ਜਲੰਧਰ (ਜੁਗਿੰਦਰ ਸੰਧੂ)—ਪਾਕਿਸਤਾਨ ਨਾਲ ਲੱਗਦੀ, ਭਾਰਤੀ ਸੂਬੇ ਜੰਮੂ-ਕਸ਼ਮੀਰ ਦੀ ਸਰਹੱਦ 'ਤੇ ਪਿਛਲੇ ਕਈ ਸਾਲਾਂ ਤੋਂ ਹਾਲਾਤ ਬਹੁਤ ਖਰਾਬ ਬਣੇ ਹੋਏ ਹਨ। ਪਾਕਿਸਤਾਨ ਵਿਚ ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਉਸ ਦੀਆਂ ਸਾਜ਼ਿਸ਼ਾਂ ਅਤੇ ਨੀਅਤ ਵਿਚ ਕੋਈ ਤਬਦੀਲੀ ਨਹੀਂ ਆਈ। ਇਹੋ ਕਾਰਨ ਹੈ ਕਿ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਬੇਦੋਸ਼ੇ ਭਾਰਤੀ ਨਾਗਰਿਕਾਂ 'ਤੇ ਗੋਲੀਬਾਰੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਾਕਿਸਤਾਨੀ ਸੈਨਿਕ ਬਿਨਾਂ ਕਾਰਨ ਗੋਲੀਆਂ ਦੀ ਵਾਛੜ ਕਰ ਕੇ ਨਿਹੱਥੇ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਕਰ ਰਹੇ ਹਨ। ਇਸ ਦੇ ਨਾਲ ਹੀ ਅੱਤਵਾਦੀਆਂ ਦੇ ਟੋਲਿਆਂ ਨੂੰ ਟਰੇਂਡ ਕਰ ਕੇ ਜੰਮੂ-ਕਸ਼ਮੀਰ ਦੇ ਰਾਹ ਤੋਰਿਆ ਜਾ ਰਿਹਾ ਹੈ। ਇਨ੍ਹਾਂ ਅੱਤਵਾਦੀਆਂ ਨੇ ਵੀ ਬੀਤੇ ਸਾਲਾਂ 'ਚ ਅਣਗਿਣਤ ਲੋਕਾਂ ਦੀਆਂ ਜਾਨਾਂ ਲਈਆਂ ਹਨ। ਇਸ ਦੋਹਰੀ ਮਾਰ ਕਾਰਨ ਸੂਬੇ ਦੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।
ਜੰਮੂ-ਕਸ਼ਮੀਰ ਵਿਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਗਏ ਅਤੇ ਸ਼ਰਨਾਰਥੀ ਕੈਂਪਾਂ 'ਚ ਰੁਲ ਰਹੇ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਪਿਛਲੇ ਦੋ ਦਹਾਕਿਆਂ ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਵਿਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਵਰਗਾਂ, ਸੰਸਥਾਵਾਂ, ਸਮਾਜ ਸੇਵੀ ਆਗੂਆਂ, ਸਿਆਸੀ ਨੇਤਾਵਾਂ ਅਤੇ ਸਾਧੂ-ਸਮਾਜ ਨੇ ਬੜੀ ਖੁਲ੍ਹ-ਦਿਲੀ ਨਾਲ ਯੋਗਦਾਨ ਪਾਇਆ ਹੈ। ਇਸ ਸਿਲਸਿਲੇ ਅਧੀਨ ਹੀ ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪ੍ਰਭਾਵਿਤ ਅਤੇ ਲੋੜਵੰਦ ਪਰਿਵਾਰਾਂ ਲਈ 483ਵੇਂ ਟਰੱਕ ਦੀ ਸਮੱਗਰੀ ਭਿਜਵਾਈ ਗਈ। ਇਸ ਵਾਰ ਦੀ ਸਮੱਗਰੀ ਹਲਕਾ ਘਨੌਰ ਦੇ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਮਦਨ ਲਾਲ ਜਲਾਲਪੁਰ ਵਲੋਂ ਭਿਜਵਾਈ ਗਈ ਸੀ। ਸਮੱਗਰੀ ਭਿਜਵਾਉਣ ਦੇ ਇਸ ਕਾਰਜ ਵਿਚ ਪਟਿਆਲਾ ਦੀ ਸਮਾਜ ਸੇਵਿਕਾ ਸ਼੍ਰੀਮਤੀ ਸਤਿੰਦਰਪਾਲ ਕੌਰ ਵਾਲੀਆ, ਪੱਤਰਕਾਰ ਮਨਦੀਪ ਸਿੰਘ ਜੋਸਨ, ਇੰਦਰਜੀਤ ਸਿੰਘ ਅਤੇ ਸੁੰਦਰ ਸ਼ਰਮਾ ਨੇ ਅਹਿਮ ਭੂਮਿਕਾ ਨਿਭਾਈ।
ਪਦਮਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵਲੋਂ ਜਲੰਧਰ ਤੋਂ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ 250 ਪਰਿਵਾਰਾਂ ਲਈ ਪ੍ਰਤੀ ਪਰਿਵਾਰ 10 ਕਿੱਲੋ ਆਟਾ, 10 ਕਿੱਲੋ ਚਾਵਲ ਅਤੇ ਇਕ ਕੰਬਲ ਸ਼ਾਮਲ ਸੀ। ਜੰਮੂ-ਕਸ਼ਮੀਰ ਦੇ ਪ੍ਰਭਾਵਿਤ ਖੇਤਰਾਂ 'ਚ ਸਮੱਗਰੀ ਦੀ ਵੰਡ ਲਈ ਲਾਇਨ ਜੇ. ਬੀ. ਸਿੰਘ ਚੌਧਰੀ ਅੰਬੈਸਡਰ ਆਫ ਗੁਡਵਿੱਲ ਦੀ ਅਗਵਾਈ ਹੇਠ ਜਾਣ ਵਾਲੀ ਰਾਹਤ ਟੀਮ ਵਿਚ ਸ. ਇਕਬਾਲ ਸਿੰਘ ਅਰਨੇਜਾ ਅਤੇ ਯੋਗਾਚਾਰੀਆ ਸ਼੍ਰੀ ਵਰਿੰਦਰ ਸ਼ਰਮਾ ਵੀ ਸ਼ਾਮਲ ਸਨ।
ਵਿਧਾਇਕ ਸਿਰਸਾ ਦੇ ਥੱਪੜ ਦੀ ਗੂੰਜ ਨਾਲ ਗਰਮਾਈ ਸਿਆਸਤ
NEXT STORY