ਮਾਲੇਰਕੋਟਲਾ (ਜ਼ਹੂਰ): ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਦਿਆਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਾਲੇਰਕੋਟਲਾ ਪੁਲਸ ਨੇ ਮੁਹੱਲਾ ਸਦੇਵਾਲਾ ਵਿਖੇ ਦੋ ਭਰਾਵਾਂ ’ਤੇ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਸਿਫ਼ ਅਲੀ ਉਰਫ਼ ਲੁਹਾਰ, ਮੁਹੰਮਦ ਰਫ਼ੀਕ ਉਰਫ਼ ਨੰਨੂ ਅਤੇ ਸੁਭਾਗ ਉਰਫ਼ ਕੱਕੂ (ਸਾਰੇ ਵਾਸੀ ਮਾਲੇਰਕੋਟਲਾ) ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ 25 ਸਤੰਬਰ 2026 ਨੂੰ ਵਾਪਰੀ ਸੀ, ਜਿਥੇ ਮਾਮੂਲੀ ਵਿਵਾਦ ਤੋਂ ਬਾਅਦ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਅਤੇ ਉਸ ਦੇ ਭਰਾ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਡੀ.ਐੱਸ.ਪੀ. ਮਨਵੀਰ ਸਿੱਧੂ ਦੀ ਨਿਗਰਾਨੀ ਹੇਠ ਅਤੇ ਥਾਣਾ ਸਿਟੀ-1 ਦੇ ਐੱਸ.ਐੱਚ.ਓ. ਦੀ ਅਗਵਾਈ ਹੇਠ ਤੁਰੰਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ।
ਪੁਲਸ ਨੇ ਤਕਨੀਕੀ ਅਤੇ ਜ਼ਮੀਨੀ ਪੱਧਰ ’ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਸਿਟੀ-1, ਮਾਲੇਰਕੋਟਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਐੱਸ.ਐੱਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਜ਼ਿਲੇ ਵਿਚ ਅਮਨ-ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
NEXT STORY