ਰੂਪਨਗਰ (ਵਿਜੇ)— ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਜ਼ਿਲਾ ਚੋਣ ਅਫਸਰ ਡਾ. ਸੁਮਿਤ ਕੁਮਾਰ ਜਾਰੰਗਲ ਦੇ ਦਫਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕੁਰਾਲੀ ਤੋਂ ਰੂਪਨਗਰ ਤੱਕ ਆਪਣੇ ਸਮਰਥਕਾਂ ਨਾਲ ਵਿਸ਼ਾਲ ਰੋਡ ਸ਼ੋਅ ਕੱਢਿਆ। ਜਿਸ ਗੱਡੀ 'ਚ ਨਰਿੰਦਰ ਸਿੰਘ ਸ਼ੇਰਗਿੱਲ ਸਵਾਰ ਸਨ, ਉਸ ਨੂੰ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨਾਲ ਸਜਾਇਆ ਗਿਆ ਸੀ। ਇਸ ਦੌਰਾਨ ਵੱਡੀ ਗਿਣਤੀ ਸਮਰਥਕ ਆਪਣੀਆਂ ਨਿੱਜੀ ਗੱਡੀਆਂ ਲੈ ਕੇ ਸ਼ਾਮਲ ਹੋਏ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਾਲੰਟੀਅਰਾਂ ਅਤੇ ਲੋਕਾਂ 'ਚ ਅੱਜ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਅਤੇ ਲੋਕਾਂ ਵੱਲੋਂ ਚੰਗਾ ਸਮਰਥਨ ਮਿਲਿਆ ਹੈ, ਜਿਸ ਨਾਲ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀ ਦੋ ਸਾਲ ਦੀ ਕਾਰਗੁਜ਼ਾਰੀ ਤੋਂ ਦੁਖੀ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਾ ਕਰਨ ਕਰਕੇ ਕਿਸਾਨ, ਮੁਲਾਜ਼ਮ, ਮਜ਼ਦੂਰ, ਬੇਰੁਜ਼ਗਾਰ ਨੌਜਵਾਨ ਦੁਖੀ ਹਨ ਅਤੇ ਔਰਤਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਨਹੀਂ ਬਣਾਇਆ ਜਾ ਸਕਿਆ, ਜਿਸ ਕਰਕੇ ਲੋਕ ਸਭਾ ਚੋਣਾਂ 'ਚ ਲੋਕ ਕਾਂਗਰਸ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਵੀ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਸਗੋਂ ਨੋਟਬੰਦੀ ਕਰਕੇ ਦੇਸ਼ ਦੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ ਅਤੇ ਲੋਕਾਂ ਦੇ ਕਾਰੋਬਾਰ ਤਬਾਹ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਜੋ ਕਿ ਦੂਜੀ ਵਾਰ ਚੋਣ ਮੈਦਾਨ 'ਚ ਹਨ ਪਿਛਲੇ ਪੰਜ ਸਾਲਾਂ ਦੌਰਾਨ ਇਕ ਵੀ ਵਿਕਾਸ ਦਾ ਕੰਮ ਨਹੀਂ ਕਰ ਸਕੇ। ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਕਿਹਾ ਕਿ ਸਾਡਾ ਮੁੱਖ ਮਨੋਰਥ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ, ਬੇਰੁਜ਼ਗਾਰੀ, ਨਸ਼ਾਖੋਰੀ ਤੇ ਭ੍ਰਿਸ਼ਟਾਚਾਰ ਨੂੰ ਠੱਲ ਪਾਉਣਾ ਹੈ।
ਇਸ ਮੌਕੇ ਵੱਡੀ ਗਿਣਤੀ ਵਿਚ ਆਪ ਵਲੰਟੀਅਰਾਂ ਸਮੇਤ ਡਾ. ਚਰਨਜੀਤ ਸਿੰਘ ਹਲਕਾ ਸ੍ਰੀ ਚਮਕੌਰ ਸਾਹਿਬ, ਡਾ. ਸੰਜੀਵ ਗੌਤਮ ਨੰਗਲ, ਸਤੀਸ਼ ਕੌਸ਼ਲ ਮੋਹਾਲੀ, ਜ਼ਿਲਾ ਪ੍ਰਧਾਨ ਮਾ. ਹਰਦਿਆਲ ਸਿੰਘ, ਰਣਜੀਤ ਸਿੰਘ ਪਤਿਆਲਾ, ਬਲਵਿੰਦਰ ਸਿੰਘ ਗਿੱਲ ਆਪ ਬੁਲਾਰਾ ਪੰਜਾਬ, ਸਰਬਜੀਤ ਸਿੰਘ ਹੁੰਦਲ ਸ਼ਹਿਰੀ ਪ੍ਰਧਾਨ, ਪ੍ਰਭਜੋਤ ਕੌਰ ਮੋਹਾਲੀ ਆਦਿ ਮੌਜੂਦ ਸਨ।
ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਸਿੱਟ ਵੱਲੋਂ ਅਕਾਲੀਆਂ ਨੂੰ ਕੋਈ ਕਲੀਨ ਚਿੱਟ ਨਹੀਂ: ਕੈਪਟਨ
NEXT STORY