ਫਿਰੋਜ਼ਪੁਰ (ਕੁਮਾਰ) : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਚਲਾਈ ਮੁਹਿੰਮ ਤਹਿਤ ਅੱਜ ਦੂਜੇ ਦਿਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੀ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਰਹੀਮਾਂ ਕੇ, ਸਰਕਾਰੀ ਪ੍ਰਾਇਮਰੀ ਸਕੂਲ ਹਜ਼ਾਰੇ ਵਾਲਾ ਅਤੇ ਫਿਰੋਜ਼ਪੁਰ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਆਦਿ ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੱਧਦੇ ਹੋਏ ਪੰਜਾਬ ਤੇ ਆਪਣੇ ਮਾਤਾ-ਪਿਤਾ ਦਾ ਨਾਮ ਵਿਸ਼ਵ ਭਰ ਵਿੱਚ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵੀ ਉਤਸ਼ਾਹਿਤ ਕੀਤਾ ਕਿ ਉਹ ਆਪਣਾ ਫਰਜ਼ ਪੂਰਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਉਣ ਲਈ, ਜਿਸ ਨਾਲ ਪੰਜਾਬ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਵੱਧ ਕੇ ਫਿਰ ਤੋਂ ਸੋਨੇ ਦੀ ਚਿੜੀ ਬਣ ਸਕੇ।
ਇਹ ਵੀ ਪੜ੍ਹੋ- ਮੁੜ ਗਰਮਾਇਆ ਜ਼ੀਰਾ ਸ਼ਰਾਬ ਫੈਕਟਰੀ ਦਾ ਮੁੱਦਾ, ਭਰੇ ਗਏ ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ
ਮੰਤਰੀ ਹਰਜੋਤ ਬੈਂਸ ਕਿਸ਼ਤੀ ’ਤੇ ਸਵਾਰ ਹੋ ਕੇ ਸਤਲੁਜ ਦਰਿਆ ਦੇ ਕੰਢੇ ਟਾਪੂਨੁਮਾ ਪਿੰਡ ਕਾਲੂਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਗਏ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀ ਵਾਲਾ ਦਾ ਦੌਰਾ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ 15 ਲੱਖ ਰੁਪਏ ਦੀ ਗਰਾਂਟ ਨਾਲ ਉਸਾਰੇ ਗਏ ਇਸ ਸਕੂਲ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਲੂ ਵਾੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਇਨ੍ਹਾਂ ਸਰਹੱਦੀ ਪਿੰਡਾਂ ਦੇ ਬੱਚੇ ਪੜ੍ਹਾਈ ਅਤੇ ਖੇਡਾਂ 'ਚ ਅੱਗੇ ਵਧ ਸਕਣ। ਮੰਤਰੀ ਬੈਂਸ ਨੇ ਕਾਲੂ ਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਰਸੋਈ ਦੀ ਉਸਾਰੀ ਲਈ ਗਰਾਂਟ ਦਿੰਦਿਆਂ ਕਿਹਾ ਕਿ ਸਰਹੱਦੀ ਪਿੰਡ ਕਾਲੂ ਵਾੜਾ ਦੇ ਬੱਚਿਆਂ ਨੂੰ ਪੜ੍ਹਾਈ ਲਈ ਕਿਸ਼ਤੀ ਰਾਹੀਂ ਸਕੂਲ ਜਾਣਾ ਪੈਂਦਾ ਹੈ ਅਤੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਜਲਦੀ ਤੋਂ ਜਲਦੀ ਇੱਥੇ ਪੁਲ ਬਣਾਉਣ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
ਮੰਤਰੀ ਹਰਜੋਤ ਬੈਂਸ ਨੇ ਆਖਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਨੂੰ ਕਿਤਾਬਾਂ ਉਪਲਬਧ ਕਰਵਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਪਿੰਡ ਦੇ ਲੋਕਾਂ ਅਤੇ ਬੱਚਿਆਂ ਦੀਆਂ ਸਿੱਖਿਆ ਸਬੰਧੀ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਬੈਂਸ ਬੋਲੇ ਕਿ ਅੱਜ ਦੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਤੋਂ ਇਲਾਵਾ ਉਨ੍ਹਾਂ ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਦੇ ਵਿਕਾਸ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਭਰ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਮ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਐੱਨ. ਜੀ. ਓਜ਼ ਦਾ ਸਹਿਯੋਗ ਲੈ ਕੇ ਆਪਣੇ ਸਕੂਲਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਸਕੂਲਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੀ ਦੇ ਬੱਚਿਆਂ ਦੇ ਖੇਡਣ ਲਈ ਗਰਾਊਂਡ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
NEXT STORY