ਕਪੂਰਥਲਾ (ਗੁਰਵਿੰਦਰ ਕੌਰ)-ਜ਼ਿਲਾ ਸਿੱਖਿਆ ਵਿਕਾਸ ਕਮੇਟੀ ਅਤੇ ਮਿੱਡ-ਡੇ ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐੱਸ. ਖਰਬੰਦਾ ਦੀ ਪ੍ਰਧਾਨਗੀ ਹੇਠ ਸਥਾਨਕ ਯੋਜਨਾ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਅੰਦਰਲੀ ਪ੍ਰਤਿਭਾ ਨਿਖਰ ਕੇ ਸਾਹਮਣੇ ਆਵੇ। ਉਨ੍ਹਾਂ ਕਿਹਾ ਕਿ ਹਰੇਕ ਬੀ. ਈ. ਓ. ਆਪਣੇ-ਆਪਣੇ ਬਲਾਕਾਂ ਵਿਚ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨ ਦੇ ਉਪਰਾਲੇ ਕਰੇ ਤਾਂ ਜੋ ਉਨ੍ਹਾਂ ਨੂੰ ਸੈਨਿਕ ਸਕੂਲ ਜਾਂ ਹੋਰਨਾਂ ਵੱਕਾਰੀ ਸੰਸਥਾਵਾਂ ਵਿਚ ਦਾਖ਼ਲੇ ਲਈ ਤਿਆਰ ਕੀਤਾ ਜਾ ਸਕੇ। ਇੰਜ. ਖਰਬੰਦਾ ਨੇ ਅਧਿਕਾਰੀਆਂ ਨੂੰ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ ਲਈ ਵਿੱਢੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੀ ਆਖਿਆ। ਉਨ੍ਹਾਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਅਤੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਆਪਣੇ ਪੱਧਰ ’ਤੇ ਵੀ ਉਪਰਾਲੇ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਹੀ ਕਿੱਤਾਮੁਖੀ ਟ੍ਰੇਨਿੰਗ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਵੇ ਅਤੇ ਖਾਣੇ ਦੀ ਗੁਣਵੱਤਾ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਸਕੂਲਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਜ਼ਿਲਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਅ) ਪਰਮਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਬਿਕਰਮ ਜੀਤ ਸਿੰਘ, ‘ਡਾਇਟ’ ਸ਼ੇਖੂਪੁਰ ਦੇ ਪ੍ਰਿੰਸੀਪਲ ਗੁਰਭਜਨ ਸਿੰਘ ਲਾਸਾਨੀ, ਸੁਖਵਿੰਦਰ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ, ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਜ਼ਿਲੇ ’ਚ ਹੁਣ ਤਕ 208 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ : ਡੀ. ਸੀ
NEXT STORY