ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਵੱਡੇ ਇਲਜ਼ਾਮ ਲਾਏ ਹਨ। ਮਜੀਠੀਆ ਨੇ ਕਿਹਾ ਕਿ ਇਹ ਪਹਿਲਾਂ ਤੋਂ ਗਿਣੀ-ਮਿੱਥੀ ਸਾਜ਼ਿਸ਼ ਸੀ, ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਰਚੀ ਗਈ, ਜਿਸ ’ਚ ਮੁੱਖ ਮੰਤਰੀ ਖੁਦ, ਗ੍ਰਹਿ ਮੰਤਰੀ ਰੰਧਾਵਾ ਤੇ ਡੀ. ਜੀ. ਪੀ. ਮੁੱਖ ਸਾਜ਼ਿਸ਼ਕਾਰ ਸਨ। ਉਨ੍ਹਾਂ ਕਿਹਾ ਕਿ ਕਦੇ ਵੀ ਕਿਸੇ ਪ੍ਰਧਾਨ ਮੰਤਰੀ ਨਾਲ ਇਹੋ ਜਿਹੀ ਘਟਨਾ ਨਹੀਂ ਵਾਪਰੀ ਕਿ ਉਨ੍ਹਾਂ ਨੂੰ 20 ਮਿੰਟ ਪੁਲ ’ਤੇ ਰੋਕੀ ਰੱਖਿਆ ਗਿਆ ਹੋਵੇ। ਜੇ ਮੁੱਖ ਮੰਤਰੀ ਚੰਨੀ ਹੁੰਦੇ ਜਾਂ ਪੰਜਾਬ ਪ੍ਰਦੇਸ਼ ਪ੍ਰਧਾਨ ਤਾਂ ਉਨ੍ਹਾਂ ਨੂੰ ਰਸਤਾ ਡਾਇਵਰਟ ਕਰਕੇ ਲਿਜਾਇਆ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇ ਉਹ ਪ੍ਰਧਾਨ ਮੰਤਰੀ ਨਾਲ ਅਜਿਹਾ ਕਰ ਸਕਦੇ ਹਨ ਤਾਂ ਮੈਂ ਤਾਂ ਇਨ੍ਹਾਂ ਲਈ ਕੁਝ ਵੀ ਨਹੀਂ ਹਾਂ।
ਇਹ ਵੀ ਪੜ੍ਹੋ : ਅਗਾਊਂ ਜ਼ਮਾਨਤ ਮਿਲਣ ਮਗਰੋਂ ਬੋਲੇ ਬਿਕਰਮ ਮਜੀਠੀਆ, ਕਿਹਾ-ਕਾਂਗਰਸ ਸਰਕਾਰ ਨੇ ਕਾਨੂੰਨ ਛਿੱਕੇ ਟੰਗਿਆ
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ’ਚ ਪੁਲਸ ਫੋਰਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਉਦੋਂ ਵੇਖਣ ਨੂੰ ਮਿਲਿਆ, ਜਦੋਂ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੇ ਹਾਲ ਹੀ ’ਚ ਫਿਰੋਜ਼ਪੁਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨਾਲ ਸਮਝੌਤਾ ਕਰਦਿਆਂ ਕਲੀਅਰੈਂਸ ਦਿੱਤੀ। ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਜਿਨ੍ਹਾਂ ਨੂੰ ਅਹੁਦੇ ਲਈ ਯੋਗ ਨਾ ਹੋਣ ਦੇ ਬਾਵਜੂਦ 20 ਦਿਨਾਂ ਵਾਸਤੇ ਇਹ ਅਹੁਦਾ ਦਿੱਤਾ ਗਿਆ, ਨੇ ਪੰਜਾਬ ਦਾ ਆਪਣੀਆਂ ਗੈਰ-ਜ਼ਿੰਮੇਵਾਰਾਨਾ ਕਾਰਵਾਈਆਂ ਨਾਲ ਬਹੁਤ ਵੱਡਾ ਨੁਕਸਾਨ ਕੀਤਾ ਹੈ। ਇਸ ਦੌਰਾਨ ਮਜੀਠੀਆ ਨੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਅਣਡਿੱਠ ਕਰਨ ਅਤੇ ਇਸ ਦੀ ਜ਼ਿੰਮੇਵਾਰੀ ਚੁੱਕਣ ਤੋਂ ਵੀ ਨਾਂਹ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸੀਂ ਵੇਖਿਆ ਹੈ ਕਿ ਕਿਵੇਂ ਜਿਹੜੇ ਵਿਅਕਤੀ ਹਾਰ ਪਾਉਣ ਆਏ ਸਨ, ਉਨ੍ਹਾਂ ਨੇ ਹੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਕਰ ਦਿੱਤੀ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਬੀਤੇ ਦਿਨ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਡਰੱਗ ਕੇਸ ’ਚ ਮਜੀਠੀਆ ਨੂੰ ਬਚਾਅ ਕੇ CM ਚੰਨੀ ਨੇ ਲਾਹਿਆ ਕਰਜ਼ਾ : ਭਗਵੰਤ ਮਾਨ
NEXT STORY