ਅਟਾਰੀ,(ਤਜਿੰਦਰ)— ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਤੋਂ ਆਈ ਵਿਸ਼ੇਸ਼ ਰੇਲ ਗੱਡੀ ਰਾਹੀਂ ਭਾਰੀ ਸੁਰੱਖਿਆ ਹੇਠ ਪਾਕਿ ਲਈ ਰਵਾਨਾ ਹੋਇਆ। ਜਥੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਥਾ ਕਿਸੇ ਕਾਰਨ ਨਹੀਂ ਜਾ ਸਕਿਆ, ਜਿਸ ਕਰ ਕੇ ਜਥੇ 'ਚ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦੇਖਣ ਵਿਚ ਕਾਫੀ ਘੱਟ ਸੀ।
ਜਾਣਕਾਰ ਸੂਤਰਾਂ ਤੋਂ ਇਹ ਪਤਾ ਲੱਗਾ ਹੈ ਕਿ ਪਾਕਿ ਸਫਾਰਤਖਾਨੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀਜ਼ਾ ਲੈਣ ਸਬੰਧੀ ਜੋ ਪਾਕਿ ਕੋਲ ਆਪਣੀਆਂ ਮੰਗਾਂ ਰੱਖੀਆਂ ਸਨ, ਵਿਚ ਇਹ ਵੀ ਮੰਗਾਂ ਸਨ ਕਿ 9 ਤੋਂ 18 ਜੂਨ ਤੱਕ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਜਾਵੇ। ਜਿਸ ਨੂੰ ਨਾ-ਮਨਜ਼ੂਰ ਕਰਦਿਆਂ ਪਾਕਿ ਸਫਾਰਤਖਾਨੇ ਨੇ ਵੀਜ਼ੇ ਨਹੀਂ ਦਿੱਤੇ ਅਤੇ ਇਸ ਜਥੇ ਵਿਚ ਸਿਰਫ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਅਤੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਦੇ 84 ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ ਹੋਇਆ।
ਇਸ ਮੌਕੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪਾਰਟੀ ਲੀਡਰ ਜੰਗ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਸਿੱਖਾਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਅੱਜ ਪਾਕਿਸਤਾਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥਾ ਅੱਜ ਲਾਹੌਰ ਰਸਤੇ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪੁੱਜੇਗਾ, ਜਿਥੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।
ਸ੍ਰੀ ਨਨਕਾਣਾ ਸਾਹਿਬ ਸਥਿਤ ਸਥਾਨਕ ਗੁਰਦੁਆਰਿਆਂ ਅਤੇ ਗੁ. ਸੱਚਾ ਸੌਦਾ (ਫਾਰੂਕਾਬਾਦ) ਦੇ ਦਰਸ਼ਨ ਕਰ ਕੇ ਜਥਾ ਗੁ. ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਇਥੇ ਠਹਿਰਨ ਦੌਰਾਨ ਜਥਾ ਗੁ. ਰੋੜੀ ਸਾਹਿਬ (ਐਮਨਾਬਾਦ) ਤੇ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਾਪਸ ਲਾਹੌਰ ਪਰਤ ਆਵੇਗਾ। ਉਨ੍ਹਾਂ ਦੱਸਿਆ ਕਿ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਇਸ ਤੋਂ ਇਲਾਵਾ ਭਾਰਤੀ ਸਿੱਖਾਂ ਦਾ ਜਥਾ ਲਾਹੌਰ ਦੇ ਸਥਾਨਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 17 ਜੂਨ ਨੂੰ ਵਤਨ ਪਰਤੇਗਾ।
ਪੁਲਸ ਨੇ ਅਚਨਚੇਤ ਕੀਤੀ ਰੇਲਵੇ ਸਟੇਸ਼ਨ ਤੇ ਟ੍ਰੇਨ ਦੀ ਚੈਕਿੰਗ
NEXT STORY