ਝਬਾਲ/ਬੀੜ ਸਾਹਿਬ, (ਲਾਲੂਘੁੰਮਣ, ਬਖਤਾਵਰ, ਭਾਟੀਆ)- ਪਿੰਡ ਢੰਡ ਵਾਸੀ ਕਿਸਾਨ ਮਨਜੀਤ ਸਿੰਘ ਪੁੱਤਰ ਠਾਕੁਰ ਸਿੰਘ ਨੇ ਉਨ੍ਹਾਂ ਨਾਲ ਧੋਖਾਦੇਹੀ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਦਰਜ ਕੀਤੇ ਗਏ ਕੇਸ ਦੇ ਮਾਮਲੇ 'ਚ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਵਾਈ 'ਤੇ ਸ਼ੱਕ ਜਤਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਸ ਕਥਿਤ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਦੇਰੀ ਕਰ ਰਹੀ ਹੈ, ਜਿਸ ਕਰ ਕੇ ਮੁਲਜ਼ਮ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।
ਜਾਣਕਾਰੀ ਦਿੰਦਿਆਂ ਮਨਜੀਤ ਸਿੰਘ, ਉਸ ਦੀ ਪਤਨੀ ਰਣਜੀਤ ਕੌਰ, ਲੜਕੇ ਜਸਪਾਲ ਸਿੰਘ ਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਨਾਲ ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਤੇ ਗੁਰਸੇਵਕ ਸਿੰਘ ਵੱਲੋਂ ਧੋਖਾਦੇਹੀ ਕੀਤੀ ਗਈ ਸੀ, ਜਿਸ ਸਬੰਧੀ ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਉੱਚ ਪੁਲਸ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਉਕਤ ਕਥਿਤ ਮੁਲਜ਼ਮਾਂ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ ਵਿਖੇ 18 ਫਰਵਰੀ 2018 ਨੂੰ ਕੇਸ ਦਰਜ ਕੀਤਾ ਗਿਆ ਸੀ ਪਰ ਦਰਜ ਕੇਸ 'ਚ ਨਾਮਜ਼ਦ ਦੋਸ਼ੀਆਂ ਕੋਲੋਂ ਉਨ੍ਹਾਂ ਦੇ ਲਾਇਸੈਂਸੀ ਹਥਿਆਰ ਜਮ੍ਹਾ ਨਾ ਕਰਵਾਉਣ ਕਰ ਕੇ ਉਕਤ ਲੋਕ ਉਨ੍ਹਾਂ ਨੂੰ ਕੇਸ ਵਾਪਸ ਲੈਣ ਲਈ ਦਬਾਅ ਬਣਾ ਰਹੇ ਹਨ ਤੇ ਕੇਸ ਵਾਪਸ ਨਾ ਲੈਣ ਦੀ ਸੂਰਤ 'ਚ ਸਾਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨਾਲ ਉਕਤ ਲੋਕਾਂ ਵੱਲੋਂ ਕੋਈ ਅਣਸੁਖਾਵੀਂ ਘਟਨਾ ਕੀਤੀ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੁਲਸ ਦੇ ਉੱਚ ਅਧਿਕਾਰੀਆਂ ਸਣੇ ਪੰਜਾਬ ਦੇ ਮੁੱਖ ਮੰਤਰੀ ਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੱਤਰ ਵੀ ਲਿਖੇ ਹੋਏ ਹਨ।
ਕੀ ਕਹਿਣਾ ਹੈ ਐੱਸ. ਐੱਚ. ਓ. ਬਲਜਿੰਦਰ ਸਿੰਘ ਦਾ
ਥਾਣਾ ਸਰਾਏ ਅਮਾਨਤ ਖਾਂ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਦਾ ਕਹਿਣਾ ਹੈ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਤੇ ਗੁਰਸੇਵਕ ਸਿੰਘ ਵਿਰੁੱਧ ਦਰਜ ਕੇਸ ਸਬੰਧੀ ਉਨ੍ਹਾਂ ਵੱਲੋਂ ਖੁਦ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ ਤੇ ਹਾਲਾਤ ਦੇ ਮੱਦੇਨਜ਼ਰ ਦੋਹਾਂ ਧਿਰਾਂ ਦੇ ਲਾਇਸੈਂਸੀ ਹਥਿਆਰ ਥਾਣੇ ਜਮ੍ਹਾ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ।
ਸੰਜਮ ਗੁਪਤਾ ਦਾ ਮਾਮਲਾ : ਆਤਮਹੱਤਿਆ ਨਹੀਂ, ਕੀਤੀ ਗਈ ਹੈ ਹੱਤਿਆ
NEXT STORY