ਗਿੱਦੜਬਾਹਾ (ਚਾਵਲਾ, ਕੁਲਭੂਸ਼ਨ) - ਬੀਤੇ ਦਿਨੀਂ ਪਿੰਡ ਖੁੰਨਣ ਖੁਰਦ ਵਿਖੇ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਲਿਆਂਦਾ ਗਿਆ ਹੈ, ਜਿਥੇ ਮ੍ਰਿਤਕ ਦੇ ਭਰਾ ਜਗਜੀਤ ਸਿੰਘ ਜੀਤਾ ਅਤੇ ਉਸ ਦੀ ਮਾਤਾ ਗੁਰਮੇਲ ਕੌਰ ਨੇ ਦੱਸਿਆ ਕਿ ਮ੍ਰਿਤਕ ਜਗਸੀਰ ਸਿੰਘ ਉਰਫ਼ ਜੱਗਾ ਇਕੱਲਾ ਹੀ ਘਰ ਵਿਚ ਕਮਾਉਣ ਵਾਲਾ ਸੀ ਅਤੇ ਉਹ ਹੀ ਉਨ੍ਹਾਂ ਦੋਵਾਂ ਦਾ ਅਤੇ ਆਪਣੀ ਨਾਨੀ ਜੋ ਉਨ੍ਹਾਂ ਕੋਲ ਹੀ ਰਹਿ ਰਹੀ ਦਾ ਦਿਹਾੜੀ ਕਰ ਕੇ ਪੇਟ ਭਰਦਾ ਸੀ ਅਤੇ ਆਰਥਿਕ ਤੰਗੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਹ ਨਸ਼ਾ ਵੀ ਕਰਨ ਲੱਗ ਪਿਆ ਸੀ ਅਤੇ ਬੀਤੇ ਦਿਨ ਉਸ ਨੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕਰ ਲਈ। ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਕਾਲਾ ਸਿੰਘ ਖੁੰਨਣ ਖੁਰਦ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਅਤੇ ਭਰਾ ਦੋਵੇਂ ਅਪਾਹਿਜ ਹਨ ਅਤੇ ਕੰਮ ਕਰਨ ਤੋਂ ਅਸਮਰੱਥ ਹਨ ਅਤੇ ਜਗਸੀਰ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਰੋਟੀ ਦਾ ਜੁਗਾੜ ਕਰਨਾ ਔਖਾ ਹੋ ਜਾਵੇਗਾ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
ਇਸ ਮਾਮਲੇ ਸਬੰਧੀ ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਇਕਬਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਬਹੁਤਾਤ ਜਾਂ ਕਿਸੇ ਦੌਰੇ ਕਾਰਨ ਹੋ ਸਕਦੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਪੁਲਸ ਨੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ।
ਦੋ ਕਾਰਾਂ-ਟਰੈਕਟਰ ਦੀ ਟੱਕਰ, 5 ਜ਼ਖਮੀ
NEXT STORY