ਚੰਡੀਗੜ੍ਹ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਲੀ ਸੱਦਿਆ ਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਦਿੱਲੀ ਵਿਚ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਅਗਵਾਈ ਵਾਲੇ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਲਈ ਟੀਚੇ ਤੈਅ ਕੀਤੇ। ਮੀਟਿੰਗਾਂ ਦੌਰਾਨ ਕੇਜਰੀਵਾਲ ਨੇ ਸਾਫ਼ ਤੌਰ 'ਤੇ ਆਖ਼ ਦਿੱਤਾ ਕਿ ਮੰਤਰੀ ਭਾਵੇਂ ਕਿਸੇ ਵੀ ਪੱਧਰ ਦਾ ਹੋਵੇ, ਜੇ ਕੰਮ ਨਹੀਂ ਤਾਂ ਅਹੁਦਾ ਵੀ ਨਹੀਂ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ
ਮੀਡੀਆ ਰਿਪੋਰਟਾਂ ਮੁਤਾਬਕ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੱਡ ਕੇ ਪੰਜਾਬ ਦੇ ਸਾਰੇ ਮੰਤਰੀਆਂ ਨੂੰ ਦਿੱਲੀ ਬੁਲਾਇਆ ਅਤੇ ਉਨ੍ਹਾਂ ਨਾਲ ਵਨ-ਟੂ-ਵਨ ਮੀਟਿੰਗ ਕੀਤੀ, ਉਨ੍ਹਾਂ ਦੇ ਰਿਪੋਰਟ ਕਾਰਡਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਨੂੰ ਅਗਲੇ ਸਾਲ ਲਈ ਟੀਚੇ ਦਿੱਤੇ। ਸੂਤਰਾਂ ਮੁਤਾਬਕ ਮੰਤਰੀਆਂ ਨੇ ਆਪਣੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਆਪਣੇ ਰਿਪੋਰਟ ਕਾਰਡ ਤਿਆਰ ਕੀਤੇ ਹਨ। ਇਹ ਵੀ ਪਤਾ ਲੱਗਾ ਹੈ ਕਿ ਕੇਜਰੀਵਾਲ ਨੇ ਹਰ ਵਿਭਾਗ, ਖਾਸ ਤੌਰ 'ਤੇ ਮਾਈਨਿੰਗ, ਮਾਲੀਆ ਅਤੇ ਹੋਰਾਂ ਤੋਂ ਸਰੋਤ ਪੈਦਾ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ, ਕਿਉਂਕਿ ਰਾਜ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ 1,800 ਕਰੋੜ ਰੁਪਏ ਦੇ ਬਿਜਲੀ ਸਬਸਿਡੀ ਬਿੱਲ ਦਾ ਭੁਗਤਾਨ ਕਰਨ ਤੋਂ ਅਸਮਰੱਥ ਹੈ।
ਮਾਨ ਸਰਕਾਰ ਵੱਲੋਂ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿਚ ਲਏ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਰਾਜ ਵਿਚ ਵੱਡਾ ਮੁੱਦਾ ਬਣ ਗਿਆ ਹੈ ਕਿਉਂਕਿ ਇਸ ਵਿੱਤੀ ਵਰ੍ਹੇ ਦੇ ਅੰਤ ਤੱਕ ਸਰਕਾਰੀ ਖਜ਼ਾਨੇ ’ਤੇ ਕਰਜ਼ਾ 3.75 ਲੱਖ ਕਰੋੜ ਰੁਪਏ ਤੱਕ ਪੁੱਜ ਜਾਣਾ ਤੈਅ ਹੈ। ਹਾਲ ਹੀ ਵਿਚ, ਸਰਕਾਰ ਨੇ ਬਿਜਲੀ ਸਬਸਿਡੀ ਦਾ ਇਕ ਹਿੱਸਾ ਵਾਪਸ ਲੈ ਲਿਆ ਹੈ ਅਤੇ ਈਂਧਨ ਅਤੇ ਬੱਸ ਕਿਰਾਏ 'ਤੇ ਵੈਟ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪੁਰਾਣੇ ਵਾਹਨਾਂ 'ਤੇ ਗ੍ਰੀਨ ਟੈਕਸ ਲਗਾਇਆ ਸੀ। ਇਹ ਸਾਰੇ ਉਪਾਅ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਕੀਤੇ ਗਏ ਸਨ।
ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਤੋਂ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਰਹੇ ਹਨ। ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਖੁੱਡੀਆਂ ਤੇ ਹੋਰ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਉੱਥੇ ਹੀ ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੀਟਿੰਗ ਕਾਰਨ ਦਿੱਲੀ ਨਹੀਂ ਜਾ ਸਕੇ ਸਨ।
ਇਹ ਖ਼ਬਰ ਵੀ ਪੜ੍ਹੋ - Positive News: ਪੰਜਾਬ ਦੇ ਲੋਕਾਂ ਨੂੰ ਅੱਜ ਮਿਲੇਗੀ ਮਹਿੰਗਾਈ ਤੋਂ ਰਾਹਤ, ਸਰਕਾਰ ਨੇ ਚੁੱਕਿਆ ਵੱਡਾ ਕਦਮ
ਮੀਡੀਆ ਰਿਪੋਰਟਾਂ ਮੁਤਾਬਕ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਵਿਚ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟੋਰਲੈਂਸ ਨੂੰ ਲੈ ਕੇ ਵਚਨਬੱਧ ਹੈ। ਕਿਸੇ ਵੀ ਹਾਲਤ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਵਿਚ ਰਲ਼ਿਆ ਪਾਇਆ ਜਾਂਦਾ ਹੈ ਤਾਂ ਉਸ ਦਾ ਸਰਕਾਰ ਵਿਚ ਰਹਿਣਾ ਸੰਭਵ ਨਹੀਂ ਹੈ। ਸਰਕਾਰ ਪਹਿਲਾਂ ਵੀ ਭ੍ਰਿਸ਼ਟਾਚਾਰ ਖ਼ਿਲਾਫ਼ ਵਿਰੋਧੀਆਂ, ਸਾਬਕਾ ਸਰਕਾਰ ਦੇ ਮੰਤਰੀਆਂ, ਅਫ਼ਸਰਾਂ ਤੇ ਮੌਜੂਦਾ ਸਰਕਾਰ ਦੇ ਆਗੂਆਂ ਤੇ ਅਫ਼ਸਰਾਂ 'ਤੇ ਕਾਰਵਾਈ ਕਰ ਚੁੱਕੀ ਹੈ ਤੇ ਅੱਗੇ ਵੀ ਇਸ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਜਨਤਾ ਤੋਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ
NEXT STORY