ਅੰਮ੍ਰਿਤਸਰ (ਛੀਨਾ) - ਕਾਂਗਰਸ ਚਾਹੇ ਜਿੰਨੇ ਮਰਜ਼ੀ ਜ਼ੁਲਮ ਕਰ ਲਵੇ ਪਰ ਉਹ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਤੇ ਵਰਕਰਾਂ ਦੇ ਹੌਸਲੇ ਪਸਤ ਨਹੀਂ ਕਰ ਸਕਦੀ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ 'ਚ ਧਰਨੇ ਉਪਰੰਤ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਲੋਕਾਂ ਨਾਲ ਕੀਤੇ ਗਏ ਸਭ ਵਾਅਦੇ ਪੂਰੇ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਮਜਬੂਰ ਕਰ ਦੇਵੇਗਾ। ਲੋਕ ਹਿੱਤਾਂ ਵਾਸਤੇ ਸ਼੍ਰੋਮਣੀ ਅਕਾਲੀ ਦਲ ਹਰ ਸੰਘਰਸ਼ ਕਰਨ ਨੂੰ ਤਿਆਰ ਹੈ ਤੇ ਉਸ ਲਈ ਸਰਕਾਰ ਚਾਹੇ ਪਾਣੀ ਦੀਆਂ ਬੌਛਾਰਾਂ ਮਾਰੇ ਜਾਂ ਸਾਡੇ ਸੀਨੇ 'ਚ ਗੋਲੀਆਂ ਦਾਗੇ, ਸਾਨੂੰ ਕੋਈ ਪ੍ਰਵਾਹ ਨਹੀਂ।
ਸ. ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੀ ਸੰਘਰਸ਼ਾਂ 'ਚੋਂ ਹੋਇਆ ਹੈ ਤੇ ਹਰ ਸੰਘਰਸ਼ ਤੋਂ ਬਾਅਦ ਅਕਾਲੀ ਦਲ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋ ਕੇ ਉਭਰਿਆ ਹੈ। ਇਸ ਮੌਕੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲੋਕ ਹਿੱਤਾਂ ਵਾਸਤੇ ਆਰੰਭੇ ਜਾਣ ਵਾਲੇ ਹਰ ਸੰਘਰਸ਼ 'ਚ ਫੈੱਡਰੇਸ਼ਨ ਮਹਿਤਾ ਚੱਟਾਨ ਵਾਂਗ ਨਾਲ ਖੜ੍ਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਹਰੇਕ ਵਧੀਕੀ ਦਾ ਮੂੰਹ-ਤੋੜਵਾਂ ਜਵਾਬ ਦਿੰਦਿਆਂ ਉਸ ਦੇ ਫਰੇਬੀ ਚਿਹਰੇ ਨੂੰ ਲੋਕਾਂ ਦੀ ਕਚਹਿਰੀ 'ਚ ਨੰਗਾ ਕੀਤਾ ਜਾਵੇਗਾ।
ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ, ਗਗਨਦੀਪ ਸਿੰਘ, ਦਵਿੰਦਰ ਸਿੰਘ ਬੌਬੀ ਖਾਨਕੋਟ, ਇੰਦਰਪਾਲ ਸਿੰਘ ਜੌਲੀ, ਜਗਪ੍ਰੀਤ ਸਿੰਘ ਮਣੀ, ਕਰਨਦੀਪ ਸਿੰਘ ਸੱਗੂ ਤੇ ਹੋਰ ਵੀ ਆਗੂ ਹਾਜ਼ਰ ਸਨ।
ਪੈਨਸ਼ਨਰਾਂ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY