ਬਠਿੰਡਾ (ਵਿਜੈ ਵਰਮਾ) : ਬਠਿੰਡਾ 'ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਨੇ ਮੰਗਲਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੇ ਇੱਕ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ 'ਤੇ ਬੁਲਡੋਜ਼ਰ ਚਲਾ ਕੇ ਉਸ ਨੂੰ ਢਾਹ ਦਿੱਤਾ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਪੁਲਸ ਮੁਤਾਬਕ ਥਾਣਾ ਸਿਵਲ ਲਾਈਨ ਅਧੀਨ ਕੱਚਾ ਧੋਬੀਆਣਾ ਦੇ ਰਹਿਣ ਵਾਲੇ ਨਸ਼ਾ ਤਸਕਰੀ ਦੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਸਮਰੱਥ ਅਥਾਰਟੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਤੋਂ ਬਾਅਦ ਢਾਹਿਆ ਗਿਆ। ਕਾਰਵਾਈ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਤੋਂ ਬਾਅਦ ਸਿਵਲ ਪ੍ਰਸ਼ਾਸਨ ਦੀ ਟੀਮ ਨੇ ਬੁਲਡੋਜ਼ਰ ਚਲਾ ਕੇ ਪੂਰੇ ਨਿਰਮਾਣ ਨੂੰ ਮਲਬੇ 'ਚ ਤਬਦੀਲ ਕਰ ਦਿੱਤਾ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਗੈਰ-ਕਾਨੂੰਨੀ ਨਿਰਮਾਣ ਹਟਾਉਣ ਲਈ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਸ ਨੇ ਹੁਕਮਾਂ ਦੀ ਅਣਦੇਖੀ ਕੀਤੀ। ਲਗਾਤਾਰ ਚਿਤਾਵਨੀਆਂ ਦੇ ਬਾਵਜੂਦ ਕਬਜ਼ਾ ਨਾ ਹਟਾਏ ਜਾਣ ਕਾਰਨ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਪਈ। ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਹੁਣ ਤੱਕ ਜ਼ਿਲ੍ਹੇ 'ਚ 18 ਗੈਰ-ਕਾਨੂੰਨੀ ਇਮਾਰਤਾਂ ਨੂੰ ਢਾਹਿਆ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ 1 ਮਾਰਚ 2025 ਤੋਂ ਹੁਣ ਤੱਕਵੱਖ-ਵੱਖ ਮਾਮਲਿਆਂ ਵਿੱਚ 2,703 ਕੇਸ ਦਰਜ ਕਰਕੇ 3,889 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 103 ਵੱਡੇ ਨਸ਼ਾ ਤਸਕਰ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2023 ਤੋਂ ਹੁਣ ਤੱਕ 89 ਮੁਲਜ਼ਮਾਂ ਦੀ ਲਗਭਗ 14.34 ਕਰੋੜ ਰੁਪਏ ਮੁੱਲ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਸ ਤਰ੍ਹਾਂ ਦੀ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ
NEXT STORY