ਅੰਮ੍ਰਿਤਸਰ/ਚੰਡੀਗੜ੍ਹ : ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਦੇ ਵੱਡੇ ਸ਼ਹਿਰਾਂ ਦਾ ਹਾਣੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਲਈ ਸਾਡੇ ਕੋਲ ਵੱਡੀਆਂ ਯੋਜਨਾਵਾਂ ਹਨ ਅਤੇ ਛੇਤੀ ਹੀ ਇਨਾਂ ਉਤੇ ਅਮਲ ਸ਼ੁਰੂ ਕਰਕੇ ਅੰਮ੍ਰਿਤਸਰ ਨੂੰ ਦੇਸ਼ ਦਾ ਬਿਹਤਰੀਨ ਸ਼ਹਿਰ ਬਣਾਇਆ ਜਾਵੇਗਾ। ਅੱਜ ਅੰਮਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕਲੋਨਾਈਜ਼ਰਾਂ ਤੇ ਰੈਜੀਡੈਂਸ਼ੀਅਲ ਵੈਲਫੇਅਰ ਸੁਸਾਇਟੀਆਂ ਦੇ ਮੈਂਬਰਾਂ ਨਾਲ ਕੀਤੀਆਂ ਵਿਸਥਾਰਪੂਰਵਕ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਦੀ ਨੀਤੀ ਨੂੰ ਸਪੱਸ਼ਟ ਕਰਦਿਆਂ ਅਰੋੜਾ ਨੇ ਕਿਹਾ ਕਿ ਸਰਕਾਰ ਕਿਸੇ ਵੀ ਗੈਰਕਾਨੂੰਨੀ ਕੰਮ ਨੂੰ ਉਤਸ਼ਾਹਿਤ ਨਹੀਂ ਕਰੇਗੀ ਅਤੇ ਨਾਜਾਇਜ਼ ਕਾਲੋਨੀਆਂ ਵੀ ਉਨ੍ਹਾਂ ਵਿਚੋਂ ਇਕ ਹਨ।
ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਸ਼ਹਿਰੀ ਵਿਕਾਸ ਤੇ ਹਾਊਸਿੰਗ ਵਿਭਾਗ ਦੇ ਸਕੱਤਰ ਅਜੋਏ ਸਿਨਹਾ, ਏ.ਡੀ.ਏ. ਦੇ ਮੁਖੀ ਦੀਪ ਸ਼ਿਖਾ, ਸਹਾਇਕ ਮੁਖੀ ਰਜਤ ਓਬਰਾਏ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਨਾਂ ਕਿਹਾ ਕਿ ਮੈਂ ਸਾਰੇ ਕਾਲੋਨਾਈਜ਼ਰਾਂ ਨੂੰ ਸਪੱਸ਼ਟ ਦੱਸਣਾ ਚਾਹੁੰਦਾ ਹਾਂ ਕਿ ਕੋਈ ਵੀ ਕਾਲੋਨਾਈਜ਼ਰ ਪੁੱਡਾ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਸ਼ਹਿਰ/ਕਸਬੇ ਵਿੱਚ ਕਾਲੋਨੀ ਨਾ ਕਟੇ। ਉਨ੍ਹਾਂ ਆਮ ਲੋਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਕੋਈ ਵੀ ਨਾਗਰਿਕ ਨਾਜਾਇਜ਼ ਕਾਲੋਨੀ ਵਿੱਚ ਘਰ ਬਣਾਉਣ ਦਾ ਸੁਪਨਾ ਲੈ ਕੇ ਪਲਾਟ ਨਾ ਖਰੀਦੇ, ਕਿਉਂਕਿ ਸਰਕਾਰ ਅਜਿਹੀਆਂ ਕਾਲੋਨੀਆਂ ਅਤੇ ਕਾਲੋਨਾਈਜਰਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਡਾ. ਨਿੱਝਰ ਵਲੋਂ ਸਿੱਧਵਾਂ ਨਹਿਰ ਦੀ ਸਫ਼ਾਈ ਤੇ ਨਹਿਰ ਦੁਆਲੇ ਚੇਨ ਲਿੰਕਡ ਵਾੜ ਲਗਾਉਣ ਦੇ ਕੰਮਾਂ ਦੀ ਸ਼ੁਰੂਆਤ
ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਅਤੇ ਕਾਲੋਨਾਈਜ਼ਰ ਦੀ ਮੰਗ ਅਨੁਸਾਰ ਨਵੀਂ ਨੀਤੀ ਬਣਾਈ ਹੈ ਜਿਸ ਦੇ ਦਾਇਰੇ ਵਿਚ ਰਹਿ ਕੇ ਸਾਰੀਆਂ ਧਿਰਾਂ ਕੰਮ ਕਰਨ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੋ ਵੀ ਨਾਜਾਇਜ਼ ਕਾਲੋਨੀ ਕੱਟੀ ਗਈ ਹੈ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੇ ਵਿਭਾਗ ਵਲੋਂ ਭਵਿੱਖ ਵਿੱਚ ਕੋਈ ਵੀ ਗੈਰ ਕਾਨੂੰਨੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਅਸੀਂ 5773 ਅਜਿਹੇ ਪਿੰਡ ਜਿਥੇ ਕਾਲੋਨੀ ਕਟਣ ਦੀ ਸੰਭਾਵਨਾ ਨਹੀਂ ਹੈ ਨੂੰ ਐਨ.ਓ.ਸੀ. ਤੋਂ ਛੋਟ ਦੇ ਦਿੱਤੀ ਹੈ। ਪਰ ਬਾਕੀਆਂ ਲਈ ਐਨ.ਓ.ਸੀ. ਜ਼ਰੂਰੀ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ 14 ਹਜ਼ਾਰ ਦੇ ਕਰੀਬ ਗੈਰ ਕਾਨੂੰਨੀ ਕਾਲੋਨੀਆਂ ਪੰਜਾਬ ਵਿੱਚ ਉਸਰ ਚੁਕੀਆਂ ਹਨ, ਜਿਨਾਂ ਤੱਕ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਵੀ ਇਕ ਵੱਡੀ ਚੁਣੌਤੀ ਬਣੀ ਹੋਈ ਹੈ ਅਤੇ ਕਿਸੇ ਹੰਗਾਮੀ ਹਾਲਤ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਵੀ ਨਹੀਂ ਜਾ ਸਕਦੀ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪਿਛਲੇ 9 ਮਹੀਨੇ ਦੇ ਕਾਰਜਕਾਲ ਵਿੱਚ ਐਕਸਾਈਜ, ਜੀ.ਐਸ.ਟੀ. ਸਮੇਤ ਸਾਰੇ ਖੇਤਰਾਂ ਵਿੱਚ ਆਪਣੀ ਆਮਦਨ ਵਧਾਈ ਹੈ ਅਤੇ ਭਵਿੱਖ ਵਿੱਚ ਹੋਰ ਪੈਸਾ ਕਮਾ ਕੇ ਲੋਕਾਂ ’ਤੇ ਖਰਚ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਅਮਨ ਅਰੋੜਾ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ। ਦੋਵੇਂ ਮੰਤਰੀ ਸਾਹਿਬਾਨ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਕੀਰਤਰ ਸਰਵਨ ਕੀਤਾ ਅਤੇ ਅਰਦਾਸ ਵਿੱਚ ਸ਼ਾਮਲ ਹੋਏ। ਪ੍ਰਬੰਧਕਾਂ ਵਲੋਂ ਮੰਤਰੀ ਸਾਹਿਬਾਨ ਨੂੰ ਯਾਦਗਾਰੀ ਚਿੰਨ੍ਹ, ਕਿਤਾਬਾਂ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਨਗਰ ਕੀਰਤਨ ਦੌਰਾਨ ਹੋਈ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 4 ਨੌਜਵਾਨ ਜ਼ਖ਼ਮੀ
NEXT STORY