ਜਲੰਧਰ (ਕਸ਼ਿਸ਼): ਪੰਜਾਬ ਦੇ ਉਦਯੋਗਿਕ ਸ਼ਹਿਰ ਜਲੰਧਰ ਵਿੱਚ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲਾ ਸ਼ਹਿਰ ਦੇ ਡਿਵੀਜ਼ਨ ਨੰਬਰ 4 ਖੇਤਰ ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਚੋਰਾਂ ਨੇ ਇੱਕ ਦੁਕਾਨ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਅਨੁਸਾਰ, ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਇਲਾਕੇ ਦੇ ਲੋਕਾਂ ਨੇ ਦੁਕਾਨ ਨੇੜੇ ਕੁਝ ਸ਼ੱਕੀ ਹਰਕਤਾਂ ਹੁੰਦੀਆਂ ਦੇਖੀਆਂ। ਲੋਕਾਂ ਨੇ ਤੁਰੰਤ ਸ਼ੋਰ ਮਚਾਇਆ ਅਤੇ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜਲੰਧਰ ਦੀ ਸੁਰੱਖਿਆ ਹੁਣ "ਭਗਵਾਨ ਭਰੋਸੇ" ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਹਿਰ ਵਿੱਚ ਆਏ ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਧ ਰਹੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਇਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।
ਸਥਾਨਕ ਲੋਕਾਂ ਨੇ ਪੁਲਸ ਦੀ ਕਾਰਜਪ੍ਰਣਾਲੀ 'ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਰਾਤ ਦੇ ਸਮੇਂ ਪੁਲਸ ਮੁਲਾਜ਼ਮ ਸੜਕਾਂ 'ਤੇ ਟ੍ਰੈਫਿਕ ਚਲਾਨ ਕੱਟਣ ਵਿੱਚ ਤਾਂ ਬਹੁਤ ਸਰਗਰਮ ਦਿਖਾਈ ਦਿੰਦੇ ਹਨ, ਪਰ ਚੋਰੀ ਅਤੇ ਲੁੱਟ-ਖੋਹ ਵਰਗੀਆਂ ਗੰਭੀਰ ਵਾਰਦਾਤਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਹਨ। ਲੋਕਾਂ ਅਨੁਸਾਰ ਹੁਣ ਉਹ ਆਪਣੇ ਪੱਧਰ 'ਤੇ ਸੁਰੱਖਿਆ ਪ੍ਰਬੰਧ ਕਰਨ ਲਈ ਮਜਬੂਰ ਹਨ।
ਪੁਲਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
7 ਕਰੋੜ ਦੀ ਠੱਗੀ ਦਾ ਮਾਮਲਾ: ਕਾਰੋਬਾਰੀ ਨੂੰ ਡਿਜੀਟਲ ਅਰੈਸਟ ਦਾ ਡਰ ਦਿਖਾ ਕੇ ਲੁੱਟਣ ਵਾਲਾ ਮੁਲਜ਼ਮ ਯੂ.ਪੀ. ਤੋਂ ਕਾਬੂ
NEXT STORY