ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੂੰ 'ਭ੍ਰਿਸ਼ਟਾਚਾਰ ਦਾ ਕੇਂਦਰ' ਕਰਾਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਹਲਕੇ ਦੇ ਅਧੀਨ ਆਉਂਦੇ ਮੋਹਾਲੀ ਦੇ ਪਿੰਡ ਸੈਣੀ ਮਾਜਰਾ ਵਿਚ ਗਮਾਡਾ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ 'ਤੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਗਮਾਡਾ ਅਫ਼ਸਰਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਤਕ ਦੇ ਦਿੱਤੀ ਹੈ।
ਮਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿੰਡ ਦੇ ਲੋਕ ਸ਼ਿਕਾਇਤ ਕਰ ਰਹੇ ਹਨ ਕਿ ਗਮਾਡਾ ਦੀ ਇਹ ਕਾਰਵਾਈ ਪੱਖਪਾਤੀ ਹੈ। ਜਿਹੜੇ ਦੁਕਾਨਦਾਰ ਅਫ਼ਸਰਾਂ ਨੂੰ ਰਿਸ਼ਵਤ ਦਿੰਦੇ ਹਨ, ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੁੰਦੀ ਤੇ ਜਿਹੜੇ ਅਜਿਹਾ ਨਹੀਂ ਕਰਦੇ, ਉਨ੍ਹਾਂ ਦੀਆਂ ਦੁਕਾਨਾਂ ਤੋੜ ਦਿੱਤੀਆਂ ਜਾਂਦੀਆਂ ਹਨ। ਕੰਗ ਨੇ ਕਿਹਾ ਕਿ ਉਨ੍ਹਾਂ ਨੇ ਗਮਾਡਾ ਦੇ ਅਫ਼ਸਰਾਂ ਨੂੰ ਫ਼ੋਨ ਕਰ ਕੇ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕਰਨ ਲਈ ਕਿਹਾ ਸੀ ਕਿ ਜੇਕਰ ਨਾਜਾਇਜ਼ ਕਬਜ਼ੇ ਹਟਾਉਣੇ ਹਨ ਤਾਂ ਸਾਰਿਆਂ ਦੇ ਹੀ ਹਟਾਈ ਜਾਣ, ਨਹੀਂ ਤਾਂ ਸਾਰਿਆਂ ਨੂੰ ਹੀ ਚੇਤਾਵਨੀ ਦੇ ਕੇ ਛੱਡ ਦਿੱਤਾ ਜਾਵੇ।
ਸੰਸਦ ਮੈਂਬਰ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਗਮਾਡਾ ਵਿਚ ਭ੍ਰਿਸ਼ਟਾਚਾਰ ਬਹੁਤ ਵਧ ਗਿਆ ਹੈ, ਇਸ ਲਈ ਭ੍ਰਿਸ਼ਟ ਅਫ਼ਸਰਾਂ ਵਿਰੁੱਧ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੀਤੀ ਰਾਤ ਇਸ ਮੁੱਦੇ 'ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ ਨਾਲ ਵੀ ਗੱਲ ਕੀਤੀ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਗ਼ਰੀਬ ਦੁਕਾਨਦਾਰਾਂ 'ਤੇ ਹੋ ਰਹੇ ਇਸ ਜ਼ੁਲਮ ਨੂੰ ਰੋਕਣ ਅਤੇ ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।
ਜਲੰਧਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਨੌਜਵਾਨ ਨੇ ਕੀਤਾ ਵੱਡਾ ਕਾਂਡ
NEXT STORY