ਮਾਨਸਾ (ਸੰਦੀਪ ਮਿੱਤਲ) : ਕੇਂਦਰੀ ਫੂਡ ਪ੍ਰੋਸੈਸਿੰਗ ਸਨਅਤ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਅਧਿਕਾਰੀ ਵੱਲੋਂ ਦਾਖਲ ਕੀਤੀ ਚਾਰਜਸ਼ੀਟ ਨੂੰ 'ਸਿਟ' ਟੀਮ ਦੇ ਸੀਨੀਅਰ ਮੈਂਬਰਾਂ ਵੱਲੋਂ ਰੱਦ ਕੀਤੇ ਜਾਣ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਸ ਕਾਰਵਾਈ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਆਸੀਕਰਨ ਕਰਨ 'ਤੇ ਮੁੱਖ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਲੈ ਕੇ ਤੁਰੰਤ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਉਹ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਬੀਬਾ ਬਾਦਲ ਨੇ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਜੀ 'ਤੇ ਹੱਥ ਰੱਖ ਕੇ ਝੂਠੀ ਸਹੁੰ ਖਾਣ ਵਾਲੇ ਮੁੱਖ ਮੰਤਰੀ ਦਾ ਪਹਿਲਾਂ ਵੀ ਪਰਦਾਫਾਸ਼ ਹੋ ਚੁੱਕਿਆ ਹੈ। ਹੁਣ 'ਸਿਟ' ਦੀ ਸਮੁੱਚੀ ਟੀਮ ਵੱਲੋਂ ਪੁਲਸ ਕਾਰਵਾਈ ਦੀ ਜਾਂਚ ਦੇ ਸਿਆਸੀਕਰਨ ਖਿਲਾਫ ਉਠਾਈ ਆਵਾਜ਼ ਨਾਲ ਮੁੱਖ ਮੰਤਰੀ ਦੀ ਦੁਬਾਰਾ ਪੋਲ ਖੁੱਲ੍ਹ ਗਈ ਹੈ। ਜਾਂਚ ਟੀਮ ਨੇ ਇਹ ਗੱਲ ਵੀ ਸਾਹਮਣੇ ਲਿਆਂਦੀ ਹੈ ਕਿ ਮੁੱਖ ਮੰਤਰੀ ਦੇ ਚਹੇਤੇ ਆਈ. ਜੀ. ਕੁੰਵਰ ਵਿਜੇ ਨੇ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਤੋਂ ਪਤਾ ਚੱਲ ਗਿਆ ਹੈ ਕਿ ਇਸ ਜਾਂਚ ਦਾ ਕਿੰਨਾ ਕੁ ਸਿਆਸੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਵਾਂਗ ਇਹ ਚਾਰਜਸ਼ੀਟ ਵੀ ਕਾਂਗਰਸ ਭਵਨ ਵਿਚ ਬੈਠ ਕੇ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਅਖੀਰ 'ਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਕਿਉਂਕਿ ਲੋਕ ਸਭਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਖ਼ਿਲਾਫ ਕੀਤੇ ਕੂੜ ਪ੍ਰਚਾਰ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਤੇ ਬੇਅਦਬੀ ਦੇ ਮੁੱਦੇ ਦਾ ਸਿਆਸੀਕਰਨ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਾਅਦਾ ਪੂਰਾ ਨਾ ਕਰਨ ਕਰਕੇ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾ ਕੇ ਕਾਂਗਰਸ ਨੂੰ ਦਰਸ਼ਾ ਦਿੱਤਾ ਹੈ ਕਿ ਅਸਲ ਚੌਕੀਦਾਰ ਜਾਂ ਚੋਰ ਕੌਣ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਸਭ ਤੋਂ ਹਰਮਨ ਪਿਆਰੇ ਪ੍ਰਧਾਨ ਮੰਤਰੀ ਹਨ। ਜਿਨ੍ਹਾਂ ਦੀ ਦੂਰ-ਅੰਦੇਸ਼ੀ ਸੋਚ ਸਦਕਾ ਦੇਸ਼ ਹੁਣ ਵਿਕਾਸਸ਼ੀਲ ਦੇਸ਼ਾਂ ਦੇ ਮੁਕਾਬਲੇ ਅੱਗੇ ਵੱਧ ਰਿਹਾ ਹੈ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਪ੍ਰੇਮ ਅਰੋੜਾ, ਹਨੀ ਮਾਨਸ਼ਾਹੀਆ ਆਦਿ ਹਾਜ਼ਰ ਸਨ।
ਮੁਹੰਮਦ ਸਦੀਕ ਨੇ ਵੋਟਰਾਂ ਦਾ ਧਨੰਵਾਦ ਕਰਦਿਆਂ ਜਾਣੋਂ ਕੀ ਕੀਤਾ ਵੱਡਾ ਵਾਅਦਾ
NEXT STORY