ਤਰਨਤਾਰਨ (ਰਾਜੂ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਸਰਾਏ ਅਮਾਨਤ ਖਾਂ ਵਿਖੇ ਵਿਆਹੁਤਾ ਵਲੋਂ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਪੁਲਸ ਵਲੋਂ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਦਰਸ਼ਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪੱਧਰੀ ਕਲਾਂ ਨੇ ਦੱਸਿਆ ਕਿ ਉਸ ਦੀ ਧੀ ਹਰਮੀਤ ਕੌਰ ਦੀ ਸ਼ਾਦੀ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਚੈਂਚਲ ਸਿੰਘ ਵਾਸੀ ਸਰਾਏ ਅਮਾਨਤ ਖਾਂ ਨਾਲ ਹੋਈ ਸੀ। ਵਿਆਹ ਤੋਂ ਬਾਅਦ ਉਸ ਦੀ ਧੀ ਨੂੰ ਸਹੁਰੇ ਪਰਿਵਾਰ ਵਲੋਂ ਘੱਟ ਦਾਜ ਦੀ ਬਿਨਾਅ ’ਤੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦਾ ਸਹੁਰਾ ਪਰਿਵਾਰ ਕੁੜੀ ਦੀ ਕੁੱਟਮਾਰ ਵੀ ਕਰਦਾ ਰਹਿੰਦਾ ਸੀ।
ਉਕਤ ਨੇ ਦੱਸਿਆ ਕਿ ਅੱਜ ਜਦੋਂ ਉਹ ਕੰਮ ’ਤੇ ਮੌਜੂਦ ਸੀ ਤਾਂ ਉਸ ਦੀ ਧੀ ਦੇ ਸਹੁਰੇ ਚੈਂਚਲ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੀ ਧੀ ਬੀਮਾਰ ਹੈ ਅਤੇ ਕੁਝ ਬੋਲ ਨਹੀਂ ਰਹੀ, ਜਿਸ ’ਤੇ ਉਹ ਤੁਰੰਤ ਕੁੜੀ ਦੇ ਸਹੁਰੇ ਘਰ ਗਏ ਤਾਂ ਵੇਖਿਆ ਕਿ ਉਸ ਦੀ ਲਾਸ਼ ਬਰਾਂਡੇ ਵਿਚ ਪਈ ਸੀ। ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੀ ਧੀ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਰਵਿੰਦਰ ਸਿੰਘ ਉਰਫ ਰਵੀ, ਚੈਂਚਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਅਤੇ ਪ੍ਰਭਜੀਤ ਕੌਰ ਵਾਸੀਆਨ ਸਰਾਏ ਅਮਾਨਤ ਖਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
NEXT STORY