ਜਲੰਧਰ, (ਖੁਰਾਣਾ)- ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦਾ ਇਕ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ ਕਿ ਜਲੰਧਰ ਤੋਂ ਕਪੂਰਥਲਾ ਜਾਣ ਵਾਲੀ ਸੜਕ ਦਾ ਕੰਮ ਦੀਵਾਲੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਅੱਜ ਇਥੇ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਨੂੰ ਸ਼ੁਰੂ ਕਰਵਾਉਣ ਉਪਰੰਤ ਲੋਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਤੇ ਡੀ. ਸੀ. ਨੇ ਕਿਹਾ ਕਿ ਇਹ ਦਿਹਾੜਾ ਜਲੰਧਰ ਵਾਸੀਆਂ ਲਈ ਇਕ ਇਤਿਹਾਸਕ ਦਿਹਾੜਾ ਹੈ ਕਿਉਂਕਿ ਇਸ ਸੜਕ ਦੇ ਬਣਨ ਨਾਲ ਪਿਛਲੇ ਤਿੰਨ ਸਾਲਾਂ ਤੋਂ ਮੁਸ਼ਕਿਲਾਂ ਝੱਲ ਰਹੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਕਿਉਂਕਿ ਇਹ ਰਸਤਾ ਪੰਜਾਬ ਦੇ ਹੋਰਨਾਂ ਹਿੱਸਿਆਂ ਨੂੰ ਸ਼ਾਹੀ ਸ਼ਹਿਰ ਕਪੂਰਥਲਾ ਦੇ ਨਾਲ-ਨਾਲ ਸ੍ਰੀ ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਸੁਲਤਾਨਪੁਰ ਲੋਧੀ ਅਤੇ ਹੋਰਨਾਂ ਸ਼ਹਿਰਾਂ ਨਾਲ ਵੀ ਜੋੜਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ 'ਤੇ ਇਸ ਇਲਾਕੇ ਦੇ ਵਪਾਰ ਅਤੇ ਸਨਅਤ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਇਸ ਕੰਮ ਦਾ ਸ਼ੁਰੂ ਹੋਣਾ ਸੂਬਾ ਸਰਕਾਰ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਸੰਜੀਦਗੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਦ ਲੋਕ ਕਈ ਸਾਲਾਂ ਤੋਂ ਰੁਕੇ ਪਏ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਵਾਉਣ ਲਈ ਸੜਕਾਂ 'ਤੇ ਉਤਰ ਆਏ ਸਨ ਤਾਂ ਉਸ ਵੇਲੇ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਆ ਕੇ ਲੋਕਾਂ ਨੂੰ ਯਕੀਨ ਦਿਵਾਇਆ ਸੀ ਕਿ ਜੇਕਰ ਕਾਂਗਰਸ ਸੱਤਾ ਵਿਚ ਆਵੇਗੀ ਤਾਂ ਇਸ ਪ੍ਰਾਜੈਕਟ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਸ੍ਰੀ ਰਿੰਕੂ ਨੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਵਿਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਕੰਮ ਨੂੰ ਪੂਰੀ ਸੰਜੀਦਗੀ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਇਹ ਕੰਮ ਦੀਵਾਲੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਸੰਦੇਸ਼ ਦਿੱਤਾ ਕਿ ਸੜਕ ਦੇ ਸੈਂਟਰਲ ਵਰਜ਼ 'ਤੇ ਬੂਟੇ ਲਾਉਣ ਤਾਂ ਜੋ ਸੜਕ ਦੀ ਸੁੰਦਰਤਾ ਨੂੰ ਵਧਾਇਆ ਜਾ ਸਕੇ।
ਭਾਜਪਾ ਨੇ ਕੈਪਟਨ ਅਮਰਿੰਦਰ ਦਾ ਸਾੜਿਆ ਪੁਤਲਾ
NEXT STORY