ਭਵਾਨੀਗੜ੍ਹ,(ਕਾਂਸਲ)-ਲੋਕ ਇਨਸਾਫ ਪਾਰਟੀ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਕੱਢੀ ਜਾ ਰਹੀ “ਪੰਜਾਬ ਅਧਿਕਾਰ ਯਾਤਰਾ“ਦਾ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ 'ਚ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਯਾਤਰਾ ਦੇ ਆਖਰੀ ਦਿਨ 19 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ 21 ਲੱਖ ਪੰਜਾਬੀਆਂ ਵੱਲੋਂ ਦਸਤਖ਼ਤ ਕੀਤੀ ਗਈ ਪਟੀਸ਼ਨ ਦਾਇਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੇ ਪਾਣੀਆਂ ਨੂੰ ਅਤੇ ਪੰਜਾਬ ਦੀ ਕਿਸਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦਾ ਜੋ ਪਾਣੀ ਬਾਹਰਲੇ ਸੂਬਿਆਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਮੁਫ਼ਤ 'ਚ ਲੁਟਾਇਆ ਜਾ ਰਿਹਾ ਹੈ, ਉਸ ਲੁੱਟੇ ਜਾ ਰਹੇ ਪਾਣੀ ਦੀ ਬਣਦੀ ਕੀਮਤ ਵਸੂਲ ਕਰਨਾ ਹੈ, ਜਿਸ ਦੀ ਰਾਸ਼ੀ ਇਕੱਲੇ ਰਾਜਸਥਾਨ ਤੋਂ 16 ਲੱਖ ਕਰੋੜ ਤੋਂ ਵੀ ਜ਼ਿਆਦਾ ਬਣਦੀ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ 16 ਨਵੰਬਰ 2016 ਨੂੰ ਦਿੱਲੀ, ਰਾਜਸਥਾਨ ਅਤੇ ਹਰਿਆਣਾ ਨੂੰ ਪੰਜਾਬ ਦੇ ਮੁਫ਼ਤ ਦਿੱਤੇ ਜਾ ਰਹੇ ਪਾਣੀ ਦੀ ਕੀਮਤ ਵਸੂਲ ਕਰਨ ਲਈ ਬੜੀ ਜੱਦੋ-ਜਹਿਦ ਕਰਨ ਤੋਂ ਬਾਅਦ ਇਹ ਬਿੱਲ ਪੰਜਾਬ ਵਿਧਾਨ ਸਭਾ 'ਚ ਪਾਸ ਕਰਵਾਇਆ ਗਿਆ ਸੀ ਪਰ ਅਫਸੋਸ ਦੀ ਗੱਲ ਇਹ ਹੈ ਕਿ ਅੱਜ ਤੱਕ ਨਾ ਹੀ ਬਾਦਲਾਂ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਅਤੇ ਨਾ ਹੀ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਨ੍ਹਾਂ ਸੂਬਿਆ ਨੂੰ ਪਾਣੀ ਦੇ ਬਿੱਲ ਬਣਾ ਕੇ ਨਹੀਂ ਭੇਜੇ।
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਉਪਰ ਜੋ ਇਕ ਔਰਤ ਵੱਲੋਂ ਜਬਰ-ਜਨਾਹ ਕਰਨ ਦੇ ਕਥਿਤ ਦੋਸ਼ ਲਗਾਏ ਗਏ ਹਨ, ਇਹ ਸਚਾਈ ਦਾ ਕਾਫਲਾ ਰੋਕਣ ਲਈ ਇਕ ਵੱਡੀ ਚਾਲ ਰਚੀ ਗਈ ਹੈ। ਔਰਤ ਵੱਲੋਂ ਆਤਮ ਹੱਤਿਆ ਕਰ ਲੈਣ ਦੀਆਂ ਧਰਮਕੀਆਂ ਦਿੱਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਮੈਂ ਇਸ ਤਰ੍ਹਾਂ ਦੀਆਂ ਗਿੱਦੜ ਧਰਕੀਆਂ ਤੋਂ ਡਰਨ ਵਾਲਾ ਨਹੀਂ ਅਤੇ ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਦੋ-ਚਾਰ ਦਿਨਾਂ 'ਚ ਇਸ ਦਾ ਜਵਾਬ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ 3 ਕਾਲੇ ਕਾਨੂੰਨਾਂ ਦੇ ਵਿਰੁੱਧ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਰੋਸ ਧਰਨੇ 'ਚ ਸ਼ਾਮਿਲ ਹੋਣ ਲਈ ਉਹ ਵੀ ਕਿਸਾਨਾਂ ਨਾਲ ਦਿੱਲੀ ਵੱਲ ਕੁੱਚ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਅਤੇ ਹਲਕਾ ਸੰਗਰੂਰ ਦੇ ਇੰਚਾਰਜ ਤਲਵਿੰਦਰ ਸਿੰਘ ਮਾਨ ਸਮੇਤ ਕਈ ਹੋਰ ਆਗੂ ਵੀ ਮੌਜੂਦ ਸਨ।
ਮਾਂ ਦੇ ਸਸਕਾਰ ’ਤੇ ਪੁੱਤਾਂ ਦੀ ਕਰਤੂਤ, ਸ਼ਮਸ਼ਾਨਘਾਟ ਨੂੰ ਬਣਾਇਆ ਜੰਗਦਾ ਮੈਦਾਨ, ਲੱਕੜਾਂ ਚੁੱਕ-ਚੁੱਕ ਮਾਰੀਆਂ
NEXT STORY