ਜੈਤੋ (ਸਤਵਿੰਦਰ) - 'ਇਨਸਾਫ਼ ਮੋਰਚਾ ਬਰਗਾੜੀ' ਦੀ ਅਗਵਾਈ ਕਰ ਰਹੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਜਥੇ. ਬਲਜੀਤ ਸਿੰਘ ਦਾਦੂਵਾਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਬਰਗਾੜੀ ਦੀ ਦਾਣਾ ਮੰਡੀ ਵਿਖੇ ਪਾਇਆ ਗਿਆ। ਜਥੇ. ਮੰਡ ਨੇ ਕਿਹਾ ਕਿ ਬਾਬਾ ਨਾਨਕ ਜੀ ਨੇ ਚਾਰਾਂ ਦਿਸ਼ਾਵਾਂ 'ਚ ਸਾਰਿਆਂ ਨੂੰ ਸਾਂਝਾ ਉਪਦੇਸ਼ ਦਿੱਤਾ। ਬੇਅਦਬੀ ਸਬੰਧੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੋਡੇ ਟੇਕਣੇ ਪੈਣਗੇ। ਇਸ ਦੇ ਨਾਲ ਹੀ ਜਥੇ. ਮੰਡ ਨੇ ਅੰਮ੍ਰਿਤਸਰ ਦੇ ਨਿਰੰਕਾਰੀ ਭਵਨ 'ਤੇ ਹੋਏ ਗ੍ਰਨੇਡ ਹਮਲੇ ਦੀ ਵੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ।
ਸ਼੍ਰੋਮਣੀ ਅਕਾਲੀ ਦਲ (ਅ.) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਮੌਕੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਸੌਦਾ ਸਾਧ ਨਾਲ ਮਿਲ ਕੇ ਸਿੱਖਾਂ ਨਾਲ ਧੋਖਾ ਕਰਨ ਵਾਲੇ ਬਾਦਲਕਿਆਂ ਦੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਦੇਸ਼ ਦਾ ਪ੍ਰਧਾਨ ਮੰਤਰੀ ਉੱਥੇ ਹਾਜ਼ਰੀ ਭਰਦਾ ਹੈ। ਇਸ ਗੱਲ ਤੋਂ ਅੰਦਾਜ਼ਾ ਲਾਓ ਕਿ ਸਿੱਖਾਂ ਨੂੰ ਇਨਸਾਫ਼ ਕਿੱਥੋਂ ਮਿਲੇਗਾ। ਬਾਬਾ ਸਰਬਜੋਤ ਸਿੰਘ ਬੇਦੀ ਨੇ ਕਿਹਾ ਕਿ ਅਜੋਕੇ ਸਮੇਂ 'ਚ ਸਿੱਖ ਕੌਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ ਤਾਂ ਜੋ ਪੰਥ ਦਾ ਭਲਾ ਹੋ ਸਕੇ। ਬਾਬਾ ਮੱਖਣ ਸਿੰਘ ਨੇ ਕਿਹਾ ਕਿ ਕਰਤਾਰਪੁਰ ਦੇ ਲਾਂਘੇ ਲਈ ਪਹਿਲਕਦਮੀ ਪਹਿਲਾਂ ਪਾਕਿਸਤਾਨ ਨੇ ਕੀਤੀ ਅਤੇ ਫਿਰ ਭਾਰਤ ਸਰਕਾਰ ਨੇ। ਹੁਣ ਨੀਂਹ ਪੱਥਰ ਰੱਖੇ ਜਾਣਗੇ ਅਤੇ ਸਿਆਸਤ ਵੀ ਹੋਵੇਗੀ। ਇਸ ਸਮਾਗਮ 'ਚ ਵਿਦੇਸ਼ੀ ਸੰਗਤ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸੂਬਿਆਂ ਤੋਂ ਸੰਗਤਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਜਥੇ. ਦਾਦੂਵਾਲ ਨੇ ਵੀ ਆਈ ਹੋਈ ਸੰਗਤ ਨੂੰ ਸੰਬੋਧਨ ਕੀਤਾ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇਤਾ ਵਿਰੋਧੀ ਧਿਰ, ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਪਰਮਜੀਤ ਸਿੰਘ ਸਹੋਲੀ, ਬੂਟਾ ਸਿੰਘ ਰਣਸੀਂਹਕ ਆਦਿ ਹਾਜ਼ਰ ਸਨ।
ਜਾਖੜ ਨੇ ਗੁਰੂ ਨਾਨਕ ਸਾਹਿਬ ਬਾਰੇ ਬੇਅਦਬੀ ਭਰੀਆਂ ਟਿੱਪਣੀਆਂ ਕੀਤੀਆਂ : ਅਕਾਲੀ ਦਲ
NEXT STORY