ਮੋਗਾ, (ਪਵਨ ਗਰੋਵਰ/ਗੋਪੀ ਰਾਊਕੇ)- ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਮੋਗਾ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲਾ ਪ੍ਰਧਾਨ ਟਹਿਲ ਸਿੰਘ ਝੰਡੇਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਅਤੇ ਜ਼ਮੀਨ ਦੀ ਕੁਰਕੀ, ਨਿਲਾਮੀ ਰੋਕਣ ਦਾ ਵਾਅਦਾ ਕੀਤਾ ਸੀ, ਜੋ ਕਿ ਸਰਕਾਰ ਨੇ ਅੱਜ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਸਿਰ ਚੜ੍ਹੇ ਸਰਕਾਰੀ, ਸਹਿਕਾਰੀ ਬੈਂਕਾਂ ਅਤੇ ਆੜ੍ਹਤੀਆਂ ਦੇ ਹਰ ਤਰ੍ਹਾਂ ਦੇ ਕਰਜ਼ਿਆਂ ਨੂੰ ਮੁਆਫ ਕਰ ਕੇ ਕਿਸਾਨਾਂ ਵੱਲੋਂ ਦਿੱਤੇ ਖਾਲੀ ਚੈੱਕ ਤੁਰੰਤ ਵਾਪਸ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਮੱਧ ਪ੍ਰਦੇਸ਼ ਦੇ ਕਿਸਾਨਾਂ 'ਤੇ ਅੰਨ੍ਹੇਵਾਹ ਗੋਲੀ ਚਲਾ ਕੇ 6 ਕਿਸਾਨਾਂ ਨੂੰ ਮਾਰਨ ਅਤੇ ਸੈਂਕੜੇ ਕਿਸਾਨਾਂ ਨੂੰ ਜ਼ਖ਼ਮੀ ਕਰਨ ਦੇ ਜ਼ਿੰਮੇਵਾਰ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਸਮੇਂ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ, ਛਿੰਦਰ ਸਿੰਘ ਝੰਡੇਆਣਾ, ਬੂਟਾ ਸਿੰਘ ਤਖਾਣਵੱਧ, ਪ੍ਰਗਟ ਸਿੰਘ ਸਾਫ਼ੂਵਾਲਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਦੌਰਾਨ ਆਗੂਆਂ ਵੱਲੋਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਇਕ ਮੰਗ-ਪੱਤਰ ਵੀ ਦਿੱਤਾ ਗਿਆ।
ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
NEXT STORY