ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫ਼ਾਦਾਂ ਕਾਰਨ ਪੰਜਾਬ ’ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ’ਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਾਜਾਇਜ਼ ਹਿਰਾਸਤਾਂ ਦਾ ਅਮਲ ਅਪਣਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ। ਸਿੰਘ ਸਾਹਿਬ ਨੇ ਅੱਜ ਇੱਥੇ ਜਾਰੀ ਕੀਤੇ ਬਿਆਨ ’ਚ ਕਿਹਾ ਹੈ ਕਿ ਪੰਜਾਬ ਦੇ ਚੇਤਿਆਂ ’ਚ ਅਤੀਤ ਦੀਆਂ ਹਕੂਮਤਾਂ ਦੇ ਜਬਰ ਦੇ ਡੂੰਘੇ ਜ਼ਖ਼ਮ ਮੌਜੂਦ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਅਪਣਾਈ।
ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਇੰਟਰਵਿਊ, ਸਿਰਫ਼ ਜਗ ਬਾਣੀ TV ’ਤੇ
ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ ਕਿ ਸਿੱਖ ਨੌਜਵਾਨ ਮਾਨਸਿਕਤਾ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਵਿਤਕਰੇਬਾਜ਼ੀਆਂ ਤੇ ਵਧੀਕੀਆਂ ਦੇ ਖ਼ਿਲਾਫ਼ ਡਾਢਾ ਅਸੰਤੋਸ਼ ਮੌਜੂਦ ਹੈ ਪਰ ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕੇ ਦੀ ਤਾਕ ਵਿਚ ਰਹਿੰਦੀਆਂ ਹਨ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਅਪਣਾਉਣ ਦੀ ਬਜਾਇ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ-ਕਲਪ ਵਾਲੇ ਰਾਹ ’ਤੇ ਤੁਰਨ ਦੀ ਸਲਾਹ ਦਿੰਦਿਆਂ ਕੌਮ ਦੇ ਸੁਨਹਿਰੇ ਭਵਿਖ ਨੂੰ ਸੰਭਾਲਣ ਦਾ ਸਦਾ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਵਿਦੇਸ਼ ਮੰਤਰੀ ਨੂੰ ਮਿਲੇ MP ਸਾਹਨੀ, ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ’ਚ ਦਖ਼ਲ ਦੇਣ ਦੀ ਕੀਤੀ ਅਪੀਲ
ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀਆਂ ਸਥਾਪਤੀਆਂ ਦੀ ਵਿਉਂਤਬੰਦੀ ਬੜੀ ਜ਼ਹੀਨ ਹੁੰਦੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਕਿਸੇ ਵੀ ਅਜਿਹੇ ਬਹਿਕਾਵੇ ’ਚ ਆਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰਾਂ ਨੂੰ ਸਿੱਖ ਨੌਜਵਾਨੀ ਦਾ ਦਮਨ ਕਰਨ ਦਾ ਮੌਕਾ ਮਿਲਦਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨੂੰ ਧਾਰਮਿਕ ਤੇ ਰਾਜਨੀਤਕ ਤੌਰ ’ਤੇ ਕਮਜ਼ੋਰ ਕਰਨ ਦੀ ਨੀਤੀ ਸਿੱਖਾਂ ਅੰਦਰ ਖਲਾਅ ਤੇ ਬੇਚੈਨੀ ਪੈਦਾ ਕਰਦੀ ਹੈ ਅਤੇ ਇਹ ਅਮਲ ਨਾ ਤਾਂ ਸਰਕਾਰਾਂ ਦੇ ਅਤੇ ਨਾ ਹੀ ਪੰਜਾਬ ਦੇ ਹਿੱਤ ’ਚ ਹੈ। ਇਸ ਬਾਰੇ ਸਾਨੂੰ ਸਭ ਨੂੰ ਸੋਚਣ ਦੀ ਲੋੜ ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਅੰਦਰ ਇਸ ਦੇਸ਼ ’ਚ ਅਲਹਿਦਗੀ ਦਾ ਅਹਿਸਾਸ ਭਰਨ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਸਿਆਸੀ ਵਿਤਕਰਿਆਂ ਨੇ ਵੱਡੀ ਭੂਮਿਕਾ ਨਿਭਾਈ ਹੈ ਪਰ ਅੱਜ ਸਮਾਂ ਮੰਗ ਕਰ ਰਿਹਾ ਹੈ ਕਿ ਅਤੀਤ ਦੀਆਂ ਗ਼ਲਤੀਆਂ ਤੋਂ ਸਬਕ ਸਿੱਖ ਕੇ ਸਰਕਾਰਾਂ ਵੱਲੋਂ ਸਿੱਖਾਂ ਦੇ ਚਿਰੋਕਣੇ ਧਾਰਮਿਕ, ਰਾਜਨੀਤਕ ਅਤੇ ਆਰਥਿਕ ਮਸਲਿਆਂ ਦਾ ਸਰਲੀਕਰਨ ਕਰਕੇ ਸਿੱਖਾਂ ਅੰਦਰ ਬੇਗਾਨਗੀ ਦੇ ਅਹਿਸਾਸ ਨੂੰ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸਤ ਤੇ ਸੱਤਾ ਦੇ ਹਿੱਤਾਂ ਨੂੰ ਪੂਰਨ ਲਈ ਅੱਜ ਦੀਆਂ ਸਰਕਾਰਾਂ ਨੂੰ ਘੱਟਗਿਣਤੀਆਂ ਦੇ ਨੌਜਵਾਨਾਂ ਵਿਚ ਦਹਿਸ਼ਤ, ਡਰ ਅਤੇ ਬੇਗਾਨਗੀ ਦਾ ਅਹਿਸਾਸ ਭਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਨਿਆਂਕਾਰੀ ਰਾਜ ਧਰਮ ਨੂੰ ਨਿਭਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਇੰਟਰਵਿਊ, ਸਿਰਫ਼ ਜਗ ਬਾਣੀ TV ’ਤੇ
NEXT STORY