ਲੁਧਿਆਣਾ (ਅਨਿਲ) - ਮਹਾਨਗਰ ਦੀ ਦਾਣਾ ਮੰਡੀ ਸਥਿਤ ਪਟਾਕਾ ਮਾਰਕੀਟ ਵਿੱਚ ਹਥਿਆਰਾਂ ਦੇ ਜ਼ੋਰ ’ਤੇ ਪਟਾਕਾ ਕਾਰੋਬਾਰੀ ਤੋਂ ਲੱਖਾਂ ਰੁਪਏ ਦਾ ਮਾਲ ਲੁੱਟਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕਾਰੋਬਾਰੀ ਦਾ ਦੋਸ਼ ਹੈ ਕਿ 30 ਤੋਂ 40 ਹਥਿਆਰਬੰਦ ਵਿਅਕਤੀ ਉਸ ਦੀ ਦੁਕਾਨ ’ਤੇ ਪਹੁੰਚੇ ਅਤੇ ਪਿਸਤੌਲ ਸਮੇਤ ਹੋਰ ਹਥਿਆਰਾਂ ਦੀ ਨੋਕ ’ਤੇ ਜ਼ਬਰਦਸਤੀ ਬੋਰੀਆਂ ਵਿੱਚ ਪਟਾਕੇ ਭਰਵਾ ਕੇ ਆਪਣੀਆਂ ਗੱਡੀਆਂ ਵਿੱਚ ਲੱਦ ਕੇ ਫਰਾਰ ਹੋ ਗਏ। ਕਾਰੋਬਾਰੀ ਮੁਤਾਬਕ ਲੁੱਟੇ ਗਏ ਪਟਾਕਿਆਂ ਦੀ ਕੀਮਤ ਕਰੀਬ 20 ਤੋਂ 25 ਲੱਖ ਰੁਪਏ ਹੈ। ਇਸ ਸਬੰਧੀ ਅੱਜ ਪੀੜਤ ਪਟਾਕਾ ਕਾਰੋਬਾਰੀ ਅਤੇ ਪ੍ਰਧਾਨ ਪ੍ਰਦੀਪ ਪੱਪਾ ਵਾਸੀ ਜਨਕਪੁਰੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਿਛਲੇ 25 ਸਾਲਾਂ ਤੋਂ ਪਟਾਕੇ ਵੇਚਣ ਦਾ ਕਾਰੋਬਾਰ ਕਰ ਰਹੇ ਹਨ। ਇਸ ਵਾਰ ਵੀ ਦੀਵਾਲੀ ਦੇ ਮੌਕੇ ’ਤੇ ਉਨ੍ਹਾਂ ਨੇ ਦਾਣਾ ਮੰਡੀ ਵਿੱਚ ਪਟਾਕੇ ਵੇਚਣ ਲਈ ਦੁਕਾਨ ਨੰਬਰ 33 ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ 7 ਨਵੰਬਰ ਦੀ ਰਾਤ ਨੂੰ ਜਦੋਂ ਉਹ ਆਪਣੀ ਦੁਕਾਨ ’ਤੇ ਮੌਜੂਦ ਸਨ ਤਾਂ ਅਚਾਨਕ 30 ਤੋਂ 40 ਵਿਅਕਤੀ ਉੱਥੇ ਪਹੁੰਚ ਗਏ। ਉਕਤ ਵਿਅਕਤੀਆਂ ਦੇ ਹੱਥਾਂ ਵਿੱਚ ਪਿਸਤੌਲ ਅਤੇ ਹੋਰ ਹਥਿਆਰ ਸਨ। ਹਥਿਆਰਬੰਦ ਵਿਅਕਤੀਆਂ ਨੇ ਦੁਕਾਨ ’ਤੇ ਪਹੁੰਚਦੇ ਹੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਅਤੇ ਜ਼ਬਰਦਸਤੀ ਉਨ੍ਹਾਂ ਦੀ ਦੁਕਾਨ ਵਿੱਚੋਂ ਪਟਾਕੇ ਬੋਰੀਆਂ ਵਿੱਚ ਭਰਨੇ ਸ਼ੁਰੂ ਕਰ ਦਿੱਤੇ ਪੀੜਤ ਨੇ ਦੱਸਿਆ ਕਿ ਉਕਤ ਵਿਅਕਤੀ ਵੱਡੀ ਗਿਣਤੀ ਵਿੱਚ ਪਟਾਕਿਆਂ ਦੀਆਂ ਬੋਰੀਆਂ ਭਰ ਕੇ ਆਪਣੀਆਂ ਗੱਡੀਆਂ ਵਿੱਚ ਲੱਦ ਕੇ ਮੌਕੇ ਤੋਂ ਫਰਾਰ ਹੋ ਗਏ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਕਰੀਬ 20 ਤੋਂ 25 ਲੱਖ ਰੁਪਏ ਦੇ ਪਟਾਕੇ ਜ਼ਬਰਦਸਤੀ ਲੈ ਗਏ ਹਨ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਪਰ ਉਨ੍ਹਾਂ ਦਾ ਦੋਸ਼ ਹੈ ਕਿ ਘਟਨਾ ਨੂੰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਿਕਾਇਤ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਪੀੜਤ ਕਾਰੋਬਾਰੀ ਪ੍ਰਧਾਨ ਪ੍ਰਦੀਪ ਪੱਪਾ ਨੇ ਪੁਲਸ ਕਮਿਸ਼ਨਰ ਆਈ.ਪੀ.ਐਸ. ਸਵਪਨ ਸ਼ਰਮਾ ਕੋਲੋਂ ਗੁਹਾਰ ਲਗਾਉਂਦਿਆਂ ਕਿਹਾ ਕਿ ਹਥਿਆਰਾਂ ਦੇ ਜ਼ੋਰ ’ਤੇ ਹੋਈ ਇਸ ਵਾਰਦਾਤ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਲੁੱਟ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ।
