ਗੁਰਦਾਸਪੁਰ (ਹਰਮਨ) : ਲੀਗਲ ਏਡ ਡਿਫੈਂਸ ਕੌਂਸਲ (ਐੱਲਏਡੀਸੀ) ਸਕੀਮ ਦੇ ਵਿਰੋਧ ਵਿਚ ਵਕੀਲਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਵਕੀਲਾਂ ਵੱਲੋਂ 20 ਜੁਲਾਈ ਤੋਂ ਅਦਾਲਤੀ ਕੰਮਕਾਜ ਦਾ ਬਾਈਕਾਟ ਕਰਕੇ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਅਦਾਲਤਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਹੁਣ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਵਕੀਲਾਂ ਨੇ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਹੈ। ਵਕੀਲਾਂ ਮੁਤਾਬਕ ਹਰ ਰੋਜ਼ 10 ਤੋਂ 12 ਵਕੀਲ ਵਾਰੀ-ਵਾਰੀ ਭੁੱਖ ਹੜਤਾਲ ’ਤੇ ਬੈਠ ਰਹੇ ਹਨ। ਪ੍ਰਦਰਸ਼ਨ ਕਰ ਰਹੇ ਵਕੀਲਾਂ ਦਾ ਕਹਿਣਾ ਹੈ ਕਿ ਐੱਲਏਡੀਸੀ ਸਕੀਮ ਉਨ੍ਹਾਂ ਦੀ ਰੋਜ਼ੀ-ਰੋਟੀ ’ਤੇ ਸਿੱਧਾ ਅਸਰ ਪਾਵੇਗੀ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਸਕੀਮ ਤਹਿਤ ਜੇਲ੍ਹਾਂ ਵਿਚ ਬੰਦ ਦੋਸ਼ੀਆਂ ਨੂੰ ਉੱਥੇ ਹੀ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਸੁਤੰਤਰ ਤੌਰ ’ਤੇ ਵਕਾਲਤ ਕਰ ਰਹੇ ਵਕੀਲਾਂ ਦੇ ਕੰਮ ’ਤੇ ਨਕਾਰਾਤਮਕ ਪ੍ਰਭਾਵ ਪਵੇਗਾ।
ਪ੍ਰਦਰਸ਼ਨਕਾਰੀ ਵਕੀਲਾਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਵਿਵਸਥਾ ਨਾਲ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਵਿਅਕਤੀਆਂ ਨੂੰ ਵੱਧ ਸਹੂਲਤ ਮਿਲੇਗੀ। ਉਨ੍ਹਾਂ ਮੰਗ ਕੀਤੀ ਕਿ ਐੱਲਏਡੀਸੀ ਸਕੀਮ ਨੂੰ ਰੱਦ ਕੀਤਾ ਜਾਵੇ। ਵਕੀਲਾਂ ਨੇ ਐਲਾਨ ਕੀਤਾ ਕਿ 7 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਦੇਸ਼ ਭਰ ਤੋਂ ਵਕੀਲ ਇਕੱਠੇ ਹੋ ਕੇ ਸ਼ਾਂਤਮਈ ਕੌਮੀ ਪੱਧਰ ਦਾ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
NEXT STORY