ਚੰਡੀਗੜ੍ਹ : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਸੂਬੇ ਦੇ ਸਾਬਕਾ ਡੀ. ਜੀ. ਪੀ. ਅਤੇ ਵਿਵਾਦਾਂ 'ਚ ਘਿਰੇ ਰਹਿਣ ਵਾਲੇ ਸੁਮੇਧ ਸਿੰਘ ਸੈਣੀ ਨੂੰ ਤਲਬ ਕਰ ਲਿਆ ਹੈ। ਸੂਤਰਾਂ ਮੁਤਾਬਕ ਸਿਟ ਵੱਲੋਂ ਸਾਬਕਾ ਪੁਲਸ ਮੁਖੀ ਨੂੰ 25 ਫਰਵਰੀ ਨੂੰ ਆਈ. ਪੀ. ਐੱਸ. ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੈਣੀ ਦੀ ਇਹ ਪੇਸ਼ੀ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਹੈ। ਪਿੰਡ ਬਰਗਾੜੀ 'ਚ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਚੌਕ ਵਿਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ 'ਤੇ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ ਤੇ ਗੋਲੀ ਵੀ ਚਲਾਈ ਗਈ ਸੀ। ਇਸ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਕੈਪਟਨ ਸਰਕਾਰ ਵੱਲੋਂ ਗਠਿਤ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਅਗਸਤ 2018 ਨੂੰ ਕੋਟਕਪੂਰਾ ਥਾਣੇ 'ਚ ਕੇਸ ਦਰਜ ਕੀਤਾ ਗਿਆ ਸੀ। ਕਮਿਸ਼ਨ ਨੇ ਸਾਬਕਾ ਪੁਲਸ ਮੁਖੀ ਵੱਲੋਂ ਦਿੱਤੇ ਹਲਫ਼ੀਆ ਬਿਆਨ ਦੇ ਆਧਾਰ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਨਾਲ ਤਾਇਨਾਤ ਕਈ ਆਈ. ਏ. ਐੱਸ. ਅਧਿਕਾਰੀਆਂ ਦੀ ਭੂਮਿਕਾ 'ਤੇ ਵੀ ਸ਼ੱਕ ਦੀ ਉਂਗਲ ਚੁੱਕੀ ਸੀ।
ਸਿਟ ਨਾਲ ਜੁੜੇ ਇਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਸੁਮੇਧ ਸੈਣੀ ਖ਼ਿਲਾਫ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੁਖ਼ਤਾ ਸਬੂਤ ਹਨ। ਪੁਲਸ ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਸਿਟ ਵੱਲੋਂ ਗ੍ਰਿਫ਼ਤਾਰ ਕੀਤੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਵੀ ਪੁੱਛਗਿੱਛ ਦੌਰਾਨ ਤਤਕਾਲੀ ਪੁਲਸ ਮੁਖੀ ਦੀ ਕੋਟਕਪੂਰਾ ਗੋਲੀ ਕਾਂਡ ਵਿਚ ਭੂਮਿਕਾ ਸਬੰਧੀ ਕੁਝ ਖੁਲਾਸੇ ਕੀਤੇ ਹਨ। ਪੁਲਸ ਦੇ ਸਾਬਕਾ ਤੇ ਮੌਜੂਦਾ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤੇ ਜਾਣ ਕਰਕੇ ਅਕਾਲੀਆਂ ਖ਼ਾਸ ਕਰ ਕੇ ਬਾਦਲ ਪਰਿਵਾਰ ਵਿਚ ਘਬਰਾਹਟ ਪਾਈ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀਰਵਾਰ ਨੂੰ ਚੰਡੀਗੜ੍ਹ ਵਿਚ ਪੱਤਰਕਾਰਾਂ ਸਾਹਮਣੇ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਤੇ ਪ੍ਰਗਟਾਵੇ ਕੀਤੇ ਗਏ ਹਨ, ਉਸ ਤੋਂ ਕੋਟਕਪੂਰਾ ਗੋਲੀ ਕਾਂਡ ਦਾ ਸੇਕ ਬਾਦਲਾਂ ਤੱਕ ਪਹੁੰਚਣ ਦਾ ਸਹਿਜੇ ਅੰਦਾਜ਼ਾ ਲਾਇਆ ਜਾ ਸਕਦਾ ਹੈ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਇਕ ਪਟੀਸ਼ਨ 'ਤੇ ਪੰਜਾਬ ਪੁਲਸ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਸਾਬਕਾ ਪੁਲਸ ਮੁਖੀ ਨੂੰ ਜੇਕਰ ਗ੍ਰਿਫ਼ਤਾਰ ਕਰਨਾ ਹੈ ਤਾਂ ਇਕ ਹਫ਼ਤੇ ਦਾ ਅਗਾਊਂ ਨੋਟਿਸ ਦਿੱਤਾ ਜਾਵੇ। ਇਸ ਪਟੀਸ਼ਨ 'ਤੇ ਸੁਣਵਾਈ 26 ਫ਼ਰਵਰੀ ਨੂੰ ਹੋਣੀ ਹੈ ਅਤੇ ਸਿਟ ਨੇ ਹਾਈ ਕੋਰਟ 'ਚ ਹੋਣ ਵਾਲੀ ਸੁਣਵਾਈ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਸੈਣੀ ਨੂੰ ਤਲਬ ਕਰ ਲਿਆ ਹੈ।
ਚੰਡੀਗੜ੍ਹ 'ਚ 'ਰੋਜ਼ ਫੈਸਟੀਵਲ' ਦੀ ਸ਼ੁਰੂਆਤ, 'ਚੌਪਰ ਰਾਈਡ' ਦਾ ਲੈ ਸਕੋਗੇ ਮਜ਼ਾ
NEXT STORY