ਕੀ ਕਹਿੰਦੇ ਹਨ ਥਾਣਾ ਮੁਖੀ ਜਸਵੀਰ ਸਿੰਘ ਗਿੱਲ
ਜਦੋਂ ਉਕਤ ਸ਼ਿਕਾਇਤ ਬਾਰੇ ਥਾਣਾ ਸਲੇਮ ਟਾਬਰੀ ਦੇ ਮੁਖੀ ਜਸਵੀਰ ਸਿੰਘ ਗਿੱਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪ੍ਰਧਾਨ ਪ੍ਰਦੀਪ ਪੱਪਾ ਦੀ ਸ਼ਿਕਾਇਤ ਪੁਲਸ ਕੋਲ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁੰਡਾਗਰਦੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਥਾਣਾ ਮੁਖੀ ਨੇ ਦੱਸਿਆ ਕਿ ਜਲਦੀ ਹੀ ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਭਾਜਪਾ ਕੌਂਸਲਰ ਗੋਰਾ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਪੁਲਸ ਕਮਿਸ਼ਨਰ ਕੋਲੋਂ ਪਟਾਕਾ ਕਾਰੋਬਾਰੀ ਪੱਪਾ ਨੂੰ ਇਨਸਾਫ਼ ਦਿਵਾਉਣ ਦੀ ਕੀਤੀ ਮੰਗ ਵਾਰਡ ਨੰਬਰ 80 ਦੇ ਕੌਂਸਲਰ ਗੌਰਵਜੀਤ ਗੋਰਾ ਨੇ ਜਨਕਪੁਰੀ ਦੇ ਰਹਿਣ ਵਾਲੇ ਪਟਾਕਾ ਕਾਰੋਬਾਰੀ ਪ੍ਰਧਾਨ ਪ੍ਰਦੀਪ ਪੱਪਾ ਨਾਲ ਕਥਿਤ ਤੌਰ ’ਤੇ ਕੀਤੀ ਗਈ ਸ਼ਰੇਆਮ ਗੁੰਡਾਗਰਦੀ ਅਤੇ 20 ਤੋਂ 25 ਲੱਖ ਰੁਪਏ ਦੇ ਪਟਾਕੇ ਲੁੱਟਣ ਦੇ ਮਾਮਲੇ ਸਬੰਧੀ ਫੇਸਬੁੱਕ ’ਤੇ ਲਾਈਵ ਹੋ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀ ਗੁੰਡਾਗਰਦੀ ਕਰਨ ਵਾਲੇ ਲੋਕਾਂ ਖ਼ਿਲਾਫ਼ ਪੁਲਿਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਦਾ ਕਾਰੋਬਾਰ ਕਰਨ ਵਾਲੇ ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਉਹ ਪ੍ਰਦੀਪ ਪੱਪਾ ਦਾ ਸਾਥ ਦੇਣ, ਤਾਂ ਜੋ ਉਸ ਨਾਲ ਹੋਈ ਲੁੱਟ ਦੇ ਮਾਮਲੇ ਵਿੱਚ ਉਸ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਕੌਂਸਲਰ ਗੋਰਾ ਨੇ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਨੂੰ ਤਾਲੇ ਲਗਾ ਕੇ ਉਨ੍ਹਾਂ ਦੀਆਂ ਚਾਬੀਆਂ ਪੁਲਸ ਕਮਿਸ਼ਨਰ ਨੂੰ ਸੌਂਪ ਦੇਣਗੇ। ਉਨ੍ਹਾਂ ਕਿਹਾ ਕਿ ਅਜਿਹੀ ਗੁੰਡਾਗਰਦੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ਼ੁੱਕਰਵਾਰ ਨੂੰ ਪੰਜਾਬ 'ਚ ਲੰਬਾ Power Cut! ਇਨ੍ਹਾ ਇਲਾਕਿਆਂ 'ਚ ਸਾਰਾ ਦਿਨ ਨਹੀਂ ਆਵੇਗੀ ਬੱਤੀ
NEXT STORY