ਮਾਨਸਾ (ਸੰਦੀਪ ਮਿੱਤਲ) : ਪੰਜਾਬ ਵਿਚ 4 ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅਸਤੀਫੇ ਦੇਣ ਅਤੇ 2 ਵਿਧਾਇਕਾਂ ਦੇ ਲੋਕ ਸਭਾ ਚੋਣ ਜਿੱਤਣ 'ਤੇ ਹੁਣ ਸੂਬੇ 'ਚ 6 ਵਿਧਾਨ ਸਭਾ ਸੀਟਾਂ ਉੱਪਰ ਜ਼ਿਮਨੀ ਚੋਣਾਂ ਹੋਣੀਆਂ ਲਗਭਗ ਤੈਅ ਹੋ ਗਈਆਂ ਹਨ, ਜਿਸ ਤਹਿਤ ਪੰਜਾਬ ਹੁਣ ਮੁੜ ਆਉਂਦੇ ਕੁਝ ਮਹੀਨਿਆਂ 'ਚ ਚੋਣਾਂ 'ਚ ਰੁੱਝ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਵਿਧਾਇਕ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਕੈਂਥ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਹੁਣ ਇਨ੍ਹਾਂ ਦੋਵਾਂ ਹਲਕਿਆਂ 'ਚ ਜਿਥੇ ਜ਼ਿਮਨੀ ਚੋਣਾਂ ਹੋਣੀਆਂ ਤੈਅ ਹਨ, ਉਥੇ ਹੀ ਮਾਨਸਾ, ਭੁਲੱਥ, ਰੋਪੜ, ਦਾਖਾ ਆਦਿ ਹਲਕਿਆਂ ਦੇ 'ਆਪ' ਵਿਧਾਇਕਾਂ ਵੱਲੋਂ ਅਸਤੀਫੇ ਦੇਣ 'ਤੇ ਪੰਜਾਬ 'ਚ ਕੁੱਲ 6 ਵਿਧਾਨ ਸਭਾ ਹਲਕਿਆਂ ਵਿਚ ਜਲਦ ਹੀ ਜ਼ਿਮਨੀ ਚੋਣਾਂ ਹੋਣਗੀਆਂ। ਜਦੋਂਕਿ ਵਿਧਾਨ ਸਭਾ ਹਲਕਾ ਮਾਨਸਾ ਤੋਂ 'ਆਪ' ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਸਤੀਫਾ ਦੇ ਕੇ ਕਾਂਗਰਸ 'ਚ ਸ਼ਾਮਲ ਹੋ ਚੁੱਕੇ ਹਨ। ਜਦੋਂਕਿ ਹਲਕਾ ਦਾਖਾ ਤੋਂ 'ਆਪ' ਵਿਧਾਇਕ ਐੱਚ. ਐੱਸ. ਫੂਲਕਾ ਅਤੇ ਭੁਲੱਥ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ ਵੀ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸੌਂਪ ਚੁੱਕੇ ਹਨ।
ਵਰਨਣਯੋਗ ਹੈ ਕਿ ਮੌਜੂਦਾ ਵਿਧਾਇਕ ਵਿਧਾਨ ਸਭਾ ਹਲਕਾ ਜੈਤੋ ਤੋਂ 'ਆਪ' ਵਿਧਾਇਕ ਬਲਦੇਵ ਸਿੰਘ ਵੀ ਲੋਕ ਸਭਾ ਫਰੀਦਕੋਟ ਰਾਖਵੀਂ ਸੀਟ ਤੋਂ, ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਕਾਂਗਰਸੀ ਉਮੀਦਵਾਰ ਵਜੋਂ ਲੋਕ ਸਭਾ ਹਲਕਾ ਬਠਿੰਡਾ ਸੀਟ, ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਲੋਕ ਸਭਾ ਹਲਕਾ ਬਠਿੰਡਾ, ਆਮ ਆਦਮੀ ਪਾਰਟੀ ਦੀ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੀ ਬਠਿੰਡਾ ਲੋਕ ਸਭਾ ਹਲਕੇ, ਜਲਾਲਾਬਾਦ ਤੋਂ ਅਕਾਲੀ ਦਲ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਫਿਰੋਜ਼ਪੁਰ, ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਪੀ. ਡੀ. ਏ. ਵੱਲੋਂ ਲੋਕ ਸਭਾ ਹਲਕਾ ਲੁਧਿਆਣਾ, ਲਹਿਰਾਗਾਗਾ ਦੇ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਲੋਕ ਸਭਾ ਹਲਕਾ ਸੰਗਰੂਰ, ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਲੋਕ ਸਭਾ ਹਲਕਾ ਹੁਸ਼ਿਆਰਪੁਰ, ਫਗਵਾੜਾ ਤੋਂ ਬੀ. ਜੇ. ਪੀ. ਵਿਧਾਇਕ ਸੋਮ ਪ੍ਰਕਾਸ਼ ਕੈਂਥ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਸਨ ਪਰ ਇਨ੍ਹਾਂ 'ਚੋਂ ਸਿਰਫ 2 ਵਿਧਾਇਕ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੋਮ ਪ੍ਰਕਾਸ਼ ਕੈਂਥ ਹੀ ਚੋਣ ਜਿੱਤਣ 'ਚ ਸਫਲ ਰਹੇ ਹਨ। ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਤਿੰਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰੋ. ਬਲਜਿੰਦਰ ਕੌਰ ਅਤੇ ਸੁਖਪਾਲ ਸਿੰਘ ਖਹਿਰਾ ਚੋਣ ਹਾਰ ਗਏ ਹਨ।
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੋਤੀ ਮਹਿਲ ਜਾ ਕੇ ਦਿੱਤੀ ਪ੍ਰਨੀਤ ਕੌਰ ਨੂੰ ਵਧਾਈ
NEXT STORY