ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਉੱਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਾਲਾਨਾ ਜਨਰਲ ਇਜਲਾਸ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਗੁਰੂ ਸਾਹਿਬਾਨ ਦੀ ਅਪਾਰ ਕਿਰਪਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਵਾਲੀ ਗੱਲ ਹੈ ਕਿ ਸਾਰੀ ਚੋਣ ਪ੍ਰਕਿਰਿਆ ਬਹੁਤ ਸ਼ਾਂਤੀ ਨਾਲ ਮੁਕੰਮਲ ਹੋਈ। ਉਨ੍ਹਾਂ ਆਸ ਪ੍ਰਗਟਾਈ ਕਿ ਐਡਵੋਕੇਟ ਧਾਮੀ ਪਹਿਲਾਂ ਨਾਲੋਂ ਵੀ ਚੜ੍ਹਦੀ ਕਲਾ ਨਾਲ ਪੰਥਕ ਕਾਰਜ ਕਰਦਿਆਂ ਸਿੱਖ ਸੰਸਥਾ ਨੂੰ ਹੋਰ ਵੀ ਉੱਚੇ ਮੁਕਾਮ ਉੱਤੇ ਲੈ ਕੇ ਜਾਣਗੇ ਅਤੇ ਸਿੱਖ ਕੌਮ ਦੇ ਸਨਮੁਖ ਜੋ ਵੀ ਚੁਣੌਤੀਆਂ ਹਨ ਉਨ੍ਹਾਂ ਦਾ ਉਹ ਡਟ ਕੇ ਮੁਕਾਬਲਾ ਕਰਨ ਲਈ ਬਿਨਾ ਕਿਸੇ ਭੈਅ ਤੋਂ ਵਿਚਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਐਕਸ਼ਨ! ਨੌਕਰੀ ਤੋਂ Dismiss ਕੀਤੇ ਗਏ ਮੁਲਾਜ਼ਮ, ਪੁਲਸ ਨੇ ਕਰ ਲਿਆ ਗ੍ਰਿਫ਼ਤਾਰ
ਜਥੇਦਾਰ ਗੜਗੱਜ ਨੇ ਕਿਹਾ ਕਿ ਜਿਹੜੇ ਵੀ ਮਤੇ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਹੱਕਾਂ, 1984 ਸਿੱਖ ਕਤਲੇਆਮ, ਸਿੱਖ ਪਛਾਣ ਅਤੇ ਸਿੱਖ ਕਕਾਰਾਂ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਅਤੇ ਹੋਰ ਮਾਮਲਿਆਂ ਸਬੰਧੀ ਪਾਏ ਹਨ ਉਹ ਸਾਰੇ ਹੀ ਸ਼ਲਾਘਾਯੋਗ ਹਨ ਅਤੇ ਉਹ ਉਨ੍ਹਾਂ ਦੀ ਪ੍ਰੋੜ੍ਹਤਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ — ਫਾਂਸੀ ਜੀ ਸਜ਼ਾ ਦਾ ਸਾਹਮਣਾ ਕਰ ਰਹੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਗੁਰਦੀਪ ਸਿੰਘ ਖੈੜਾ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ — ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿਚ ਭਾਰਤ ਸਰਕਾਰ ਨੇ ਜੋ ਐਲਾਨ ਕੀਤਾ ਸੀ, ਉਸਦਾ ਸਤਿਕਾਰ ਕਰਦਿਆਂ ਇਹ ਸਾਰੇ ਬੰਦੀ ਸਿੰਘ ਰਿਹਾਅ ਕੀਤੇ ਜਾਣ ਚਾਹੀਦੇ ਹਨ।
ਬੀਤੇ ਕੱਲ੍ਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਬਿਹਾਰ ਵਿਚ ਆਪਣੇ ਸੰਬੋਧਨ ਦੌਰਾਨ 1984 ਸਿੱਖ ਕਤਲੇਆਮ ਨੂੰ ਨਰਸੰਹਾਰ ਵਜੋਂ ਸੰਬੋਧਤ ਕਰਨ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਸਿੱਖ ਕਤਲੇਆਮ ਲਈ ‘ਨਰਸੰਹਾਰ’ ਸ਼ਬਦ ਵਰਤ ਰਹੇ ਹਨ, ਜਿਸ ਨੂੰ ਅਸੀਂ ਪੰਜਾਬੀ ਵਿੱਚ ‘ਨਸਲਕੁਸ਼ੀ’ ਕਹਿੰਦੇ ਹਾਂ ਤਾਂ ਦੇਸ਼ ਦੇ ਸਾਰੇ ਮੀਡੀਆ ਅਤੇ ਸਬੰਧਤ ਅਦਾਰਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਸ ਘਟਨਾ ਲਈ ‘ਦੰਗੇ’ ਸ਼ਬਦ ਨਾ ਵਰਤਣ। ਉਨ੍ਹਾਂ ਕਿਹਾ ਕਿ ਦੰਗਿਆਂ ਵਿਚ ਦੋਵੇਂ ਪਾਸਿਓਂ ਲੜਾਈ ਹੁੰਦੀ ਹੈ, ਜਦਕਿ 1984 ਸਿੱਖ ਕਤਲੇਆਮ ਵਿਚ ਸਿੱਖ ਪੀੜਤ ਧਿਰ ਹੈ ਅਤੇ ਨਿਹੱਥੇ ਸਿੱਖਾਂ ਨੂੰ ਮਿੱਥ ਕੇ ਕਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਹੋਈ, ਜਿਸ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਨਰਸੰਹਾਰ ਆਖਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸ਼੍ਰੋਮਣੀ ਕਮੇਟੀ ਨੇ ਵੀ ਇਹ ਮਤਾ ਪਾਸ ਕੀਤਾ ਹੈ ਕਿ 1984 ਸਿੱਖ ਕਤਲੇਆਮ ਨੂੰ ਭਾਰਤ ਦੀ ਸੰਸਦ ਅੰਦਰ ਸਿੱਖ ਨਸਲਕੁਸ਼ੀ ਵਜੋਂ ਕਰਾਰ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਅਗਾਂਹ ਤੋਂ ਮੁਲਕ ਵਿੱਚ ਅਜਿਹਾ ਮਾਹੌਲ ਨਾ ਬਣੇ ਅਤੇ ਜੇਕਰ ਕਿਸੇ ਭਾਈਚਾਰੇ ਦਾ ਕਤਲੇਆਮ ਹੋਵੇ ਤਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਵੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਜੋ ਮੋਦੀ ਜੀ ਨੇ ਐਲਾਨ ਕੀਤਾ ਹੈ ਮੌਜੂਦਾ ਸਰਕਾਰ ਉਸ ਉੱਤੇ ਸੰਸਦ ਅੰਦਰ ਪੱਕੀ ਮੋਹਰ ਲਗਾਏ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਨਾਮ ਤੁਰੰਤ ਬਦਲਣਾ ਚਾਹੀਦਾ ਹੈ, ਕਿਉਂਕਿ ਰਾਜੀਵ ਗਾਂਧੀ ਨੇ 1984 ਦੇ ਕਤਲੇਆਮ ਅੰਦਰ ਜੋ ਅੱਗ ਲਗਾਈ ਉਸ ਦਾ ਸੇਕ ਸਿੱਖਾਂ ਦੇ ਘਰਾਂ ਤੱਕ ਪਹੁੰਚਿਆ, ਇਹ ਸਿੱਖਾਂ ਨੂੰ ਚਿੜਾਉਣ ਵਾਲੀ ਗੱਲ ਹੈ। ਜਥੇਦਾਰ ਨੇ ਇਹ ਵੀ ਸਪਸ਼ਟ ਕੀਤਾ ਕਿ ਗੁਰਦੁਆਰੇ ਖ਼ਾਲਸਾ ਪੰਥ ਦੇ ਹਨ ਅਤੇ ਕਿਸੇ ਵੀ ਸਰਕਾਰ ਵੱਲੋਂ ਗੁਰਦੁਆਰਿਆਂ 'ਤੇ ਕਬਜ਼ੇ ਦੀ ਕੋਸ਼ਿਸ਼ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, Notification ਜਾਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰੋਕ ਦੇ ਬਾਵਜੂਦ ਕਰਵਾਏ ਗਏ ਇਜਲਾਸ ਬਾਰੇ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਅਜੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਮਾਗਮਾਂ ਦੇ ਕਾਰਨ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸ਼ਤਾਬਦੀ ਦੇ ਸਮਾਗਮ 29 ਨਵੰਬਰ ਨੂੰ ਲੰਘ ਜਾਣਗੇ ਤਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਿਹੜੇ ਵੀ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਗੱਲ ਨਹੀਂ ਮੰਨੀ ਉਨ੍ਹਾਂ ਨੂੰ ਤਲਬ ਕੀਤਾ ਜਾਵੇਗਾ। ਉਨ੍ਹਾਂ ਤੋਂ ਪੁੱਛਿਆ ਜਾਵੇਗਾ ਕਿ ਉਨ੍ਹਾਂ ਨੇ ਹੁਕਮ ਅਦੂਲੀ ਕਿਉਂ ਕੀਤੀ ਅਤੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਹ ਉਨ੍ਹਾਂ ਦਾ ਫ਼ਰਜ਼ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਣ ਅਤੇ ਆ ਕੇ ਆਪਣਾ ਪੱਖ ਰੱਖਣ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਦੀਆਂ ਗੋਲਕਾਂ ਬਾਰੇ ਕੀਤੀ ਗਈ ਗਲਤ ਟਿੱਪਣੀ ਬਾਰੇ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਮੁੱਖ ਮੰਤਰੀ ਦੀ ਨਾਸਤਿਕਤਾ ਵਾਲੀ ਸੋਚ ਹੈ। ਇੱਕ ਸੂਬੇ ਦਾ ਮੁੱਖ ਮੰਤਰੀ ਕਿਸੇ ਵੀ ਧਰਮ ਦੀਆਂ ਪਰੰਪਰਾਵਾਂ ਤੇ ਭਾਵਨਾਵਾਂ ਦੇ ਪ੍ਰਤੀ ਇਹੋ ਜਿਹੀਆਂ ਟਿੱਪਣੀਆਂ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਇਕੱਲੇ ਸਿੱਖ ਹੀ ਨਹੀਂ ਗੈਰ-ਸਿੱਖ ਵੀ ਆ ਕੇ ਨਤਮਤਸਕ ਹੁੰਦੇ ਹਨ ਅਤੇ ਆਪਣੀ ਸ਼ਰਧਾ ਭਾਵਨਾ ਅਨੁਸਾਰ ਮਾਇਆ ਆਦਿ ਭੇਟਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜਦੋਂ ਹਾਲ ਹੀ ਵਿਚ ਪੰਜਾਬ ਅੰਦਰ ਹੜ੍ਹ ਆਏ ਸਨ ਤਾਂ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੇ ਬਹੁਤ ਹੀ ਚੰਗੇ ਉਪਰਾਲੇ ਕੀਤੇ ਹਨ।
ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ GST ਪ੍ਰਾਪਤੀ ’ਚ 21.51 ਫੀਸਦੀ ਦਾ ਵਾਧਾ
NEXT STORY