ਜਲੰਧਰ(ਧਵਨ)— ਪੰਜਾਬ 'ਚ 13 ਲੋਕ ਸਭਾ ਸੀਟਾਂ ਲਈ ਵੋਟਿੰਗ 19 ਮਈ ਨੂੰ ਕਰਵਾਉਣ ਦਾ ਕੇਂਦਰੀ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਕਮੇਟੀ ਨੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਨੂੰ ਕੁਝ ਹੌਲੀ ਕਰ ਦਿੱਤਾ ਹੈ। ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਕਲ ਦਿੱਲੀ 'ਚ ਸਕ੍ਰੀਨਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਵੇਣੂਗੋਪਾਲ ਤੇ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਇਹ ਫੈਸਲਾ ਕੀਤਾ ਹੈ ਕਿ ਕਿਉਂਕਿ ਪੰਜਾਬ 'ਚ ਚੋਣਾਂ ਦੇਰੀ ਨਾਲ ਹੋਣੀਆਂ ਹਨ, ਇਸ ਲਈ ਮੱਧ ਅਪ੍ਰੈਲ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਨਾ ਕੀਤਾ ਜਾਏ। ਇੰਨਾ ਜ਼ਰੂਰ ਹੋ ਸਕਦਾ ਹੈ ਕਿ ਕਾਂਗਰਸ ਵੱਲੋਂ ਕੁਝ ਉਮੀਦਵਾਰਾਂ ਨੂੰ ਅੰਦਰਖਾਤੇ ਹਰੀ ਝੰਡੀ ਦੇ ਦਿੱਤੀ ਜਾਏ।
ਕਾਂਗਰਸੀ ਹਲਕਿਆਂ 'ਚ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੀਆਂ 13 ਸੀਟਾਂ ਲਈ ਕਾਂਗਰਸ ਉਮੀਦਵਾਰਾਂ ਦਾ ਐਲਾਨ ਹੁਣ ਵਿਸਾਖੀ ਤੋਂ ਬਾਅਦ ਵੀ ਸੰਭਵ ਹੋ ਸਕੇਗਾ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਪਾਰਟੀ ਲੋਕਸਭਾ ਚੋਣਾਂ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੇ ਅੰਦਰੂਨੀ ਝਗੜਿਆਂ ਤੋਂ ਬਚਣਾ ਚਾਹੁੰਦੀ ਹੈ। ਸੂਬੇ 'ਚ ਕਾਂਗਰਸ ਦੀ ਸਰਕਾਰ ਹੈ, ਇਸ ਲਈ ਹਰੇਕ ਸੀਟ 'ਤੇ ਟਿਕਟ ਲੈਣ ਦੇ ਚਾਹਵਾਨਾਂ ਦੀ ਗਿਣਤੀ ਕਾਫੀ ਜ਼ਿਆਦਾ ਹੈ। ਇਸ ਲਈ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਚੋਣ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਕਾਂਗਰਸ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਏਗੀ।
ਸੀ. ਬੀ. ਐੱਸ. ਈ. ਦੇ ਨਾਂ 'ਤੇ ਚੱਲ ਰਹੇ ਕਈ ਫਰਜ਼ੀ ਟਵਿੱਟਰ ਅਕਾਊਂਟਸ
NEXT STORY