ਚੰਡੀਗੜ੍ਹ (ਭੁੱਲਰ)—ਪੰਜਾਬ ਰਾਜ 'ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁਲ 2060 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ 1762 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ 298 ਸ਼ਿਕਾਇਤਾਂ ਵਿਚਾਰ ਅਧੀਨ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਤੋਂ 181 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ 164 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਦਕਿ 17 ਸ਼ਿਕਾਇਤਾਂ ਵਿਚਾਰ ਅਧੀਨ ਹਨ। ਇਸੇ ਤਰ੍ਹਾਂ ਪੁਲਸ ਨਾਲ ਸਬੰਧਤ 325 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਦਕਿ ਪੁਲਸ ਵਿਰੁਧ 149 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ 20 ਸ਼ਿਕਾਇਤਾਂ, ਪੇਂਡੂ ਅਤੇ ਪੰਚਾਇਤ ਵਿਕਾਸ ਵਿਭਾਗ ਨਾਲ ਸਬੰਧਤ 77 ਸ਼ਿਕਾਇਤਾਂ, ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 79 ਸ਼ਿਕਾਇਤਾਂ ਅਤੇ ਹੋਰ ਵਿਭਾਗਾਂ ਨਾਲ ਸਬੰਧਤ 1157 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਰਾਜਨੀਤਕ ਪਾਰਟੀਆਂ ਵੱਲੋਂ 112 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਦਕਿ ਉਨ੍ਹਾਂ ਵਿਰੁੱਧ 58 ਸ਼ਿਕਾਇਤਾਂ ਮਿਲਿਆਂ ਹਨ। ਡਾ. ਰਾਜੂ ਨੇ ਦੱਸਿਆ ਕਿ ਸੀ-ਵਿਜਿਲ ਐਪ ਉੱਤੇ ਹੁਣ ਤੱਕ 3855 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨ੍ਹਾਂ ਵਿਚੋਂ 2277 ਦਰੁਸਤ ਪਾਈਆਂ ਗਈਆਂ ਹਨ।
ਪੰਜਾਬ 'ਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 283 ਕਰੋੜ ਦੀ ਨਕਦੀ ਤੇ ਵਸਤਾਂ ਜ਼ਬਤ
NEXT STORY