ਜਲੰਧਰ (ਚਾਵਲਾ) : ਦਿੱਲੀ ਦੇ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਧਾਨ ਸਭਾ ਦਾ ਇਕ ਰੋਜ਼ਾ ਇਜਲਾਸ ਸੱਦਿਆ ਜਾਵੇ। ਸਪੀਕਰ ਨੂੰ ਲਿਖੇ ਇਕ ਪੱਤਰ 'ਚ ਉਨ੍ਹਾਂ ਕਿਹਾ ਕਿ ਇਸ ਸਾਲ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਰੇ ਭਾਰਤ ਭਰ 'ਚ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਭਾਰਤ ਸਰਕਾਰ ਵਿਸ਼ਵ ਭਰ 'ਚ ਭਾਰਤੀ ਸਫਾਰਤਖਾਨਿਆਂ ਰਾਹੀਂ ਇਹ ਪ੍ਰਕਾਸ਼ ਪੁਰਬ ਮਨਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਸਾਰੇ ਵਿਸ਼ਵ 'ਚ ਗੁਰਪੁਰਬ ਮਨਾਇਆ ਜਾ ਰਿਹਾ ਹੈ ਤਾਂ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਅਸੀਂ ਵੀ ਵਿਧਾਨ ਸਭਾ ਦਾ ਇਕ ਵਿਸ਼ੇਸ਼ ਇਜਲਾਸ ਸੱਦੀਏ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਫਲਸਫੇ 'ਤੇ ਚਰਚਾ ਕਰੀਏ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਿਰਫ ਸਿੱਖਾਂ ਦੇ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਦੇ ਗੁਰੂ ਸਨ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੇ ਇਸ ਦੀ ਮੌਜੂਦਾ ਸਮਾਜ ਦੇ ਸੰਦਰਭ ਵਿਚ ਮਹੱਤਤਾ 'ਤੇ ਚਰਚਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚਾਰ-ਵਟਾਂਦਰੇ ਸਦਕਾ ਆਪਸੀ ਸਦਭਾਵਨਾ, ਭਾਈਚਾਰੇ ਦੀ ਮਜ਼ਬੂਤੀ ਤੇ ਮਨੁੱਖਤਾ ਦਾ ਸੰਦੇਸ਼ ਜਾਵੇਗਾ ਜੋ ਕਿ ਸਮੇਂ ਦੀ ਜ਼ਰੂਰਤ ਵੀ ਹੈ।
ਆਜ਼ਾਦੀ ਦੀ ਲੜਾਈ 'ਚ ਪੰਜਾਬ ਦੀ ਧਰਤੀ ਦਾ ਰਿਹਾ ਅਹਿਮ ਰੋਲ: ਰਜ਼ੀਆ ਸੁਲਤਾਨਾ
NEXT STORY