ਸ੍ਰੀ ਮੁਕਤਸਰ ਸਾਹਿਬ (ਪਵਨ) - 40 ਮੁਕਤਿਆਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਅਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਂਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਪੁਰਾਤਨ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਅਤੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦੇ ਪਾਵਨ ਦਿਹਾੜੇ 'ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀਆਂ ਸੰਗਤਾਂ ਅਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ‘ਚ ਲੱਗੇ ਸਭ ਸੇਵਾ ਦਲਾਂ ਦਾ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲਾ ਭੁੱਲਾਂ ਬਖਸ਼ਾ ਕੇ ਗੁਰੂ ਦਾ ਲੜ ਫੜਨ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਆਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ‘ਚ ਅਸੀਸਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਹਰ ਸਿੱਖ ਨੂੰ ਹਰ ਸਮੇਂ ਚੜਦੀਕਲਾ ‘ਚ ਰਹਿੰਦਿਆਂ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਬੁੱਢਾ ਦਲ ਦੀ ਅਗਵਾਈ ਵਿੱਚ ਵੱਖ-ਵੱਖ ਤਰਨਾ ਦਲਾਂ ਦੇ ਮੁਖੀ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਖਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਖੁਲ੍ਹੇ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ। ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲਾਂ ਅਤੇ ਡਗੇ ਨਗਾਰਿਆਂ 'ਤੇ ਚੋਟਾਂ ਲਗਾਉਂਦੇ, ਨਰਸਿੰਙੇ ਵਜਾਉਂਦਿਆਂ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ। ਗੱਤਕੇ ਦੇ ਖੁਲੇ ਪ੍ਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ। ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ‘ਚ ਸ਼ਾਮਲ ਹੋਏ ਸਮੂਹ ਜਥੇਦਾਰਾਂ, ‘ਤੇ ਲਾਡਲੀਆਂ ਫੌਜਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਤੋਂ ਇਲਾਵਾ ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਨਾਮ ਸਿੰਘ ਮੁਕਤਸਰ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਹਿਤਾਬ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਜਰਨੈਲ ਸਿੰਘ ਬੱਗਸਰ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਭੁਪਿੰਦਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ। ਮਾਘੀ ਦਾ ਜੋੜ ਮੇਲਾ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢੇ ਜਾਣ ਉਪਰੰਤ ਮੁਕੰਮਲ ਤੌਰ 'ਤੇ ਸੰਪੂਰਨ ਹੋ ਗਿਆ ਹੈ।
ਧੁੰਦ ਕਾਰਨ ਵਾਪਰਿਆ ਦਰਦਨਾਕ ਸੜਕ ਹਾਦਸਾ, ਸਾਈਕਲ ਚਾਲਕ ਮਜਦੂਰ ਦੀ ਮੌਤ
NEXT STORY