ਕਪੂਰਥਲਾ (ਸੋਢੀ)-ਮਨੁੱਖਤਾ ਦੇ ਰਹਿਬਰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ’ਚ ਕੋਈ ਕਮੀ-ਪੇਸ਼ੀ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਵਿਚਾਰ ਸੁਲਤਾਨਪੁਰ ਲੋਧੀ ਦੇ ਗੋਲਡ ਮੈਡਲਿਸਟ ਸੀਨੀਅਰ ਡਾਕਟਰ ਅਮਨਪ੍ਰੀਤ ਸਿੰਘ ਨੇ ਸਥਾਨਕ ਸ਼ਹਿਰ ਦੇ ਮਾਰਕੀਟ ਕਮੇਟੀ ਦਫਤਰ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟਾਏ। ਅੱਜ ਪਹਿਲੀ ਵਾਰ ਮਾਰਕੀਟ ਕਮੇਟੀ ਦਫਤਰ ਪੁੱਜਣ ’ਤੇ ਸੀਨੀਅਰ ਰੋਟਰੀ ਲੀਡਰ ਡਾਕਟਰ ਅਮਨਪ੍ਰੀਤ ਸਿੰਘ ਦਾ ਮਾਰਕੀਟ ਕਮੇਟੀ ਦੇ ਸਕੱਤਰ ਜਥੇ. ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਤੇ ਸੁਪਰਡੈਂਟ ਸੁਖਵੀਰ ਸਿੰਘ, ਮੰਡੀ ਸੁਪਰਵਾਈਜ਼ਰ ਜ਼ੋਰਾਵਰ ਸਿੰਘ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿਕਾਸ ਕਾਰਜ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਦਫਤਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਤਿਆਰ ਕੀਤੇ ਜਾ ਰਹੇ ਵੱਡੇ ਆਧੁਨਿਕ ਆਰਜ਼ੀ ਮੀਟਿੰਗ ਹਾਲ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਵੇਈਂ ਦੀ ਸੁੰਦਰਤਾ ਦੇ ਰਹਿੰਦੇ ਕਾਰਜ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਜਥੇ. ਸਾਹੀ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੌਮਾਂਤਰੀ ਪੱਧਰ ਦਾ ਮੁੱਖ ਸਮਾਗਮ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾਵੇਗਾ, ਜਿਸ ਕਾਰਨ ਉਸ ਸਮੇਂ ਝੋਨੇ ਦੀ ਫਸਲ ਵੇਚਣ ਲਈ ਸੁਲਤਾਨਪੁਰ ਲੋਧੀ ਦੇ ਨੇਡ਼ਲੇ ਪਿੰਡਾਂ ’ਚ ਨਵੇਂ ਆਰਜ਼ੀ ਫਡ਼੍ਹ ਬਣਾਉਣ ਲਈ ਜ਼ਿਲਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਇੰਜੀ. ਦਵਿੰਦਰਪਾਲ ਸਿੰਘ ਖਰਬੰਦਾ ਦੀ ਅਗਵਾਈ ਹੇਠ ਵਿਚਾਰਾਂ ਚੱਲ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਆਡ਼੍ਹਤੀ ਆਗੂ ਜਥੇ. ਪਰਮਜੀਤ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ ਸਰਪੰਚ, ਹਰਵਿੰਦਰ ਸਿੰਘ ਤੇ ਹੋਰਨਾਂ ਸ਼ਿਰਕਤ ਕੀਤੀ।
ਜਥੇ. ਖੋਜੇਵਾਲ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲਾ ਪ੍ਰਧਾਨ ਨਿਯੁਕਤ
NEXT STORY