ਚੰਡੀਗੜ੍ਹ : ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਬਾਅਦ ਜਗਮੀਤ ਬਰਾੜ 'ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਖੁਲਾਸੇ 'ਤੇ ਸੁਖਬੀਰ ਬਾਦਲ ਨੇ ਜਵਾਬੀ ਹਮਲਾ ਬੋਲਿਆ ਹੈ। ਸੁਖਬੀਰ ਨੇ ਕਿਹਾ ਕਿ ਇਹ ਬਹੁਤ ਛੋਟੀ ਗੱਲ ਹੈ, ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ ਹੈ। ਇਸ ਦੇ ਨਾਲ ਸੁਖਬੀਰ ਨੇ ਜਗਮੀਤ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਉਹ ਇਕ ਮਿਹਨਤੀ ਆਗੂ ਹਨ ਅਤੇ ਉਨ੍ਹਾਂ ਦੇ ਆਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਸੁਖਬੀਰ ਨੇ ਕਿਹਾ ਕਿ ਮੈਂ ਪਹਿਲੀ ਚੋਣ ਜਗਮੀਤ ਬਰਾੜ ਖਿਲਾਫ ਹੀ ਲੜੀ ਸੀ ਤੇ ਮੈਂ ਬਰਾੜ ਤੋਂ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਗਮੀਤ ਬਰਾੜ ਦੀ ਘਰ ਵਾਪਸੀ ਹੋਈ ਹੈ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਇਸ ਮੌਕੇ ਜਗਮੀਤ ਦਾ ਸਵਾਗਤ ਕਰਨ ਲਈ ਪੁੱਜਿਆ ਹੈ।
ਦੱਸਣਯੋਗ ਹੈ ਕਿ ਜਗਮੀਤ ਬਰਾੜ ਦੇ ਅਕਾਲੀ ਦਲ 'ਚ ਸ਼ਮੂਲੀਅਤ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕੁਝ ਦਿਨ ਪਹਿਲਾਂ ਜਗਮੀਤ ਬਰਾੜ ਕਾਂਗਰਸ ਵਿਚ ਸ਼ਾਮਲ ਹੋਣ ਲਈ ਤਰਲੋ ਮੱਛੀ ਹੋ ਰਹੇ ਸਨ, ਜਿਸ ਲਈ ਉਹ ਉਨ੍ਹਾਂ ਨੂੰ ਵਟਸਐਪ 'ਤੇ ਮੈਸੇਜ ਕਰਕੇ ਕਾਂਗਰਸ ਵਿਚ ਸ਼ਾਮਲ ਕਰਨ ਲਈ ਬੇਨਤੀਆਂ ਕਰ ਰਹੇ ਸਨ, ਜਦੋਂ ਕਾਂਗਰਸ ਵਿਚ ਉਨ੍ਹਾਂ ਦੀ ਗੱਲ ਨਹੀਂ ਬਣੀ ਤਾਂ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਟਵਿੱਟਰ 'ਤੇ ਜਗਮੀਤ ਬਰਾੜ ਵਲੋਂ ਮੁੱਖ ਮੰਤਰੀ ਨੂੰ ਕੀਤੇ ਗਏ ਵਟਸਐਪ ਦੇ ਮੈਸੇਜ ਵੀ ਸਾਂਝੇ ਕੀਤੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜਗਮੀਤ ਬਰਾੜ ਕਾਂਗਰਸ ਵਲੋਂ ਬਠਿੰਡਾ ਤੋਂ ਚੋਣ ਲੜਨਾ ਚਾਹੁੰਦੇ ਸਨ ਪਰ ਕਾਂਗਰਸ ਵਿਚ ਉਨ੍ਹਾਂ ਦੀ ਦਾਲ ਨਹੀਂ ਗਲੀ।
ਪਤਾ ਨਹੀਂ ਕਦੋਂ ਦੂਰ ਹੋਣਗੀਆਂ ਜੈੱਟ ਏਅਰਵੇਜ਼ ਦੇ ਯਾਤਰੀਆਂ ਦੀਆਂ ਮੁਸੀਬਤਾਂ?
NEXT STORY