ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ। ਵੜਿੰਗ ਨੇ ਲੁਧਿਆਣਾ ਨਗਰ-ਨਿਗਮ ਅਤੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀਆਂ ਬੰਬ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਜ ਪੰਜਾਬ ਭੈਅ ਅਤੇ ਅਸੁਰੱਖਿਆ ਦੇ ਸਾਏ ਹੇਠ ਜੀ ਰਿਹਾ ਹੈ।
ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਸਰਕਾਰੀ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਪੁਲਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਕਤਲ ਕੀਤੇ ਜਾ ਰਹੇ ਹਨ ਤਾਂ ਇਕ ਆਮ ਨਾਗਰਿਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦਾ ਹੈ? ਵੜਿੰਗ ਨੇ ਦੱਸਿਆ ਕਿ ਤਾਜ਼ਾ ਧਮਕੀਆਂ ਦੀ ਜ਼ਿੰਮੇਵਾਰੀ ਕਥਿਤ ਤੌਰ 'ਤੇ 'ਖਾਲਿਸਤਾਨ ਨੈਸ਼ਨਲ ਆਰਮੀ' ਵੱਲੋਂ ਲਈ ਗਈ ਹੈ, ਜਦਕਿ ਅੰਮ੍ਰਿਤਸਰ ਵਿਚ ਇਕ ਏ.ਐਸ.ਆਈ. ਦੇ ਕਤਲ ਦੀ ਜ਼ਿੰਮੇਵਾਰੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਸੀ, ਜੋ ਪੰਜਾਬ ਦੀ ਅੰਦਰੂਨੀ ਸੁਰੱਖਿਆ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਸਰਕਾਰ ਦੀ ਕਾਰਜਪ੍ਰਣਾਲੀ 'ਤੇ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੁੱਤੀ ਹੋਈ ਜਾਪਦੀ ਹੈ ਅਤੇ ਸਿਰਫ਼ ਇਸ਼ਤਿਹਾਰਾਂ ਅਤੇ ਸੋਸ਼ਲ ਮੀਡੀਆ ਵੀਡੀਓਜ਼ ਦੇ ਸਹਾਰੇ ਸਰਕਾਰ ਚਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਿਆਸੀ ਦਿਖਾਵਾ ਛੱਡ ਕੇ ਜਨਤਾ ਦਾ ਵਿਸ਼ਵਾਸ ਬਹਾਲ ਕਰਨ ਲਈ ਤੁਰੰਤ ਅਤੇ ਠੋਸ ਕਾਰਵਾਈ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਧਮਕੀਆਂ ਅਤੇ ਕਤਲਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ।
ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
NEXT STORY