ਖਡੂਰ ਸਾਹਿਬ (ਗਿੱਲ) : ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਨਾਗੋਕੇ ਦੇ ਵਸਨੀਕ ਸਾਬਕਾ ਫੌਜੀ ਕੰਵਲਜੀਤ ਸਿੰਘ ਪੁੱਤਰ ਚਰਨ ਸਿੰਘ ਨੇ ਆਪਣੇ ਗੁਆਂਢੀਆਂ ਉਪਰ ਰੰਜਿਸ਼ ਤਹਿਤ ਕੁੱਟਮਾਰ ਕਰਨ ਅਤੇ ਜਾਨ ਲੇਵਾ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਫੌਜੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਬੀਤੇ ਲਗਭਗ ਇਕ ਸਾਲ ਤੋਂ ਉਨ੍ਹਾਂ ਦਾ ਆਪਣੇ ਗੁਆਂਢ ਵਿਚ ਰਹਿੰਦੇ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਬੀਤੀ ਕੱਲ੍ਹ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਰਪਾਲ ਸਿੰਘ ਨੇ ਆਪਣੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਉਪਰ ਜਾਨਲੇਵਾ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਜਿਸ ਉਪਰੰਤ ਉਨ੍ਹਾਂ ਵੱਲੋਂ ਥਾਣਾ ਵੈਰੋਵਾਲ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪਰ ਸਬੰਧਤ ਥਾਣੇ ਦੀ ਪੁਲਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ ਕਿਉਂਕਿ ਉਨ੍ਹਾਂ ਵਲੋਂ ਕਈ ਦਿਨਾਂ ਤੋਂ ਪੁਲਸ ਨੂੰ ਸੂਚਿਤ ਕੀਤਾ ਜਾ ਰਿਹਾ ਸੀ ਕਿ ਉਕਤ ਵਿਅਕਤੀ ਉਨ੍ਹਾਂ ਦਾ ਰਾਹ ਘੇਰ ਰਹੇ ਹਨ। ਪੀੜਤ ਨੇ ਐੱਸ. ਐੱਸ. ਪੀ. ਤਰਨ ਤਾਰਨ ਪਾਸੋਂ ਹਮਲਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਜਦੋਂ ਵਿਰੋਧੀ ਧਿਰ ਦੇ ਵਿਅਕਤੀ ਹਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕੰਵਲਜੀਤ ਸਿੰਘ ਨਾਲ ਉਨ੍ਹਾਂ ਦਾ ਕਾਫੀ ਪੁਰਾਣਾ ਝਗੜਾ ਚੱਲਦਾ ਆ ਰਿਹਾ ਹੈ। ਜਿਸ ਸਬੰਧੀ ਕੰਵਲਜੀਤ ਸਿੰਘ ਉਪਰ ਪਹਿਲਾਂ ਵੀ ਥਾਣਾ ਵੈਰੋਵਾਲ ਵਿਖੇ ਮੁਕੱਦਮਾ ਦਰਜ ਹੋਇਆ ਹੈ। ਉਕਤ ਵਿਅਕਤੀ ਨੇ ਹੁਣ ਵੀ ਸਾਨੂੰ ਖੁਦ ਘੇਰ ਕੇ ਸਾਡੇ ਉਪਰ ਹਮਲਾ ਕੀਤਾ ਗਿਆ ਹੈ ਅਤੇ ਮੈਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਹਸਪਤਾਲ ਜੇਰੇ ਇਲਾਜ ਹਨ ਅਤੇ ਡਾਕਟਰੀ ਰਿਪੋਰਟ ਉਪਰੰਤ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।
ਤਿਵਾੜੀ ਨੂੰ ਮੁਅੱਤਲ ਕੀਤੇ ਜਾਣ ਦੀ ਅਧਿਆਪਕਾਂ ਵਲੋਂ ਨਿਖੇਧੀ
NEXT STORY