ਫਰ਼ੀਦਕੋਟ (ਜਗਤਾਰ ਦੁਸਾਂਝ ) : ਤਕਰੀਬਨ 7 ਸਾਲ ਪਹਿਲਾਂ ਪਿੰਡ ਬੁਰਜ਼ ਜਵਾਹਰ ਸਿੰਘ ਵਾਲਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਸਿੱਖ ਸਗਤਾਂ ਵੱਲੋਂ ਇਨਸਾਫ਼ ਦੀ ਮੰਗ ਕਰਦਿਆਂ 'ਖ਼ਾਲਸਾ ਇਨਸਾਫ਼ ਮਾਰਚ' ਕੱਢਿਆ ਗਿਆ। ਮਾਰਚ ਦੀ ਅਗਵਾਈ ਸਿੱਖ ਆਗੂ ਭਾਈ ਅਮਰੀਕ ਸਿੰਘ ਅਜਨਾਲਾ, ਸਿੱਖ ਸਟੂਡੈਂਟ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ ਅਤੇ ਹੋਰ ਪੰਥਕ ਆਗੂਆਂ ਵੱਲੋਂ ਕੀਤੀ ਗਈ। ਇਹ ਮਾਰਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕੋਟਕਪੂਰਾ ਚੌਕ ਤਕ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪੰਥਕ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਜਦੋਂ ਤਕ ਬੇਅਦਬੀ ਦਾ ਇਨਸਾਫ਼ ਨਹੀ ਮਿਲਦਾ, ਅਸੀਂ ਟਿਕ ਕੇ ਨਹੀ ਬੈਠਾਂਗੇ। ਉਨ੍ਹਾਂ ਕਿਹਾ ਕਿ ਤਕਰੀਬਨ 7 ਸਾਲ ਪਹਿਲਾਂ ਇਕ ਜੂਨ 2015 ਨੂੰ ਪਿੰਡ ਬੁਰਜ਼ ਜਵਾਹਰ ਸਿੰਘ ਵਾਲਾ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਤੋਂ ਬਾਅਦ ਅਕਤੂਬਰ 2015 'ਚ ਬਰਗਾੜੀ ਵਿਖੇ ਬੇਅਦਬੀ ਕਰ ਇਸ ਸਰੂਪ ਦੇ ਅੰਗ ਗਲੀਆਂ 'ਚ ਖਿਲਾਰੇ ਗਏ। ਇਸ ਬੇਅਦਬੀ ਦਾ ਇਨਸਾਫ਼ ਮੰਗ ਕਰ ਰਹੀਆਂ ਸਿੱਖ ਸੰਗਤਾਂ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਪੁਲਸ ਵੱਲੋਂ ਤਸ਼ੱਦਦ ਕੀਤੇ ਗਏ। ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ 'ਤੇ ਡਾਂਗਾ ਵਰ੍ਹਾਈਆਂ ਗਈਆਂ, ਗੰਦੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਗਈਆਂ। ਬਹਿਬਲ ਵਿਖੇ ਦੋ ਸਿੱਖਾਂ ਦੀ ਪੁਲਸ ਦੀ ਗੋਲੀ ਲੱਗਣ ਕਾਰਨ ਸ਼ਹੀਦੀ ਵੀ ਹੋ ਗਈ। 7 ਸਾਲਾਂ ਬਾਅਦ ਕਈ ਕਮਿਸ਼ਨ ਅਤੇ ਜਾਂਚ ਟੀਮਾਂ ਵੀ ਇਸ ਮਾਮਲੇ ਦੀ ਜਾਂਚ ਨੂੰ ਸਿਰੇ ਨਹੀਂ ਚੜ੍ਹਾ ਸਕੀਆਂ। ਇਸ ਕਾਰਨ ਅੱਜ ਵੀ ਸਿੱਖ ਸੰਗਤਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਦਾ ਇਨਸਾਫ਼ ਕੀਤਾ ਜਾਵੇ। ਇਸ ਮੌਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਗਾਰਡਨ ਦੇ ਤਲਾਬ 'ਚ ਡੁੱਬਣ ਕਾਰਨ 12 ਸਾਲਾ ਬੱਚੇ ਦੀ ਮੌਤ
ਗਾਰਡਨ ਦੇ ਤਲਾਬ 'ਚ ਡੁੱਬਣ ਕਾਰਨ 12 ਸਾਲਾ ਬੱਚੇ ਦੀ ਮੌਤ
NEXT STORY