ਫ਼ਤਿਹਗੜ੍ਹ ਸਾਹਿਬ (ਬਿਪਨ): ਸਰਹਿੰਦ ਵਿਖੇ ਸਥਿਤ ਮੈਡੀਕਲ ਦੀ ਦੁਕਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਪ੍ਰੈਗਾ ਕੈਪਸੂਲ ਸਮੇਤ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਸ਼ਰੇਆਮ ਵੇਚੇ ਜਾਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਕਿ ਉਕਤ ਦੁਕਾਨ 'ਤੇ ਬਿਨਾਂ ਡਾਕਟਰੀ ਪਰਚੀ ਤੋਂ ਨਸ਼ੀਲੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਵਾਇਰਲ ਵੀਡੀਓ ਹੋਣ ਤੋਂ ਬਾਅਦ ਡਰੱਗ ਇੰਸਪੈਕਟਰ ਨਵਦੀਪ ਅਤੇ ਡੀ.ਐੱਸ.ਪੀ. ਫਤਿਹਗੜ੍ਹ ਸਾਹਿਬ ਕੁਲਬੀਰ ਸਿੰਘ ਮੌਕੇ 'ਤੇ ਪਹੁੰਚੇ। ਹਾਲਾਂਕਿ, ਜਾਂਚ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਦੁਕਾਨਦਾਰ ਆਪਣੀ ਦੁਕਾਨ ਬੰਦ ਕਰਕੇ ਮੌਕੇ ਤੋਂ ਚਲਾ ਗਿਆ ਸੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਡਰੱਗ ਇੰਸਪੈਕਟਰ ਨਵਦੀਪ ਨੇ ਦੱਸਿਆ ਕਿ ਉਕਤ ਜਿੰਦਲ ਮੈਡੀਕੋਸ਼ ਸਟੋਰ ਦੀ ਪਹਿਲਾਂ ਵੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਦੇ ਆਧਾਰ 'ਤੇ ਜਾਂਚ ਕਰਕੇ ਦੁਕਾਨਦਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਕੁਝ ਗੰਭੀਰ ਕਮੀਆਂ ਪਾਈਆਂ ਗਈਆਂ ਹਨ ਅਤੇ ਜਲਦ ਹੀ ਵਿਭਾਗ ਵੱਲੋਂ ਮੈਡੀਕਲ ਸਟੋਰ ਦਾ ਲਾਇਸੈਂਸ ਮੁਅੱਤਲ (ਸਸਪੈਂਡ) ਕਰ ਦਿੱਤਾ ਜਾਵੇਗਾ। ਨਵਦੀਪ ਨੇ ਕਿਹਾ ਸਥਾਨਕ ਕੈਮਿਸਟ ਐਸੋਸੀਏਸ਼ਨ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੰਗਾਮੀ ਮੀਟਿੰਗ ਕੀਤੀ ਅਤੇ ਦੁਕਾਨ ਨੂੰ ਬੰਦ ਕਰਵਾ ਦਿੱਤਾ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਦਾ ਸਾਥ ਨਹੀਂ ਦਿੱਤਾ ਜਾਵੇਗਾ।
ਡੀ.ਐੱਸ.ਪੀ. ਕੁਲਬੀਰ ਸਿੰਘ ਅਨੁਸਾਰ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਪੁਲਸ ਹਰਕਤ ਵਿਚ ਆਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਟੀਮ ਅਤੇ ਡਰੱਗ ਵਿਭਾਗ ਵਲੋਂ ਸੰਯੁਕਤ ਰੂਪ ਵਿਚ ਕਾਨੂੰਨ ਮੁਤਾਬਕ ਬਣਦੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
NEXT STORY