ਖੰਨਾ (ਵਿਪਨ): ਦਿੱਲੀ–ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ਸ਼ਹਿਰ ਖੰਨਾ ਵਿਚ ਵੱਧ ਰਹੀ ਟ੍ਰੈਫਿਕ ਸਮੱਸਿਆ ਨੂੰ ਦੇਖਦੇ ਹੋਏ ਜ਼ਿਲ੍ਹਾ ਮਜਿਸਟਰੇਟ ਹਿਮਾਂਸ਼ੂ ਜੈਨ ਵੱਲੋਂ ਮਹੱਤਵਪੂਰਨ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਨਗਰ ਕੌਂਸਲ ਖੰਨਾ ਦੀ ਹਦੂਦ ਅੰਦਰ ਟਰੱਕ, ਟ੍ਰਾਲੇ, ਟਿੱਪਰ ਅਤੇ ਹੋਰ ਸਾਰੇ ਹੈਵੀ ਵਾਹਨਾਂ ਦੀ ਐਂਟਰੀ ਪੂਰੀ ਤਰ੍ਹਾਂ ਬੰਦ ਰਹੇਗੀ। ਇਸ ਫੈਸਲੇ ਨਾਲ ਸ਼ਹਿਰ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਕਾਫੀ ਹੱਦ ਤੱਕ ਕਾਬੂ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਮਹਿਕਮਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਹੁਕਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮਕਸਦ ਲਈ ਸ਼ਹਿਰ ਦੇ ਸਾਰੇ ਮੁੱਖ ਐਂਟਰੀ ਪੁਆਇੰਟਾਂ ‘ਤੇ ਸਾਈਨ ਬੋਰਡ ਲਗਾਏ ਜਾਣਗੇ ਅਤੇ ਟ੍ਰੈਫਿਕ ਪੁਲਿਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਪੁਲਿਸ ਵੱਲੋਂ ਸਖ਼ਤ ਨਾਕਾਬੰਦੀ ਕਰਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਨਿਰਧਾਰਤ ਸਮੇਂ ਦੌਰਾਨ ਕੋਈ ਵੀ ਹੈਵੀ ਵਾਹਨ ਸ਼ਹਿਰ ਦੀ ਹਦੂਦ ਅੰਦਰ ਦਾਖ਼ਲ ਨਾ ਹੋ ਸਕੇ।
ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਡਰਾਈਵਰ ਇਨ੍ਹਾਂ ਨਿਯਮਾਂ ਨੂੰ ਤੋੜਦਾ ਹੈ ਤਾਂ ਉਸ ‘ਤੇ 20 ਹਜ਼ਾਰ ਰੁਪਏ ਤੱਕ ਦਾ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸਦੇ ਨਾਲ ਹੀ ਲੋੜ ਪੈਣ ‘ਤੇ ਵਾਹਨ ਜ਼ਬਤ ਕਰਨ ਵਰਗੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਪੁਲਸ ਜ਼ਿਲ੍ਹਾ ਖੰਨਾ ਦੇ ਐਸਪੀ ਹੈਡਕੁਆਰਟਰ ਹਰਪਿੰਦਰ ਕੌਰ ਗਿੱਲ ਅਤੇ ਡੀਐਸਪੀ ਟ੍ਰੈਫਿਕ ਕਰਮਵੀਰ ਤੂਰ ਨੇ ਦੱਸਿਆ ਕਿ ਡੀਸੀ ਵੱਲੋਂ ਜਾਰੀ ਹੁਕਮਾਂ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਅਤੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਟ੍ਰੈਫਿਕ ਪ੍ਰਬੰਧਨ ਸੁਚਾਰੂ ਬਣਿਆ ਰਹੇ।
ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਹੈਵੀ ਵਾਹਨਾਂ ਦੀ ਐਂਟਰੀ ਬੰਦ ਹੋਣ ਨਾਲ ਸੜਕਾਂ ‘ਤੇ ਭੀੜ ਘਟੇਗੀ, ਜਾਮ ਤੋਂ ਰਾਹਤ ਮਿਲੇਗੀ ਅਤੇ ਦੁਰਘਟਨਾਵਾਂ ਦੀ ਸੰਭਾਵਨਾ ਵੀ ਘਟੇਗੀ। ਖਾਸ ਕਰਕੇ ਸਕੂਲੀ ਬੱਚਿਆਂ, ਦਫ਼ਤਰ ਜਾਣ ਵਾਲੇ ਕਰਮਚਾਰੀਆਂ, ਵਪਾਰੀਆਂ ਅਤੇ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਇਸ ਨਾਲ ਵੱਡਾ ਫਾਇਦਾ ਹੋਵੇਗਾ।
ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM ਰਿਹਾਇਸ਼
NEXT STORY