ਚੰਡੀਗੜ੍ਹ (ਕਮਲ) - ਪੰਜਾਬ ਦੇ ਜੰਗਲਾਤ, ਸਟੇਸ਼ਨਰੀ, ਪ੍ਰਿੰਟਿੰਗ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਸ਼ਿਆਂ ਦੇ ਮਾਮਲੇ 'ਚ ਕੇਜਰੀਵਾਲ ਵਲੋਂ ਮਾਣਹਾਨੀ ਕੇਸ ਨੂੰ ਲੈ ਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗੇ ਜਾਣ ਸਬੰਧੀ ਤਿੱਖਾ ਪ੍ਰਤੀਕਰਮ ਦਿੰਦਿਆਂ ਦੋਵਾਂ ਆਗੂਆਂ 'ਚ ਵੱਡੀ ਡੀਲ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਮਜੀਠੀਏ ਤੋਂ ਮੁਆਫੀ ਮੰਗ ਕੇ ਪੰਜਾਬੀਆਂ ਦੇ ਹਿੱਤਾਂ ਨੂੰ ਵੇਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਕਨਵੀਨਰ ਭਗਵੰਤ ਮਾਨ ਤੇ ਨਾ ਹੀ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਕੋਈ ਜਾਣਕਾਰੀ ਸੀ, ਜਿਸ ਤੋਂ ਸਾਫ ਜ਼ਾਹਿਰ ਹੈ ਕਿ ਅੱਜ ਕੇਜਰੀਵਾਲ ਨੂੰ ਪੰਜਾਬ ਦੇ 'ਆਪ' ਆਗੂਆਂ ਤੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ।
ਧਰਮਸੋਤ ਨੇ ਆਖਿਆ ਕਿ ਕੇਜਰੀਵਾਲ ਨੇ ਮੁਆਫ਼ੀ ਮੰਗ ਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਹੀ ਠੇਸ ਹੀ ਨਹੀਂ ਪਹੁੰਚਾਈ, ਸਗੋਂ ਵਿਦੇਸ਼ਾਂ 'ਚ ਰਹਿੰਦੇ ਉਨ੍ਹਾਂ ਪੰਜਾਬੀਆਂ ਦੇ ਹਿਰਦਿਆਂ ਨੂੰ ਵੀ ਵਲੂੰਧਰ ਕੇ ਰੱਖ ਦਿੱਤਾ ਹੈ, ਜਿਨ੍ਹਾਂ ਨੇ 'ਆਪ' ਪਾਰਟੀ ਨੂੰ ਚੋਣਾਂ ਦੌਰਾਨ ਫੰਡਿੰਗ ਕੀਤੀ ਸੀ ਜਾਂ ਪਾਰਟੀ ਲਈ ਪ੍ਰਚਾਰ ਕੀਤਾ ਸੀ। ਉਨ੍ਹਾਂ ਨੇ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਅਮਨ ਅਰੋੜਾ ਵੱਲੋਂ ਕੋ ਕਨਵੀਨਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ 'ਆਪ' ਦੇ ਬਾਕੀ ਵਿਧਾਇਕਾਂ ਨੂੰ ਵੀ ਆਪਣੀ ਅਣਖ਼ ਨੂੰ ਬਚਾਉਣ ਲਈ ਤੁਰੰਤ ਕੇਜਰੀਵਾਲ ਦਾ ਸਾਥ ਛੱਡ ਕੇ ਨਵੀਂ ਪਾਰਟੀ ਬਣਾ ਲੈਣੀ ਚਾਹੀਦੀ ਹੈ ਜਾਂ ਫ਼ਿਰ ਕਿਸੇ ਪਸੰਦੀਦਾ ਪਾਰਟੀ ਨਾਲ ਜੁੜ ਜਾਣਾ ਚਾਹੀਦਾ ਹੈ।
ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 2 ਦੀ ਮੌਤ
NEXT STORY