ਮਹਿਲ ਕਲਾਂ (ਹਮੀਦੀ): ਸੰਯੁਕਤ ਗਊ ਸਰੱਖਿਆ ਦਲ ਅਤੇ ਗਊ ਸਰੱਖਿਆ ਸੇਵਾ ਦਲ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਗਊਆਂ ਨਾਲ ਭਰਿਆ ਇੱਕ ਟਰੱਕ ਕਾਬੂ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਗਊ ਸਰੱਖਿਆ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਗਊ ਸਰੱਖਿਆ ਸੇਵਾ ਦਲ ਦੇ ਪ੍ਰਧਾਨ ਸੰਦੀਪ ਵਰਮਾ ਰਾਮਪੁਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਬੀਹਲਾ ਤੋਂ ਇੱਕ ਟਰੱਕ ਵਿਚ 14 ਗਊਆਂ, ਇਕ ਢੱਠਾ ਅਤੇ ਦੋ ਬੱਛੀਆਂ ਨੂੰ ਬਿਨਾਂ ਕਾਨੂੰਨੀ ਦਸਤਾਵੇਜ਼ਾਂ ਦੇ ਹੋਰਨਾਂ ਸੂਬਿਆਂ ਵੱਲ ਬੁੱਚੜਖਾਨਿਆਂ ਲਈ ਲਿਜਾਇਆ ਜਾ ਰਿਹਾ ਹੈ।
ਉਨ੍ਹਾਂ ਇਸ ਸਬੰਧੀ ਤੁਰੰਤ 112 ਐਮਰਜੈਂਸੀ ਸੇਵਾਵਾਂ ਦੇ ਇੰਚਾਰਜ ਜਗਮੋਹਨ ਸਿੰਘ ਸੁਧਾਰ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਪੁਲਿਸ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਮਹਿਲ ਕਲਾਂ ਤੋਂ ਥੋੜੀ ਦੂਰੀ ’ਤੇ ਟਰੱਕ ਨੂੰ ਕਾਬੂ ਕਰ ਲਿਆ। ਗਊ ਸਰੱਖਿਆ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਗਊ-ਸਰੱਖਿਆ ਕਾਨੂੰਨਾਂ ਦੀ ਢਿੱਲੀ ਪਾਲਣਾ ਕਾਰਨ ਅਜਿਹੀਆਂ ਘਟਨਾਵਾਂ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟਰੱਕ ਪਹਿਲਾਂ ਵੀ ਵੱਖ-ਵੱਖ ਇਲਾਕਿਆਂ ਤੋਂ ਫੜੇ ਜਾ ਚੁੱਕੇ ਹਨ, ਪਰ ਸਰਕਾਰ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਨਾ ਹੋਣ ਕਾਰਨ ਗਊ-ਵੰਸ਼ ਦੀ ਬੇਅਦਬੀ ਰੁਕ ਨਹੀਂ ਰਹੀ। ਉਨ੍ਹਾਂ ਟਰੱਕ ਕਾਬੂ ਕਰਨ ਵਿੱਚ ਸਹਿਯੋਗ ਦੇਣ ਲਈ ਪੁਲਿਸ ਪਾਰਟੀ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਮੌਕੇ ਪੁਲਿਸ ਥਾਣਾ ਮਹਿਲ ਕਲਾਂ ਦੇ ਏਐਸਆਈ ਜਗਰੂਪ ਸਿੰਘ ਨੇ ਦੱਸਿਆ ਕਿ ਜਥੇਬੰਦੀਆਂ ਦੇ ਆਗੂਆਂ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿੱਤੀ ਜਾਵੇਗੀ। ਟਰੱਕ ਤੋਂ ਬਰਾਮਦ ਕੀਤੀਆਂ ਗਊਆਂ ਨੂੰ ਸੁਰੱਖਿਅਤ ਤੌਰ ’ਤੇ ਗਊਸ਼ਾਲਾ ਮਹਿਲ ਕਲਾਂ ਵਿਖੇ ਪਹੁੰਚਾ ਦਿੱਤਾ ਗਿਆ ਹੈ।
ਸੁਖਬੀਰ ਬਾਦਲ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਘੇਰੀ ਮਾਨ ਸਰਕਾਰ
NEXT STORY