ਮਾਛੀਵਾੜਾ ਸਾਹਿਬ (ਟੱਕਰ) : ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਖੇ ਹੋਏ ਕਤਲ ਤੋਂ ਬਾਅਦ ਸਿਆਸੀ ਪਾਰਟੀਆਂ, ਧਾਰਮਿਕ, ਸਮਾਜਿਕ ਅਤੇ ਕਿਸਾਨ ਜੱਥੇਬੰਦੀਆਂ ਵਲੋਂ ਸੰਯੁਕਤ ਰੂਪ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਤੋਂ ਬਾਅਦ ਮਾਛੀਵਾੜਾ ਸਾਹਿਬ ਮੁਕੰਮਲ ਤੌਰ ’ਤੇ ਬੰਦ ਰਿਹਾ। ਅੱਜ ਸਵੇਰ ਤੋਂ ਹੀ ਮਾਛੀਵਾੜਾ ਦੀ ਕੋਈ ਵੀ ਦੁਕਾਨ ਨਾ ਖੁੱਲ੍ਹੀ ਅਤੇ ਪੁਲਸ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਡੀ. ਐੱਸ. ਪੀ. ਕਰਮਜੀਤ ਸਿੰਘ, ਇੰਸਪੈਕਟਰ ਗੁਰਪ੍ਰਤਾਪ ਸਿੰਘ, ਥਾਣਾ ਮੁਖੀ ਚਰਨਜੀਤ ਸਿੰਘ ਭਾਰੀ ਫੋਰਸ ਬਲ ਸਮੇਤ ਮਾਛੀਵਾੜਾ ਸ਼ਹਿਰ ਦੇ ਪ੍ਰਮੁੱਖ ਚੌਂਕਾਂ 'ਚ ਤਾਇਨਾਤ ਰਹੇ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਦੇ ਦਿਖਾਈ ਦਿੱਤੇ। ਖਾਲਸਾ ਚੌਂਕ ਨੇੜੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ, ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਅਤੇ ਧਾਰਮਿਕ ਜੱਥੇਬੰਦੀਆਂ ਦੇ ਆਗੂ ਇਕੱਤਰ ਹੋਏ ਜਿਨ੍ਹਾਂ ਨੇ ਕੁੱਝ ਸਮੇਂ ਲਈ ਚੌਂਕ ਜਾਮ ਕੀਤਾ ਅਤੇ ਉਸ ਤੋਂ ਬਾਅਦ 'ਚ ਸ਼ਹਿਰ 'ਚ ਰੋਸ ਮਾਰਚ ਕੱਢਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਸੁਖਵਿੰਦਰ ਸਿੰਘ ਭੱਟੀਆਂ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮਨਮੋਹਣ ਸਿੰਘ ਖੇੜਾ, ਕਿਸਾਨ ਆਗੂ ਯੁਗਰਾਜ ਸਿੰਘ ਮੰਡ, ਬਲਵੀਰ ਸਿੰਘ ਮਾਨ, ਸੁੱਖਾ ਮਾਨ ਆਦਿ ਨੇ ਕਿਹਾ ਕਿ ਇੱਕ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦਾ ਨਸ਼ਾ ਵੇਚਣ ਵਾਲਿਆਂ ਵਲੋਂ ਕਤਲ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਉਸਦੇ ਕਤਲ ਪਿੱਛੇ ਸਰਕਾਰ ਤੇ ਪੁਲਸ ਪ੍ਰਸ਼ਾਸਨ ਦੀ ਵੱਡੀ ਨਲਾਇਕੀ ਹੈ ਅਤੇ ਜੇਕਰ ਨਸ਼ਿਆਂ ਖ਼ਿਲਾਫ਼ ਸਮੇਂ ਸਿਰ ਨੱਥ ਪਾਈ ਹੁੰਦੀ ਤਾਂ ਅੱਜ ਉਸਦਾ ਕਤਲ ਨਾ ਹੁੰਦਾ। ਉਨ੍ਹਾਂ ਕਿਹਾ ਕਿ ਸਮੂਹ ਜੱਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਅੱਜ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀਆਂ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ ਜਾਂਦਾ ਹੈ। ਉਕਤ ਆਗੂਆਂ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਨੱਥ ਪਾਉਣ ਲਈ ਸਰਕਾਰ ਨੂੰ ਪੁਖ਼ਤਾ ਪ੍ਰਬੰਧ ਕਰਨੇ ਪੈਣਗੇ ਨਹੀਂ ਤਾਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਵਰਗਿਆਂ ਦੇ ਕਤਲ ਹੋਣਗੇ ਅਤੇ ਪੰਜਾਬ ਦੀ ਜਵਾਨੀ ਤਬਾਹ ਹੁੰਦੀ ਰਹੇਗੀ।
'ਪੰਜਾਬ ਬੰਦ' ਦੌਰਾਨ ਓਲਡ ਕਾਲਕਾ ਰੋਡ ਰਿਹਾ ਮੁਕੰਮਲ ਬੰਦ, ਜਾਮ 'ਚ ਫਸੀ ਸਕੂਲੀ ਬੱਸ
NEXT STORY