ ਉਹ ਆਪਣੀ ਸਿਹਤ ਨੂੰ ਧਿਆਨ 'ਚ ਰੱਖ ਕੇ ਮੈਡੀਕਲ ਟ੍ਰੀਟਮੈਂਟ ਲੈਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਡੱਲੇਵਾਲ ਨੇ ਇਹ ਅਪੀਲ ਨਾ ਮੰਨੀ ਤਾਂ ਸਭ ਕਿਸਾਨ ਰੋਟੀ-ਪਾਣੀ ਛੱਡ ਉਨ੍ਹਾਂ ਦੀ ਟਰਾਲੀ ਦੁਆਲੇ ਬੈਠ ਜਾਣਗੇ ਤੇ ਉਨ੍ਹਾਂ ਵਾਂਗ ਹੀ ਮਰਨ ਵਰਤ 'ਤੇ ਬੈਠ ਜਾਣਗੇ। ਹਾਲਾਂਕਿ ਉਨ੍ਹਾਂ ਦੀ ਗੱਲ ਮੰਨਦਿਆਂ ਡੱਲੇਵਾਲ ਨੇ ਇਹ ਵੀ ਕਿਹਾ ਹੈ ਕਿ ਉਹ ਮੈਡੀਕਲ ਸਹਾਇਤਾ ਤਾਂ ਲੈ ਲੈਣਗੇ, ਪਰ ਉਹ ਆਪਣਾ ਮਰਨ ਵਰਤ ਇੰਝ ਹੀ ਜਾਰੀ ਰੱਖਣਗੇ ਤੇ ਅੰਨ ਦਾ ਇਕ ਦਾਣਾ ਵੀ ਨਹੀਂ ਖਾਣਗੇ।
ਦੱਸ ਦੇਈਏ ਕਿ ਅੱਜ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਜੁਆਇੰਟ ਸਕੱਤਰ ਪ੍ਰਿਆ ਰੰਜਨ ਦੇ ਨਾਲ ਪੰਜਾਬ ਪੁਲਸ ਦੇ ਸਾਬਕਾ ਡੀ.ਆਈ.ਜੀ. ਨਰੇਂਦਰ ਭਾਰਗਵ ਤੇ ਸਾਬਕਾ ਏ.ਡੀ.ਜੀ.ਪੀ. ਜਸਕਰਨ ਸਿੰਘ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਖਨੌਰੀ ਬਾਰਡਰ ਪੁੱਜੇ। ਇਸ ਮਗਰੋਂ ਉਨ੍ਹਾਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ, ਜਿਸ ਮਗਰੋਂ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਦੌਰ ਸ਼ੁਰੂ ਕਰਨ 'ਤੇ ਸਹਿਮਤੀ ਬਣ ਗਈ ਹੈ ਤੇ ਇਸ ਬਾਰੇ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਮੀਟਿੰਗ ਹੋਵੇਗੀ। ਇਹ ਮੀਟਿੰਗ ਕੇਂਦਰੀ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਵਿਚਾਲੇ ਹੋਵੇਗੀ।
ਇਹ ਵੀ ਪੜ੍ਹੋ- ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਖ਼ਤਮ, ਖਨੌਰੀ ਤੋਂ ਹੋ ਗਿਆ ਵੱਡਾ ਐਲਾਨ
NEXT STORY