ਜਲੰਧਰ (ਚੋਪੜਾ)— ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ 'ਚ ਡਿਪਟੀ ਕਮਿਸ਼ਨਰਾਂ ਨੂੰ ਇਸ ਟਿੱਡੀ ਦਲ ਦੇ ਹਮਲੇ ਨਾਲ ਨਜਿੱਠਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਟਿੱਡੀ ਦਲ ਦੇ ਹਮਲੇ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ 'ਚ ਵੱਖ-ਵੱਖ ਮਹਿਕਮਿਆਂ ਦੀ ਹੋਈ ਸਾਂਝੀ ਮੀਟਿੰਗ ਦੌਰਾਨ ਕਿਹਾ ਕਿ ਜ਼ਿਲੇ ਨਾਲ ਸਬੰਧਤ ਅਧਿਕਾਰੀ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਪਿੰਡ ਪੱਧਰ 'ਤੇ ਕੈਂਪ ਲਗਾ ਕੇ ਕਿਸਾਨਾਂ ਅਤੇ ਪੰਚਾਇਤਾਂ ਨੂੰ ਇਸ ਹਮਲੇ ਬਾਰੇ ਜਾਗਰੂਕ ਕਰਨ।
ਉਨ੍ਹਾਂ ਕਿਹਾ ਕਿ ਟਿੱਡੀ ਦਲ ਦਾ ਹਮਲਾ ਫਸਲਾਂ ਲਈ ਬਹੁਤ ਹੀ ਹਾਨੀਕਾਰਕ ਹੁੰਦਾ ਹੈ ਕਿਉਂਕਿ ਲੱਖਾਂ ਦੀ ਤਾਦਾਦ 'ਚ ਟਿੱਡੀਆਂ ਖੜ੍ਹੀਆਂ ਫਸਲਾਂ ਨੂੰ ਬਹੁਤ ਨੁਕਸਾਨ ਪਹੁੰਚਾਉਂਦੀਆਂ ਹਨ। ਇਸ ਲਈ ਇਸ ਖੇਤਰ 'ਚ ਇਸ ਨਾਲ ਸਬੰਧਤ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਕੀਟਨਾਸ਼ਕ ਦਾ ਛਿੜਕਾਅ ਕੀਤਾ ਜਾਵੇ।
ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਿੱਡੀ ਦਲ ਨਾਲ ਸਬੰਧਤ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਫੈਲਾਉਣ ਲਈ ਐੱਸ. ਡੀ. ਐੱਮ. ਦੀ ਦੇਖ-ਰੇਖ 'ਚ ਪਿੰਡਾਂ 'ਚ ਜਾਗਰੂਕਤਾ ਕੈਂਪ ਲਾਏ ਜਾਣ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅਨੁਪਮ ਕਲੇਰ, ਐੱਸ. ਡੀ.ਐੱਮ. 2 ਰਾਹੁਲ ਸਿੰਧੂ, ਗੌਤਮ ਜੈਨ, ਸੰਜੀਵ ਕੁਮਾਰ ਸ਼ਰਮਾ, ਡਾ. ਜੈਇੰਦਰ ਸਿੰਘ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਖੇਤੀਬਾੜੀ ਅਧਿਕਾਰੀ ਨਰੇਸ਼ ਗੁਲਾਟੀ ਅਤੇ ਹੋਰ ਵੀ ਹਾਜ਼ਰ ਸਨ।
ਵਿਕੇਂਦਰੀਕਰਣ ਅਤੇ ਸੰਘਵਾਦ ਦੇਸ਼ ਨੂੰ ਬਣਾ ਦੇਵੇਗਾ ਆਤਮ-ਨਿਰਭਰ
NEXT STORY