ਫਤਿਹਗੜ੍ਹ ਸਾਹਿਬ (ਸੁਰੇਸ਼) : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ-ਆਪ ਨੂੰ ਰਜਿਸਟਰ ਕਰਨ ਲਈ ਪੀ. ਜੀ. ਆਰ. ਕੇ. ਏ. ਐੱਮ. ਪੋਰਟਲ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ’ਚ 30 ਹਜ਼ਾਰ ਨੌਜਵਾਨ ਆਪਣਾ ਨਾਂ ਦਰਜ ਕਰਵਾ ਚੁੱਕੇ ਹਨ। ਇਹ ਜਾਣਕਾਰੀ ਇੱਥੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ 9 ਤੋਂ 17 ਸਤੰਬਰ ਦਰਮਿਆਨ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, 15 ਸਤੰਬਰ ਨੂੰ ਰਿਮਟ ਕਾਲਜ ਮੰਡੀ ਗੋਬਿੰਦਗੜ੍ਹ, 16 ਸਤੰਬਰ ਨੂੰ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਅਤੇ 17 ਸਤੰਬਰ ਨੂੰ ਕੋਰਡੀਆ ਕਾਲਜ ਸੰਘੋਲ ਵਿਖੇ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ’ਚ ਪ੍ਰਾਈਵੇਟ ਖੇਤਰ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਸ਼ਾਮਲ ਹੋਣ ਜਾ ਰਹੀਆਂ ਹਨ। ਇਨ੍ਹਾਂ ਵਿਚ 12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟਾਂ ਦੀ ਭਰਤੀ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ਵਿਚ ਸਵੈ-ਰੁਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਦੱਸਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ’ਚ ਪੰਚਾਇਤਾਂ ਰਾਹੀ ਤਾਲਮੇਲ ਕਰਕੇ ਧਾਰਮਿਕ ਸਥਾਨਾਂ ਤੋਂ ਰੁਜ਼ਗਾਰ ਮੇਲਿਆਂ ਸਬੰਧੀ ਅਨਾਊਂਸਮੈਂਟ ਕਰਵਾਈ ਜਾਵੇ ਅਤੇ ਪੰਚਾਇਤਾਂ ਨੂੰ ਪਿੰਡਾਂ ਦੇ ਗਰੀਬ ਬੇਰੁਜ਼ਗਾਰ ਨੌਜਵਾਨਾਂ ਦੀ ਸ਼ਨਾਖਤ ਕਰਕੇ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਉਹ ਕੌਂਸਲਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਵਾਰਡ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਸਬੰਧੀ ਜਾਗਰੂਕ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪ੍ਰਿਤਾ ਜੌਹਲ, ਐੱਸ. ਡੀ. ਐੱਮ. ਫਤਿਹਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐੱਸ. ਡੀ. ਐੱਮ. ਅਮਲੋਹ ਨਮਨ ਮੜਕਨ, ਐੱਸ. ਡੀ. ਐੱਮ. ਖਮਾਣੋਂ ਦੀਪਜੋਤ ਕੌਰ, ਡੀ. ਡੀ. ਪੀ. ਓ. ਨਰਭਿੰਦਰ ਸਿੰਘ ਤੋਂ ਇਲਾਵਾ ਬੀ. ਡੀ. ਪੀ. ਓ. ਅਤੇ ਕਾਰਜ ਸਾਧਕ ਅਫ਼ਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕਿਸਾਨ ਸੰਘਰਸ਼ ਦੇ ਹੱਕ ’ਚ ਨਿੱਤਰੀਆਂ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ, ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ
NEXT STORY