ਚੰਡੀਗੜ੍ਹ (ਭੁੱਲਰ) - ਬਰਗਾੜੀ ਤੇ ਬਹਿਬਲਕਲਾਂ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਗਠਿਤ ਐੱਸ.ਆਈ.ਟੀ. ਦੇ ਸੀਨੀਅਰ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਿਛਲੇ ਦਿਨੀਂ ਪ੍ਰਸਾਰਿਤ ਹੋਈ ਟੀ.ਵੀ ਇੰਟਰਵਿਊ ਸਬੰਧੀ ਚੋਣ ਕਮਿਸ਼ਨ ਨੇ ਰਿਪੋਰਟ ਤਲਬ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਨੂੰ ਚੋਣ ਜ਼ਾਬਤੇ ਦਾ ਉਲੰਘਣ ਦੱਸਦਿਆਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸੇ ਦੌਰਾਨ ਚੋਣ ਕਮਿਸ਼ਨ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਖਿਲਾਫ਼ ਸ਼ਿਕਾਇਤ ਬਾਰੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਤੋਂ ਮੁੜ ਰਿਪੋਰਟ ਮੰਗੀ ਗਈ ਹੈ। ਗ੍ਰਹਿ ਵਿਭਾਗ ਦੇ ਸਕੱਤਰ ਨੂੰ ਕੁੰਵਰ ਵਿਜੇ ਪ੍ਰਤਾਪ ਖਿਲਾਫ਼ ਸ਼ਿਕਾਇਤ ਦੀ ਜਾਂਚ ਕਰਕੇ ਇਸ ਦੀ ਰਿਪੋਰਟ 24 ਘੰਟੇ ਅੰਦਰ ਕਮਿਸ਼ਨ ਨੂੰ ਦੇਣ ਦੀ ਹਿਦਾਇਤ ਕੀਤੀ ਗਈ ਹੈ।
ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਅਗਲੀ ਕਾਰਵਾਈ ਲਈ ਕਮਿਸ਼ਨ ਨੂੰ ਭੇਜ ਦਿੱਤੀ ਜਾਵੇਗੀ। ਅਕਾਲੀ ਦਲ ਵਲੋਂ ਦਿੱਤੀ ਗਈ ਸ਼ਿਕਾਇਤ ਵਿਚ ਦੋਸ਼ ਲਾਉਂਦਿਆਂ ਕਿਹਾ ਗਿਆ ਸੀ ਕਿ ਐਸ.ਆਈ.ਟੀ. ਗੋਲੀਕਾਂਡ ਦੀ ਜਾਂਚ ਲਈ ਗਠਿਤ ਕੀਤੀ ਗਈ ਸੀ, ਪਰ ਸੱਤਾਧਾਰੀ ਕਾਂਗਰਸ ਪਾਰਟੀ ਵਲੋਂ ਇਸ ਦਾ ਸਿਆਸੀਕਰਨ ਕਰਕੇ ਰਾਜਨੀਤਿਕ ਲਾਹਾ ਲੈਣ ਦੇ ਯਤਨ ਕੀਤੇ ਜਾ ਰਹੇ ਹਨ। ਟੀਵੀ ਇੰਟਰਵਿਊ ਰਾਹੀਂ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਦਿੱਤੀ ਗਈ ਸ਼ਿਕਾਇਤ ਵਿਚ ਵਿਸ਼ੇਸ਼ ਤੌਰ 'ਤੇ ਦੋ ਦਿਨ ਪਹਿਲਾਂ ਐਸ.ਆਈ.ਟੀ. ਦੇ ਸੀਨੀਅਰ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਟੀਵੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦੀ ਵੀਡੀਓ ਵੀ ਕਮਿਸ਼ਨ ਨੂੰ ਦਿੱਤੀ ਗਈ ਹੈ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਨਿਰਪੱਖ ਚੋਣ ਲਈ ਸਿਟ ਮੁਖੀ ਨੂੰ ਚੋਣਾਂ ਦੇ ਸਮੇਂ ਤੱਕ ਰਾਜ ਤੋਂ ਬਾਹਰ ਤਬਦੀਲ ਕੀਤਾ ਜਾਵੇ।
ਮੰਤਰੀ ਸਿੰਗਲਾ ਬਾਰੇ ਵੀ ਮੁੜ ਰਿਪੋਰਟ ਮੰਗੀ:
ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਖਿਲਾਫ਼ ਚੋਣ ਜਾਬਤੇ ਦੇ ਉਲੰਘਣ ਦੇ ਮਾਮਲੇ ਵਿਚ ਪਿਛਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਸ਼ਿਕਾਇਤ ਸਬੰਧੀ ਚੋਣ ਕਮਿਸ਼ਨ ਵਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਤੋਂ ਮੁੜ ਰਿਪੋਰਟ ਮੰਗੀ ਗਈ ਹੈ। ਆਪ ਦੇ ਵਫ਼ਦ ਵਲੋਂ ਮੁੱਖ ਚੋਣ ਅਧਿਕਾਰੀ ਨਾਲ ਪਿਛਲੇ ਦਿਨੀਂ ਮੁਲਾਕਾਤ ਕਰਕੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਇਸ ਸਬੰਧੀ ਸ਼ਿਕਾਇਤ ਕਮਿਸ਼ਨ ਨੂੰ ਸੌਂਪਦਿਆਂ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਵਲੋਂ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਸਕੂਲਾਂ ਦੀ ਮੁਰੰਮਤ ਲਈ ਫੰਡ ਜਾਰੀ ਕੀਤੇ ਗਏ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਗਈ ਸੀ। ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵਲੋਂ ਆਈ ਰਿਪੋਰਟ ਵਿਚ ਦੱਸਿਆ ਗਿਆ ਕਿ ਇਹ ਫੰਡ ਚੋਣ ਜਾਬਤਾ ਲਾਗੂ ਹੋਣ ਤੋਂ ਪਹਿਲਾਂ ਜਾਰੀ ਹੋਏ ਹਨ। ਪਰ ਕਮਿਸ਼ਨ ਦਫ਼ਤਰ ਦੇ ਅਧਿਕਾਰੀ ਇਸ ਰਿਪੋਰਟ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੋਏ ਤੇ ਦੁਬਾਰਾ ਤੱਥਾਂ ਸਹਿਤ ਪੂਰੀ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।
ਅੰਮ੍ਰਿਤਸਰ ਹਲਕੇ 'ਚ ਭਾਜਪਾ ਉਮੀਦਵਾਰ ਲਈ ਚੁਣੌਤੀ ਸਾਬਤ ਹੋਣਗੀਆਂ ਲੋਕ ਸਭਾ ਚੋਣਾਂ
NEXT STORY