ਅੰਮ੍ਰਿਤਸਰ(ਦੀਪਕ, ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਉਦਮਾਂ ਸਦਕਾ ਤਿੰਨ ਸਿੱਖ ਜਰਨੈਲਾਂ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ, ਜਨਰਲ ਹਰਬਖਸ਼ ਸਿੰਘ ਤੇ ਏਅਰ ਮਾਰਸ਼ਲ ਅਰਜਨ ਸਿੰਘ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ। ਇਸ ਮੌਕੇ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿਭਾਈ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਤੱਥਾਂ ਦੇ ਆਧਾਰ 'ਤੇ ਤਿੰਨਾਂ ਯੋਧਿਆਂ ਦੇ ਜੀਵਨ ਅਤੇ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇ ਯੋਧਿਆਂ ਨੇ ਹਮੇਸ਼ਾ ਹੀ ਦੇਸ਼, ਕੌਮ ਦੀ ਰਾਖੀ ਲਈ ਆਪਣੀਆਂ ਛਾਤੀਆਂ ਡਾਹ ਕੇ ਇਤਿਹਾਸ ਰਚਿਆ। ਇਨ੍ਹਾਂ ਸੂਰਬੀਰਾਂ ਦੀ ਹੀ ਦੇਣ ਹੈ ਕਿ ਅੱਜ ਪੰਜਾਬ ਭਾਰਤ ਦੇਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਦੀਆਂ ਸਾਰੀਆਂ ਗੈਲਰੀਆਂ 'ਚੋਂ ਲੰਘ ਕੇ ਆਖਰੀ ਗੈਲਰੀ ਤੱਕ ਪਹੁੰਚ ਕੇ ਸੰਗਤਾਂ ਨੂੰ ਆਪਣੇ ਮਨਾਂ ਅੰਦਰ ਕੌਮੀ ਇਤਿਹਾਸ ਤੇ ਪੰਥਕ ਭਾਵਨਾ ਦਾ ਅਨੋਖਾ ਅਨੁਭਵ ਮਹਿਸੂਸ ਹੁੰਦਾ ਹੈ ਅਤੇ ਉਹ ਆਪਣੇ ਮਨਾਂ ਅੰਦਰ ਸਿੱਖੀ ਪਿਆਰ ਨੂੰ ਭਰ ਕੇ ਲੈ ਜਾਂਦੀਆਂ ਹਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਨੂੰ ਸੰਭਾਲਣਾ ਸਾਡੇ ਸਾਰਿਆਂ ਦਾ ਮੁੱਢਲਾ ਤੇ ਮੁੱਖ ਕਰਤੱਵ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਸੇਵਾ ਤੇ ਫਰਜ਼ ਬਾਖੂਬੀ ਨਿਭਾਅ ਰਹੀ ਹੈ। ਇਸ ਮੌਕੇ ਸਿੰਘ ਸਾਹਿਬ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਅਮਰਜੀਤ ਸਿੰਘ ਚਾਵਲਾ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਸੁਰਜੀਤ ਸਿੰਘ ਕਾਲਾਬੂਲਾ ਤੇ ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਜਾਇਬ ਸਿੰਘ ਅਭਿਆਸੀ, ਅਮਰਜੀਤ ਸਿੰਘ ਬੰਡਾਲਾ, ਬਿਕਰਮ ਸਿੰਘ ਕੋਟਲਾ, ਗੁਰਲਾਲ ਸਿੰਘ ਫਤਿਹਗੜ੍ਹ ਸਾਹਿਬ ਤੇ ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਤੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਤੇ ਸੰਗਤਾਂ ਹਾਜ਼ਰ ਸਨ।
ਸੜਕ ਹਾਦਸੇ 'ਚ ਦੋ ਬੱਚਿਆਂ ਸਮੇਤ ਪਤੀ-ਪਤਨੀ ਜ਼ਖਮੀ
NEXT STORY