ਤਲਵੰਡੀ ਸਾਬੋ(ਮੁਨੀਸ਼)— ਪਾਕਿਸਤਾਨ ਵਿਚਲੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਣਨ ਜਾ ਰਹੇ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੀਆਂ ਸੰਗਤਾਂ ਨੂੰ ਪਾਸਪੋਰਟ ਬਗੈਰ ਹੀ ਦਰਸ਼ਨਾਂ ਲਈ ਜਾਣ ਦੇਣ ਦੀ ਇਜਾਜ਼ਤ ਦੇਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਹ ਮੰਗ ਕੇਂਦਰ ਸਰਕਾਰ ਕੋਲ ਰੱਖ ਚੁੱਕੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਥੇ ਪੱਤਰਕਾਰ ਵਾਰਤਾ ਦੌਰਾਨ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਬੀਤੇ ਸਮੇਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਮੌਕੇ ਸਭ ਤੋਂ ਵੱਧ ਰੌਲਾ ਪਾਉਣ ਵਾਲੇ ਸਰਬੱਤ ਖਾਲਸਾ ਆਗੂ ਮੌਜੂਦਾ ਸਮੇਂ ਵੀ ਵਾਪਰ ਰਹੀਆਂ ਬੇਅਦਬੀ ਘਟਨਾਵਾਂ 'ਤੇ ਚੁੱਪ ਹਨ। ਇਹ ਹੈਰਾਨੀਜਨਕ ਹੈ। ਅੱਜ ਵੀ ਜੇ ਕਿਤੇ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦੀ ਟੀਮ ਜਾਂ ਜਥੇਦਾਰ ਸਾਹਿਬਾਨ ਵੱਲੋਂ ਮੁਲਾਜ਼ਮ ਉੱਥੇ ਜ਼ਰੂਰ ਭੇਜੇ ਜਾਂਦੇ ਹਨ ਤਾਂ ਕਿ ਜਾਇਜ਼ਾ ਲੈ ਕੇ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਸੱਜਣ ਕੁਮਾਰ ਸਮੇਤ 1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਭੂਮਿਕਾ ਨਿਭਾਉਣ ਵਾਲੇ ਗਵਾਹਾਂ ਅਤੇ ਵਕੀਲਾਂ ਦਾ ਸ਼੍ਰੋਮਣੀ ਕਮੇਟੀ ਸਨਮਾਨ ਕਰ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਇਸ ਮੌਕੇ ਭਾਈ ਅਮਰੀਕ ਸਿੰਘ ਕੋਟਸ਼ਮੀਰ ਤੇ ਭਾਈ ਜਰਨੈਲ ਸਿੰਘ ਕਰਤਾਰਪੁਰ ਦੋਵੇਂ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਗੁਰਪ੍ਰੀਤ ਸਿੰਘ ਝੱਬਰ, ਜਥੇ. ਗੁਰਤੇਜ ਸਿੰਘ ਢੱਡੇ, ਬੀਬੀ ਜੋਗਿੰਦਰ ਕੌਰ, ਭਾਈ ਮਿੱਠੂ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਕਰਨ ਸਿੰਘ ਤੇ ਰਣਜੀਤ ਸਿੰਘ ਮਲਕਾਣਾ ਆਦਿ ਹਾਜ਼ਰ ਸਨ।
ਮੋਹਾਲੀ : ਪਿੰਡ ਸੰਭਾਲਕੀ 'ਚੋਂ ਵਿਅਕਤੀ ਦੀ ਸੜੀ ਹੋਈ ਲਾਸ਼ ਬਰਾਮਦ
NEXT STORY