ਅੰਮ੍ਰਿਤਸਰ (ਦੀਪਕ, ਮਮਤਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੋਧਪੁਰ ਜੇਲ 'ਚ ਬੰਦੀ ਰਹੇ ਸਿੱਖਾਂ ਦੀ ਮਦਦ ਲਈ ਵਚਨਬੱਧ ਹੈ ਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਮੁਆਵਜ਼ੇ ਸਬੰਧੀ ਕੇਸ ਲਈ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਜੋਧਪੁਰ ਜੇਲ ਨਾਲ ਸਬੰਧਤ ਸਿੱਖਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਿਸ਼ੇਸ਼ ਸੈੱਲ ਸਥਾਪਿਤ ਕਰਨ ਦਾ ਐਲਾਨ ਵੀ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਜੋਧਪੁਰ ਜੇਲ 'ਚ ਨਜ਼ਰਬੰਦ ਰਹੇ ਸਿੱਖਾਂ ਦੇ ਨਾਲ ਸੀ ਤੇ ਅਗਾਂਹ ਵੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਇਕ ਸਬ-ਕਮੇਟੀ ਵੀ ਬਣਾ ਦਿੱਤੀ ਗਈ ਹੈ, ਜਿਸ ਵਿਚ ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਵਧੀਕ ਸਕੱਤਰ ਜਗਜੀਤ ਸਿੰਘ ਜੱਗੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤੇ ਜਾਣ ਵਾਲੇ ਵਿਸ਼ੇਸ਼ ਸੈੱਲ 'ਚ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਪ੍ਰੀਤਪਾਲ ਸਿੰਘ ਟਰੱਸਟ ਵਿਭਾਗ ਦੇ ਇੰਚਾਰਜ, ਗੁਰਦਰਸ਼ਨ ਸਿੰਘ ਸਾਬਕਾ ਵਧੀਕ ਸਕੱਤਰ ਤੇ ਹਰਦੀਪ ਸਿੰਘ ਘੁੰਗਰਾਲੀ ਸਿੱਖਾਂ ਸਾਬਕਾ ਮੁਲਾਜ਼ਮ ਸ਼੍ਰੋਮਣੀ ਕਮੇਟੀ ਸੇਵਾਵਾਂ ਨਿਭਾਉਣਗੇ। ਉਨ੍ਹਾਂ ਜੋਧਪੁਰ ਜੇਲ ਕੱਟ ਚੁੱਕੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮੁਕੰਮਲ ਜਾਣਕਾਰੀ ਸ਼੍ਰੋਮਣੀ ਕਮੇਟੀ ਕੋਲ ਪਹੁੰਚਾਉਣ ਤਾਂ ਜੋ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਸਮੇਂ 365 ਸਿੱਖਾਂ ਨੂੰ ਗ੍ਰਿਫ਼ਤਾਰ ਕਰ ਕੇ ਜੋਧਪੁਰ ਜੇਲ 'ਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਪਰ ਇਨ੍ਹਾਂ 'ਚੋਂ ਸਿਰਫ 40 ਸਿੰਘਾਂ ਨੂੰ ਅੰਮ੍ਰਿਤਸਰ ਦੀ ਸੈਸ਼ਨ ਕੋਰਟ ਨੇ ਕੇਂਦਰ ਸਰਕਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰਿਆਂ ਨੂੰ ਹੀ ਮੁਆਵਜ਼ਾ ਦਿਵਾਉਣ ਲਈ ਯਤਨ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਜੋਧਪੁਰ ਜੇਲ ਨਾਲ ਸਬੰਧਤ ਸਿੱਖਾਂ ਨੂੰ ਸਹਾਇਤਾ ਦਿੱਤੀ ਜਾ ਚੁੱਕੀ ਹੈ ਤੇ ਇਸ ਤੋਂ ਇਲਾਵਾ ਅਨੇਕਾਂ ਜੋਧਪੁਰੀਆਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ 'ਚ ਨੌਕਰੀਆਂ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਦੇ ਫੈਸਲੇ ਵਿਰੁੱਧ ਹਾਈ ਕੋਰਟ 'ਚ ਅਪੀਲ ਮਾਮਲੇ 'ਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਾਂਝੇ ਵਫ਼ਦ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਹ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਸ ਮਾਮਲੇ ਦਾ ਉਹ ਜਲਦ ਹੀ ਹੱਲ ਕੱਢਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ ਦੀ ਵੀ ਵਚਨਬੱਧਤਾ ਦੁਹਰਾਈ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ ਨੂੰ ਦੁਬਾਰਾ ਮਿਲਣ ਦੀ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਪਿੱਛੇ ਨਹੀਂ ਹਟੇਗੀ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸਮੇਂ ਵੱਖ-ਵੱਖ ਸਿੱਖ ਮਸਲੇ ਉਠਾਏ ਗਏ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੱਕ ਡੇਰਾ ਬਾਬਾ ਨਾਨਕ ਤੋਂ ਖੁੱਲ੍ਹਾ ਲਾਂਘਾ ਦੇਣ, ਸਿੱਖ ਰੈਂਫਰੈਂਸ ਲਾਇਬ੍ਰੇਰੀ ਦਾ ਜੂਨ 1984 ਦੌਰਾਨ ਲੁੱਟਿਆ ਖਜ਼ਾਨਾ ਵਾਪਸ ਕਰਨ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਨ, ਜੰਮੂ-ਕਸ਼ਮੀਰ 'ਚ ਸਿੱਖਾਂ ਨੂੰ ਘੱਟਗਿਣਤੀ ਦਰਜਾ ਦੇਣ, ਸਿੱਕਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਦਾ ਮਸਲਾ ਹੱਲ ਕਰਨ ਤੋਂ ਇਲਾਵਾ ਸ਼ਿਲਾਂਗ 'ਚ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਪੀਲ ਕੀਤੀ ਗਈ ਸੀ। ਭਾਈ ਲੌਂਗੋਵਾਲ ਅਨੁਸਾਰ ਇਨ੍ਹਾਂ ਸਿੱਖ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਜਗਜੀਤ ਸਿੰਘ ਜੱਗੀ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਦਰਸ਼ਨ ਸਿੰਘ ਲੌਂਗੋਵਾਲ ਪੀ. ਏ. ਸਮੇਤ ਹੋਰ ਮੌਜੂਦ ਸਨ।
ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ : ਸ਼ਵੇਤ ਮਲਿਕ
NEXT STORY